ਵਿਧਾਇਕ ਰੰਧਾਵਾ ਵੱਲੋਂ ਉੱਦਮੀ ਔਰਤਾਂ ਦਾ ਸਨਮਾਨ
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਡੇਰਾਬੱਸੀ ਵਿਚ ਵਿਸ਼ਾਲ ਸਮਾਗਮ,
Publish Date: Thu, 05 Mar 2026 06:00 PM (IST)
Updated Date: Thu, 05 Mar 2026 06:03 PM (IST)

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਡੇਰਾਬੱਸੀ ’ਚ ਵਿਸ਼ਾਲ ਸਮਾਗਮ ਕਰਵਾਇਆ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਕਮਿਊਨਿਟੀ ਸੈਂਟਰ ਡੇਰਾਬੱਸੀ ਵਿਖੇ ਆਉਣ ਵਾਲੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ’ਤੇ ਕਰਵਾਏ ਗਏ ਵਿਸ਼ਾਲ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ’ਚ ਵੱਡੀ ਗਿਣਤੀ ’ਚ ਔਰਤਾਂ ਨੇ ਹਿੱਸਾ ਲਿਆ। ਸਮਾਗਮ ਦੌਰਾਨ ਵਿਧਾਇਕ ਰੰਧਾਵਾ ਵੱਲੋਂ ਸੈਂਕੜਿਆਂ ਤੋਂ ਵੱਧ ਉੱਦਮੀ, ਸਮਾਜਿਕ ਅਤੇ ਵੱਖ-ਵੱਖ ਖੇਤਰਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੀਆਂ ਔਰਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਦੀ ਮਹਿਲਾ ਹਰ ਖੇਤਰ ਵਿਚ ਆਪਣੀ ਮਿਹਨਤ, ਸਮਰਪਣ ਅਤੇ ਯੋਗਤਾ ਦੇ ਬਲ ’ਤੇ ਨਵੀਆਂ ਉਚਾਈਆਂ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਪ੍ਰਸ਼ਾਸਨ, ਕਾਰੋਬਾਰ, ਖੇਤੀਬਾੜੀ ਅਤੇ ਖੇਡਾਂ ਸਮੇਤ ਹਰ ਖੇਤਰ ਵਿਚ ਮਹਿਲਾਵਾਂ ਨੇ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਦੇਸ਼ ਦੀ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸ ਵੇਲੇ ਸੰਭਵ ਹੈ, ਜਦੋਂ ਉਸ ਸਮਾਜ ਦੀਆਂ ਮਹਿਲਾਵਾਂ ਸਸ਼ਕਤ ਅਤੇ ਖ਼ੁਦਮੁਖਤਿਆਰ ਹੋਣ। ਇਸ ਲਈ ਮਹਿਲਾਵਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਆਤਮਨਿਰਭਰ ਬਣਾਉਣ ਵੱਲ ਖ਼ਾਸ ਧਿਆਨ ਦੇਣਾ ਲਾਜ਼ਮੀ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਹਿਲਾਵਾਂ ਨੂੰ ਆਰਥਿਕ, ਸਮਾਜਿਕ ਅਤੇ ਸਿੱਖਿਆਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਅਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਮਹਿਲਾਵਾਂ ਨੂੰ ਸਮਾਜ ਵਿਚ ਬਰਾਬਰੀ ਦਾ ਦਰਜਾ ਦੇਣਾ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਲਈ ਹਰ ਸੰਭਵ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਸਮਾਗਮ ਵਿਚ ਮੌਜੂਦ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਰਹਿਣ ਅਤੇ ਆਪਣੇ ਹੌਸਲੇ ਅਤੇ ਕਾਬਲੀਅਤ ਨਾਲ ਸਮਾਜ ਵਿਚ ਆਪਣੀ ਮਜ਼ਬੂਤ ਪਛਾਣ ਬਣਾਉਣ। ਇਸ ਮੌਕੇ ਉਨ੍ਹਾਂ ਨੇ ਸਨਮਾਨਿਤ ਕੀਤੀਆਂ ਗਈਆਂ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਉਪਲਬੱਧੀਆਂ ਹੋਰ ਮਹਿਲਾਵਾਂ ਲਈ ਪ੍ਰੇਰਣਾ ਦਾ ਸਰੋਤ ਹਨ। ਸਮਾਗਮ ਦੌਰਾਨ ਵੱਖ-ਵੱਖ ਔਰਤਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਮਾਜ ਵਿਚ ਮਹਿਲਾਵਾਂ ਦੀ ਭੂਮਿਕਾ ਬਾਰੇ ਚਰਚਾ ਕੀਤੀ। ਸਮਾਗਮ ਦਾ ਮਕਸਦ ਮਹਿਲਾਵਾਂ ਨੂੰ ਸਨਮਾਨ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਹੋਰ ਉਤਸ਼ਾਹਤ ਕਰਨਾ ਵੀ ਸੀ ਤਾਂ ਜੋ ਉਹ ਆਪਣੇ ਖੇਤਰ ਵਿਚ ਹੋਰ ਵਧੀਆ ਪ੍ਰਦਰਸ਼ਨ ਕਰ ਸਕਣ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਆਸ਼ੂ ਉਪਨੇਜਾ, ਮਾਲਵਾ ਈਸਟ ਜ਼ੋਨ ਪ੍ਰਧਾਨ ਸਵਰਨਜੀਤ ਕੌਰ, ਜ਼ਿਲ੍ਹਾ ਪ੍ਰਧਾਨ ਕਸ਼ਮੀਰ ਕੌਰ, ਹਲਕਾ ਕੋਆਰਡੀਨੇਟਰ ਕੁਲਦੀਪ ਕੌਰ ਸਮੇਤ ਬਲਾਕ ਕੋਆਰਡੀਨੇਟਰ ਅਤੇ ਹੋਰ ਆਗੂ ਵੀ ਮੌਜੂਦ ਰਹੇ। ਉਨ੍ਹਾਂ ਨੇ ਵੀ ਆਪਣੇ ਸੰਬੋਧਨ ਦੌਰਾਨ ਮਹਿਲਾਵਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੇ ਬਿਨਾਂ ਸਮਾਜ ਦੀ ਤਰੱਕੀ ਅਧੂਰੀ ਹੈ। ਸਮਾਗਮ ਦੇ ਅੰਤ ਵਿਚ ਸਨਮਾਨਿਤ ਕੀਤੀਆਂ ਗਈਆਂ ਮਹਿਲਾਵਾਂ ਨੇ ਵਿਧਾਇਕ ਰੰਧਾਵਾ ਅਤੇ ਆਯੋਜਕਾਂ ਦਾ ਧੰਨਵਾਦ ਕੀਤਾ ਅਤੇ ਇਸ ਤਰ੍ਹਾਂ ਦੇ ਸਮਾਗਮਾਂ ਨੂੰ ਮਹਿਲਾਵਾਂ ਲਈ ਹੌਸਲਾ ਅਫ਼ਜ਼ਾਈ ਵਾਲਾ ਕਦਮ ਕਰਾਰ ਦਿੱਤਾ।