ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Sat, 31 Jan 2026 07:28 PM (IST)
Updated Date: Sat, 31 Jan 2026 07:31 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਧੰਨ-ਧੰਨ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਆਗਾਮੀ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹੋਏ, ਡੇਰਾਬੱਸੀ ਬਲਾਕ ਦੇ ਅਧੀਨ ਪੈਂਦੇ ਪਿੰਡ ਪਰਾਗਪੁਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਅਤੇ ਖੇਤਰ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਕੀਤੀ ਗਈ। ਸੁੰਦਰ ਪਾਲਕੀ ਸਾਹਿਬ ਨੂੰ ਫੁੱਲਾਂ ਨਾਲ ਬਹੁਤ ਹੀ ਮਨਮੋਹਕ ਢੰਗ ਨਾਲ ਸਜਾਇਆ ਗਿਆ ਸੀ। ਇਸ ਮੌਕੇ ਪਰਾਗਪੁਰ ਅਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਸੈਂਕੜੇ ਸੰਗਤ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੌਰਾਨ ਕੀਰਤਨੀ ਜਥਿਆਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਜੀਵਨ ਇਤਿਹਾਸ ਦਾ ਗਾਇਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਗੱਤਕਾ ਪਾਰਟੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਉਂਦੇ ਹੋਏ ਸਭ ਦਾ ਮਨ ਮੋਹ ਲਿਆ। ਸੰਗਤ ਵੱਲੋਂ ਰਸਤੇ ਵਿਚ ਵੱਖ-ਵੱਖ ਤਰ੍ਹਾਂ ਦੇ ਲੰਗਰ (ਚਾਹ, ਪਕੌੜੇ, ਫ਼ਲ ਅਤੇ ਮਠਿਆਈਆਂ) ਲਾਏ ਗਏ। ਨਗਰ ਕੀਰਤਨ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਪ੍ਰਬੰਧਕਾਂ ਨੇ ਦੱਸਿਆ ਕਿ ਇਹ ਸਮਾਗਮ ਸਤਿਗੁਰੂ ਜੀ ਵੱਲੋਂ ਦਰਸ਼ਾਏ ਗਏ ਮਾਨਵਤਾ, ਬਰਾਬਰੀ ਅਤੇ ਸਾਂਝੀਵਾਲਤਾ ਦੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਨਗਰ ਕੀਰਤਨ ਦੀ ਸਮਾਪਤੀ ਤੇ ਸੇਵਾਦਾਰਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।