ਬੇਹੜਾ-ਸਮਗੌਲੀ ਰੋਡ 'ਤੇ ਪਿਆ ਵੱਡਾ ਟੋਇਆ ਦੇ ਰਿਹਾ ਹਾਦਸਿਆਂ ਨੂੰ ਸੱਦਾ ਬੇਹੜਾ-ਸਮਗੌਲੀ ਰੋਡ 'ਤੇ ਪਿਆ ਵੱਡਾ ਟੋਆ ਦੇ ਰਿਹਾ ਹਾਦਸਿਆਂ ਨੂੰ ਸੱਦਾ,
Publish Date: Sun, 20 Sep 2026 08:18 PM (IST)
Updated Date: Mon, 21 Sep 2026 04:11 AM (IST)
ਪਿੰਡ ਵਾਸੀਆਂ ਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਹਲਕੇ ਦੇ ਸਭ ਤੋਂ ਵੱਧ ਵਿਅਸਤ ਮੰਨੇ ਜਾਂਦੇ ਬੇਹੜਾ-ਸਮਗੌਲੀ ਮਾਰਗ ਤੇ ਪਏ ਇਕ ਵੱਡੇ ਟੋਏ ਕਾਰਨ ਲਗਾਤਾਰ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸੜਕ ਮਹਿਜ਼ ਕੁਝ ਮਹੀਨੇ ਪਹਿਲਾਂ ਹੀ ਨਵੀਂ ਤਿਆਰ ਕੀਤੀ ਗਈ ਸੀ, ਪਰ ਨਿਰਮਾਣ ਦੇ ਕੁਝ ਸਮੇਂ ਬਾਅਦ ਹੀ ਵਿਚਕਾਰ ਪਏ ਡੂੰਘੇ ਟੋਏ ਨੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਅਤੇ ਸੜਕ ਦੇ ਨਿਰਮਾਣ ਮਿਆਰ ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਇਸ ਮਾਰਗ ਤੇ ਦਿਨ-ਰਾਤ ਭਾਰੀ ਆਵਾਜਾਈ ਰਹਿੰਦੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕੁਝ ਮਹੀਨੇ ਪਹਿਲਾਂ ਬਣੀ ਨਵੀਂ ਸੜਕ ਦੀ ਅਚਾਨਕ ਹਾਲਤ ਖ਼ਰਾਬ ਹੋ ਗਈ, ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਸਮੱਸਿਆ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੇ। ਸੜਕ ਵਿਚਕਾਰ ਪਏ ਇਸ ਟੋਏ ਕਾਰਨ ਖ਼ਾਸ ਕਰਕੇ ਰਾਤ ਦੇ ਸਮੇਂ ਅਤੇ ਦੁਪਹੀਆ ਵਾਹਨ ਚਾਲਕਾਂ ਲਈ ਕਿਸੇ ਸਮੇਂ ਵੀ ਕੋਈ ਵੱਡਾ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਸਥਾਨਕ ਪਿੰਡ ਵਾਸੀਆਂ ਨੇ ਸਰਕਾਰ ਅਤੇ ਸਬੰਧਤ ਵਿਭਾਗ ਖ਼ਿਲਾਫ਼ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦਾ ਇੰਤਜ਼ਾਰ ਕਰ ਰਿਹਾ ਹੈ। ਬਾਰ-ਬਾਰ ਧਿਆਨ ਦਿਵਾਉਣ ਦੇ ਬਾਵਜੂਦ ਅਧਿਕਾਰੀ ਅੱਖਾਂ ਮੀਚ ਕੇ ਬੈਠੇ ਹਨ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਇਸ ਟੋਏ ਦੀ ਤੁਰੰਤ ਮੁਰੰਮਤ ਕੀਤੀ ਜਾਵੇ ਅਤੇ ਘਟੀਆ ਨਿਰਮਾਣ ਸਮੱਗਰੀ ਵਰਤਣ ਵਾਲੇ ਠੇਕੇਦਾਰ ਤੇ ਜ਼ਿੰਮੇਵਾਰ ਅਧਿਕਾਰੀਆਂ ਤੇ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।