ਪਰਾਲੀ ਦੀਆਂ ਗੰਢਾਂ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਰਾਲੀ ਦੀਆਂ ਗੰਢਾਂ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
Publish Date: Fri, 17 Apr 2026 07:30 PM (IST)
Updated Date: Fri, 17 Apr 2026 07:33 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਮੁਬਾਰਕਪੁਰ ਬੱਸ ਅੱਡੇ ਨੇੜੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਪਰਾਲੀ ਦੀਆਂ ਗੰਢਾਂ ਨਾਲ ਲੱਦੀ ਇਕ ਟਰਾਲੀ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਅਸਮਾਨ ਵਿਚ ਧੂੰਏਂ ਦੇ ਗੁਬਾਰ ਉੱਠਣੇ ਸ਼ੁਰੂ ਹੋ ਗਏ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ਅਫ਼ਸਰ ਬਲਜੀਤ ਸਿੰਘ ਨੇ ਦੱਸਿਆ ਕਿ ਪਰਾਲੀ ਦੀਆਂ ਗੰਢਾਂ ਨਾਲ ਓਵਰਲੋਡ ਹੋਈ ਇਹ ਟਰਾਲੀ ਜਦੋਂ ਮੁਬਾਰਕਪੁਰ ਬੱਸ ਅੱਡੇ ਦੇ ਮੁੱਖ ਮਾਰਗ ਤੋਂ ਲੰਘ ਰਹੀ ਸੀ, ਤਾਂ ਅਚਾਨਕ ਪਰਾਲੀ ਨੂੰ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਡਰਾਈਵਰ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ। ਆਸ-ਪਾਸ ਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਇਹ ਟਰਾਲੀ ਡੇਰਾਬੱਸੀ ਤੋਂ ਨਚੀਕੇਤਾ ਪੇਪਰ ਮਿਲ ਵੱਲ ਜਾ ਰਹੀ ਸੀ। ਸੂਚਨਾ ਮਿਲਦੇ ਹੀ ਡੇਰਾਬੱਸੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ। ਫਾਇਰ ਕਰਮਚਾਰੀਆਂ ਨੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਜੇਕਰ ਅੱਗ ਤੇ ਜਲਦੀ ਕਾਬੂ ਨਾ ਪਾਇਆ ਜਾਂਦਾ ਤਾਂ ਨੇੜੇ ਸਥਿਤ ਦੁਕਾਨਾਂ ਅਤੇ ਬਿਜਲੀ ਦੀਆਂ ਤਾਰਾਂ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ। ਖ਼ੁਸ਼ਕਿਸਮਤੀ ਨਾਲ ਟਰਾਲੀ ਚਾਲਕ ਸਮੇਂ ਸਿਰ ਹੇਠਾਂ ਉਤਰ ਗਿਆ ਅਤੇ ਨੇੜੇ ਖੜ੍ਹੇ ਲੋਕਾਂ ਨੇ ਵੀ ਤੁਰੰਤ ਦੂਰੀ ਬਣਾ ਲਈ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਲਾਂਕਿ, ਇਸ ਘਟਨਾ ਕਾਰਨ ਕੁਝ ਸਮੇਂ ਲਈ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਹੋਈ, ਜਿਸ ਨੂੰ ਬਾਅਦ ਵਿਚ ਪੁਲਿਸ ਪ੍ਰਸ਼ਾਸਨ ਨੇ ਬਹਾਲ ਕਰਵਾਇਆ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਬਿਜਲੀ ਦੀਆਂ ਨੀਵੀਆਂ ਤਾਰਾਂ ਨਾਲ ਰਗੜ ਲੱਗਣ ਜਾਂ ਕਿਸੇ ਹੋਰ ਤਕਨੀਕੀ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ।