ਮੁਹਾਲੀ ’ਚ ਕੂੜੇ ਦੀ ਸਮੱਸਿਆ ਦਾ ਛੇਤੀ ਹੋਵੇਗਾ ਸਥਾਈ ਹੱਲ! ਮੁਹਾਲੀ ’ਚ ਕੂੜੇ ਦੀ ਸਮੱਸਿਆ ਦਾ ਛੇਤੀ ਹੋਵੇਗਾ ਸਥਾਈ ਹੱਲ!
Publish Date: Fri, 06 Nov 2026 07:54 PM (IST)
Updated Date: Fri, 06 Nov 2026 07:56 PM (IST)
-ਪਿੰਡ ਸਮਗੌਲੀ ’ਚ ਜਲਦੀ ਸ਼ੁਰੂ ਹੋਵੇਗਾ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ -ਆਰਐੱਮਸੀ ਪੁਆਇੰਟਾਂ ਤੋਂ ਕੂੜਾ ਇਕੱਠਾ ਕਰਨ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ -ਮੀਟਿੰਗ ’ਚ 9 ਕਰੋੜ ਦੇ ਵਿਕਾਸ ਕਾਰਜ ਪਾਸ, 30 ਕਰੋੜ ਦੇ ਕੰਮਾਂ ਦੇ ਐਸਟੀਮੇਟ ਕੀਤੇ ਤਿਆਰ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਸ਼ਹਿਰ ’ਚ ਲੰਬੇ ਸਮੇਂ ਤੋਂ ਚੱਲ ਰਹੀ ਕੂੜੇ ਦੀ ਸਮੱਸਿਆ ਦਾ ਜਲਦ ਹੀ ਸਥਾਈ ਹੱਲ ਹੋਣ ਦੀ ਉਮੀਦ ਜਾਗੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਕੂੜੇ ਦੇ ਢੇਰਾਂ ਅਤੇ ਆਰਐੱਮਸੀ ਪੁਆਇੰਟਾਂ ਤੋਂ ਸਮੇਂ ਸਿਰ ਕੂੜਾ ਨਾ ਚੁੱਕੇ ਜਾਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਨਗਰ ਨਿਗਮ ਵੱਲੋਂ ਵੱਡੇ ਪੱਧਰ ’ਤੇ ਠੋਸ ਕਦਮ ਚੁੱਕਣ ਦੀ ਤਿਆਰੀ ਕਰ ਲਈ ਹੈ। ਇਹ ਜਾਣਕਾਰੀ ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਵਿੱਤ ਤੇ ਠੇਕਾ ਕਮੇਟੀ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸਮਗੌਲੀ ’ਚ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਨੂੰ ਜਲਦੀ ਚਾਲੂ ਕੀਤਾ ਜਾਵੇਗਾ। ਪਲਾਂਟ ਦੀ ਅਧੂਰੀ ਚਾਰਦੀਵਾਰੀ ਅਤੇ ਸੜਕ ਦਾ ਨਿਰਮਾਣ ਵੀ ਛੇਤੀ ਸ਼ੁਰੂ ਕਰਵਾਇਆ ਜਾਵੇਗਾ। ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਤੋਂ ਬਾਅਦ ਪਲਾਂਟ ਨੂੰ ਚਾਲੂ ਕਰਨ ਦਾ ਰਾਹ ਸਾਫ਼ ਹੋ ਜਾਵੇਗਾ। ਮੀਟਿੰਗ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ, ਕੂੜਾ ਪ੍ਰਬੰਧਨ ਅਤੇ ਵੱਖ-ਵੱਖ ਵਾਰਡਾਂ ’ਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਕਈ ਅਹਿਮ ਮਤਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ’ਚ ਸਭ ਤੋਂ ਅਹਿਮ ਮੁੱਦਾ ਸਮਗੌਲੀ ’ਚ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਨੂੰ ਜਲਦ ਚਾਲੂ ਕਰਨ ਦਾ ਰਿਹਾ। ਜ਼ਿਕਰਯੋਗ ਹੈ ਕਿ ਸ਼ਹਿਰ ’ਚ ਕੂੜੇ ਦੇ ਨਿਪਟਾਰੇ ਦੀ ਸਮੱਸਿਆ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕਈ ਇਲਾਕਿਆਂ ’ਚ ਆਰਐੱਮਸੀ ਪੁਆਇੰਟਾਂ ’ਤੇ ਕੂੜਾ ਇਕੱਠਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਨਿਗਮ ਇਸ ਸਮੱਸਿਆ ਦੇ ਪੱਕੇ ਹੱਲ ਲਈ ਸਮਗੌਲੀ ਪਲਾਂਟ ਨੂੰ ਚਾਲੂ ਕਰਨ ਵੱਲ ਕਦਮ ਵਧਾ ਰਿਹਾ ਹੈ। ਪਲਾਂਟ ਦੀ ਅਧੂਰੀ ਚਾਰਦੀਵਾਰੀ ਅਤੇ ਸੜਕ ਦਾ ਕੰਮ ਪੂਰਾ ਹੋਣ ਤੋਂ ਬਾਅਦ ਇੱਥੇ ਕੂੜਾ ਪ੍ਰਬੰਧਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਮੁਹਾਲੀ ਨਿਗਮ ਨੂੰ ਉਮੀਦ ਹੈ ਕਿ ਪਲਾਂਟ ਦੇ ਚਾਲੂ ਹੋਣ ਨਾਲ ਸ਼ਹਿਰ ’ਚ ਕੂੜਾ ਇਕੱਠਾ ਕਰਨ ਅਤੇ ਨਿਪਟਾਰੇ ਨਾਲ ਜੁੜੀਆਂ ਸਮੱਸਿਆਵਾਂ ਨੂੰ ਕਾਫ਼ੀ ਹੱਦ ਤੱਕ ਹੱਲ ਕੀਤਾ ਜਾ ਸਕੇਗਾ ਅਤੇ ਕੂੜੇ ਦੇ ਢੇਰਾਂ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਮੇਅਰ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਲਈ ਕਰੀਬ 9 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਕੰਮਾਂ ’ਚ ਸੜਕਾਂ ਦਾ ਨਿਰਮਾਣ, ਮੁਰੰਮਤ, ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਹੋਰ ਜ਼ਰੂਰੀ ਵਿਕਾਸ ਕੰਮ ਸ਼ਾਮਲ ਹਨ। ਨਾਲ ਹੀ 30 ਕਰੋੜ ਦੇ ਹੋਰ ਵਿਕਾਸ ਕਾਰਜਾਂ ਲਈ ਐਸਟੀਮੇਟ ਤਿਆਰ ਕੀਤੇ ਗਏ। ਮੀਟਿੰਗ ’ਚ ਨਿਗਮ ਕਮਿਸ਼ਨਰ ਸੰਦੀਪ ਸਿੰਘ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਚੀਫ਼ ਇੰਜੀਨੀਅਰ ਨਰੇਸ਼ ਬੱਤਾ, ਐਸਈ ਕਮਲਜੀਤ ਸਿੰਘ, ਕਮੇਟੀ ਮੈਂਬਰ ਗੁਰਮੀਤ ਕੌਰ, ਸਮੇਤ ਹੋਰ ਕੌਂਸਲਰ ਅਤੇ ਅਧਿਕਾਰੀ ਮੌਜੂਦ ਸਨ। ਬਾਕਸ : ਫੇਜ਼-5 ਵਿਚ ਹਫ਼ਤਾਵਾਰੀ ਸਬਜ਼ੀ ਮੰਡੀ ਜਬਰੀ ਬੰਦ ਕਰਵਾਉਣ ਦੇ ਮਾਮਲੇ ’ਤੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਤੰਜ ਕੱਸਦਿਆਂ ਕਿਹਾ ਕਿ ਕੁਝ ਰਾਜਨੀਤਿਕ ਆਗੂ ਇਸ ਮੁੱਦੇ ਨੂੰ ਸਿਆਸੀ ਰੰਗ ਦੇ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁੱਦਿਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਦੇਖਣ ਦੀ ਲੋੜ ਹੈ। ਇਸ ਮੀਟਿੰਗ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਵਿਕਾਸ ਕਾਰਜਾਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਸਮਗੌਲੀ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਚਾਲੂ ਹੋਣ ਨਾਲ ਕੂੜੇ ਦੀ ਸਮੱਸਿਆ ਹੱਲ ਦੀ ਉਮੀਦ ਦੇ ਨਾਲ 39 ਕਰੋੜ ਦੇ ਵਿਕਾਸ ਕੰਮ ਅਤੇ ਐਸਟੀਮੇਟ ਤਿਆਰ ਹੋਣ ਨਾਲ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲਣ ਦੀ ਆਸ ਬੱਝੀ ਹੈ।