ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ
Publish Date: Mon, 21 Sep 2026 06:26 PM (IST)
Updated Date: Tue, 22 Sep 2026 04:06 AM (IST)
ਵੱਡੀ ਗਿਣਤੀ ’ਚ ਸੰਗਤ ਪੁੱਜੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਲੁਧਿਆਣਾ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜੀਵਨ ਬ੍ਰਿਤਾਂਤ ਬਾਰੇ ਜਾਣਕਾਰੀ ਦਿੱਤੀ। ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਤਪਾਲ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਅਮਰਜੀਤ ਸਿੰਘ ਖਾਲਸਾ, ਅੰਬਾਲੇ ਵਾਲੀਆਂ ਬੀਬੀਆਂ ਦਾ ਢਾਡੀ ਜਥਾ, ਬੀਬੀ ਮਨਜਿੰਦਰ ਕੌਰ ਫਗਵਾੜਾ ਵਾਲੇ, ਭਾਈ ਬਲਜਿੰਦਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਭਾਈ ਜਗਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ, ਪ੍ਰਚਾਰਕ ਭਾਈ ਜਤਿੰਦਰ ਸਿੰਘ, ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਵੱਡੀ ਗਿਣਤੀ ’ਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।