500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨਾਲ ਰੁਸ਼ਨਾਇਆ ਅਸਮਾਨ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ
Publish Date: Tue, 29 Sep 2026 09:20 PM (IST)
Updated Date: Tue, 29 Sep 2026 09:21 PM (IST)
-ਸਰਕਾਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ : ਕੁਲਵੰਤ ਸਿੰਘ -ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਲਈ ਲਿਆ ਆਧੁਨਿਕ ਡਿਜੀਟਲ ਤਕਨੀਕ ਦਾ ਸਹਾਰਾ - ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਮੰਗਲਵਾਰ ਦੇਰ ਸ਼ਾਮ ਦੁਸਹਿਰਾ ਗਰਾਉਂਡ, ਸੈਕਟਰ-79 ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਰੌਸ਼ਨੀਆਂ ਨਾਲ ਚਮਕ ਰਹੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫ਼ੇ ਨੂੰ ਦਿਲਕਸ਼ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰ ਸੰਗਤ ਨੂੰ ਰੂਹਾਨੀ ਅਨੰਦ ਨਾਲ ਭਰ ਦਿੱਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਏਡੀਸੀ (ਜ) ਸ੍ਰੀਮਤੀ ਗੀਤਿਕਾ ਸਿੰਘ, ਐਸਡੀਐਮ ਦਮਨਦੀਪ ਕੌਰ, ਡੀਐਸਪੀ ਹਰਸਿਮਰਨ ਸਿੰਘ ਬੱਲ, ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ। ਸੰਗਤ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਵਿਲੱਖਣ ਡਰੋਨ ਸ਼ੋਅ ਦਾ ਆਨੰਦ ਮਾਣਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਬਰਾਬਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਵਰਗੀ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਦਾ ਫ਼ਲਸਫ਼ਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮਨੁੱਖ ਨੂੰ ਚੰਗੇ ਕਰਮਾਂ ਅਤੇ ਉੱਚੇ ਆਚਰਣ ਦਾ ਮਾਰਗ ਦਿਖਾਇਆ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਸਮਾਗਮ ਦੌਰਾਨ ਭਾਈ ਜਸਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਅੰਬ ਸਾਹਿਬ ਦੇ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਵੱਡੀ ਗਿਣਤੀ ’ਚ ਪਹੁੰਚੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਸਬ ਰਜਿਸਟਰਾਰ ਹਰਸ਼ ਗਰਗ ਅਤੇ ਹਰਮਨਜੋਤ ਚੀਮਾ, ਸਟੇਟ ਐਵਾਰਡੀ ਫੂਲਰਾਜ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਬੜਾ, ਰਣਦੀਪ ਸਿੰਘ ਬੈਦਵਾਨ ਤੇ ਵੱਡੀ ਗਿਣਤੀ ’ਚ ਸੰਗਤ ਵੀ ਮੌਜੂਦ ਸੀ।