ਤੇਜ਼ ਰਫ਼ਤਾਰ ਟਿੱਪਰ ਨੇ ਕਾਰ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
ਤੇਜ਼ ਰਫ਼ਤਾਰ ਟਿੱਪਰ ਨੇ ਕਾਰ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
Publish Date: Fri, 13 Feb 2026 07:37 PM (IST)
Updated Date: Fri, 13 Feb 2026 07:39 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਮੁਬਾਰਕਪੁਰ-ਪੰਡਵਾਲਾ ਚੌਕ ਤੇ ਉਸ ਸਮੇਂ ਇਕ ਵੱਡਾ ਹਾਦਸਾ ਹੋਣੋਂ ਟਲ਼ ਗਿਆ, ਜਦੋਂ ਇਕ ਬੇਕਾਬੂ ਅਤੇ ਤੇਜ਼ ਰਫ਼ਤਾਰ ਟਿੱਪਰ ਨੇ ਇਕ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਪਰ ਖੁਸ਼ਕਿਸਮਤੀ ਰਹੀ ਕਿ ਕਾਰ ਸਵਾਰਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਦੌਰਾਨ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹਗੀਰਾਂ ਨੇ ਦੱਸਿਆ ਕਿ ਇਕ ਟਿੱਪਰ ਕਾਫ਼ੀ ਤੇਜ਼ ਰਫ਼ਤਾਰ ਵਿਚ ਸੀ ਅਤੇ ਚੌਕ ਦੇ ਨੇੜੇ ਸੰਤੁਲਨ ਵਿਗੜਨ ਕਾਰਨ ਸਿੱਧਾ ਕਾਰ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਇਕ ਹਿੱਸਾ ਪੂਰੀ ਤਰ੍ਹਾਂ ਪਿਚਕ ਗਿਆ। ਹਾਦਸੇ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਕਾਰ ਸਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਇਸ ਟੱਕਰ ਵਿਚ ਕਾਰ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ ਜਦਕਿ ਕਾਰ ਵਿਚ ਸਵਾਰ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਕੋਈ ਗੰਭੀਰ ਜਾਨੀ ਨੁਕਸਾਨ ਨਹੀਂ ਹੋਇਆ। ਮੁੱਢਲੀ ਜਾਣਕਾਰੀ ਅਨੁਸਾਰ ਟਿੱਪਰ ਦੀ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਉਕਤ ਸੜਕ ’ਤੇ ਭਾਰੀ ਟ੍ਰੈਫਿਕ ਜਾਮ ਲੱਗ ਗਿਆ। ਇਸ ਘਟਨਾ ਤੋਂ ਬਾਅਦ ਸਥਾਨਕ ਨਿਵਾਸੀਆਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਮਾਰਗ ਤੇ ਤੇਜ਼ ਰਫ਼ਤਾਰ ਭਾਰੀ ਵਾਹਨਾਂ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਚੌਕ ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਟ੍ਰੈਫਿਕ ਵਿਵਸਥਾ ਨੂੰ ਬਹਾਲ ਕਰਵਾਇਆ।