ਤੇਜ਼ ਰਫ਼ਤਾਰ ਵਾਹਨ ਨੇ ਐਕਟਿਵਾ ਸਵਾਰ ਔਰਤ ਨੂੰ ਮਾਰੀ ਟੱਕਰ, ਹਾਲਤ ਗੰਭੀਰ
ਤੇਜ਼ ਰਫ਼ਤਾਰ ਵਾਹਨ ਨੇ ਐਕਟਿਵਾ ਸਵਾਰ ਮਹਿਲਾ ਨੂੰ ਮਾਰੀ ਟੱਕਰ, ਹਾਲਤ ਗੰਭੀਰ
Publish Date: Sun, 15 Mar 2026 08:48 PM (IST)
Updated Date: Sun, 15 Mar 2026 08:51 PM (IST)

ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਢਕੌਲੀ-ਮੁਬਾਰਕਪੁਰ ਕਾਜ਼ਵੇਅ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਐਕਟਿਵਾ ਸਵਾਰ ਇਕ ਮਹਿਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਔਰਤ ਦੀ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਔਰਤ ਨੂੰ ਗੰਭੀਰ ਹਾਲਤ ਵਿਚ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਰੈਫਰ ਕੀਤਾ ਗਿਆ ਹੈ। ਜ਼ੀਰਕਪੁਰ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਮਹਿਲਾ ਦੀ ਪਛਾਣ 35 ਸਾਲਾ ਸਰਿਤਾ ਕਪਿਲ ਨਿਵਾਸੀ ਪੰਚਕੂਲਾ ਵਜੋਂ ਹੋਈ ਹੈ। ਸਰਿਤਾ ਆਪਣੀ ਐਕਟਿਵਾ ਤੇ ਸਵਾਰ ਹੋ ਕੇ ਡੇਰਾਬੱਸੀ ਵਾਲੇ ਪਾਸੇ ਤੋਂ ਵਾਪਸ ਆਪਣੇ ਘਰ ਪੰਚਕੂਲਾ ਜਾ ਰਹੀ ਸੀ, ਜਿਵੇਂ ਹੀ ਉਹ ਮੁਬਾਰਕਪੁਰ ਕਾਜ਼ਵੇਅ ਨੇੜੇ ਪਹੁੰਚੀ ਤਾਂ ਪਿੱਛੇ ਤੋਂ ਆ ਰਹੇ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਰਿਤਾ ਸੜਕ ਤੇ ਜਾ ਡਿੱਗੀ ਅਤੇ ਉਸ ਦੇ ਗੰਭੀਰ ਸੱਟਾਂ ਵੱਜੀਆਂ। ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਦੀ ਸਹਾਇਤਾ ਨਾਲ ਜ਼ਖ਼ਮੀ ਮਹਿਲਾ ਨੂੰ ਢਕੌਲੀ ਸਥਿਤ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ ਗਿਆ। ਹਸਪਤਾਲ ਵਿਚ ਡਾਕਟਰਾਂ ਨੇ ਮੁਢਲੀ ਸਹਾਇਤਾ ਤੋਂ ਬਾਅਦ ਉਸ ਦੀ ਵਿਗੜਦੀ ਹਾਲਤ ਨੂੰ ਦੇਖਦੇ ਹੋਏ ਤੁਰੰਤ ਸੈਕਟਰ-32, ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ। ਪੁਲਿਸ ਅਨੁਸਾਰ ਮਹਿਲਾ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਰਿਵਾਰ ਵਾਲੇ ਉਸ ਨੂੰ ਬਿਹਤਰ ਇਲਾਜ ਲਈ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਲੈ ਗਏ ਹਨ, ਜਿੱਥੇ ਉਹ ਜ਼ੇਰੇ ਇਲਾਜ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਟੱਕਰ ਮਾਰਨ ਵਾਲਾ ਵਾਹਨ ਚਾਲਕ ਫ਼ਰਾਰ ਹੋਣ ਵਿਚ ਕਾਮਯਾਬ ਰਿਹਾ, ਜਿਸ ਦੀ ਭਾਲ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਪਰਿਵਾਰ ਵਾਲਿਆਂ ਵੱਲੋਂ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ ਹੈ, ਸ਼ਿਕਾਇਤ ਮਿਲਦੇ ਹੀ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।