- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਿੰਟਿੰਗ ਪ੍ਰੈੱਸ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ ;

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ-ਬਰਵਾਲਾ ਮੁੱਖ ਮਾਰਗ ’ਤੇ ਸਥਿਤ ਪਿੰਡ ਬੇਹੜਾ ਵਿਖੇ ਉਸ ਸਮੇਂ ਅਫਰਾ-ਤਫਰੀ ਦਾ ਮਾਹੌਲ ਬਣ ਗਿਆ, ਜਦੋਂ ਇੱਥੇ ਚੱਲ ਰਹੀ ਇਕ ਪ੍ਰਿੰਟਿੰਗ ਪ੍ਰੈੱਸ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਮੁੱਖ ਕਾਰਨ ਪ੍ਰਿੰਟਿੰਗ ਪ੍ਰੈੱਸ ਵਿਚ ਵਰਤੇ ਜਾਣ ਵਾਲੇ ਕੈਮੀਕਲ ਨੂੰ ਅਚਾਨਕ ਅੱਗ ਫੜਨਾ ਦੱਸਿਆ ਜਾ ਰਿਹਾ ਹੈ। ਰਾਹਤ ਦੀ ਗੱਲ ਇਹ ਰਹੀ ਕਿ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਮੁਸਤੈਦੀ ਨਾਲ ਅੱਗ ’ਤੇ ਕਾਬੂ ਪਾ ਲਿਆ, ਜਿਸ ਨਾਲ ਇਕ ਵੱਡਾ ਹਾਦਸਾ ਟਲ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਬੇਹੜਾ ਵਿਚ ਸਥਿਤ ਇਕ ਪ੍ਰਿੰਟਿੰਗ ਪ੍ਰੈੱਸ ਵਿਚ ਰੋਜ਼ਾਨਾ ਦੀ ਤਰ੍ਹਾਂ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਅਚਾਨਕ ਉੱਥੇ ਰੱਖੇ ਕੈਮੀਕਲ ਨੇ ਅੱਗ ਫੜ ਲਈ। ਦੇਖਦਿਆਂ ਹੀ ਦੇਖਦਿਆਂ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ ਅਤੇ ਫੈਕਟਰੀ ਵਿਚ ਧੂੰਏਂ ਦਾ ਗੁਬਾਰ ਫੈਲ ਗਿਆ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਫ਼ਸਰ ਬਲਜੀਤ ਸਿੰਘ ਆਪਣੀ ਟੀਮ ਅਤੇ ਫਾਇਰ ਟੈਂਕਰਾਂ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਬਿਨਾਂ ਸਮਾਂ ਗਵਾਏ ਬਚਾਅ ਕਾਰਜ ਸ਼ੁਰੂ ਕੀਤੇ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਭਾਰੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਅਤੇ ਇਸ ਨੂੰ ਆਸ-ਪਾਸ ਦੇ ਹੋਰ ਹਿੱਸਿਆਂ ਵਿਚ ਫੈਲਣ ਤੋਂ ਰੋਕ ਦਿੱਤਾ।
ਇਸ ਸਬੰਧੀ ਫਾਇਰ ਅਫ਼ਸਰ ਬਲਜੀਤ ਸਿੰਘ ਨੇ ਦੱਸਿਆ ਕਿ ਉਕਤ ਅੱਗ ਕੈਮੀਕਲ ਵਾਲੇ ਹਿੱਸੇ ’ਚ ਲੱਗੀ ਸੀ, ਜਿਸ 'ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਇਸ ਹਾਦਸੇ ’ਚ ਸਾਰੇ ਮਜ਼ਦੂਰ ਅਤੇ ਸਟਾਫ਼ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ, ਅੱਗ ਦੇ ਕਾਰਨ ਪ੍ਰਿੰਟਿੰਗ ਪ੍ਰੈੱਸ ਦੇ ਮਸ਼ੀਨਰੀ ਅਤੇ ਕੈਮੀਕਲ ਦੇ ਸਟਾਕ ਦਾ ਕੁਝ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।