-ਫੇਜ਼-5 ਵਿਖੇ ਬਣੇ ਆਮ ਆਦਮੀ ਕਲੀਨਿਕ ਨੂੰ ਮਾਲ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵੱਲੋਂ ਕੀਤਾ ਲੋਕ ਅਰਪਣ

-ਲੋਕਾਂ ਨੂੰ 41 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕਰਵਾਉਣ ਦੀ ਸਹੂਲਤ ਮਿਲੇਗੀ

ਸੀਨੀਅਰ ਰਿਪੋਰਟਰ, ਐੱਸਏਐੱਸ ਨਗਰ : 75ਵੀਂ ਆਜ਼ਾਦੀ ਵਰੇ੍ਹਗੰਢ ਮੌਕੇ ਜ਼ਿਲ੍ਹਾ ਐੱਸਏਐੱਸ ਨਗਰ ਫੇਜ਼-5 'ਚ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ, ਜਿਸ ਦਾ ਉਦਘਾਟਨ ਸੋਮਵਾਰ ਨੂੰ ਪੰਜਾਬ ਦੇ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਹਮ ਸ਼ੰਕਰ ਨੇ ਕੀਤਾ। ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਬ੍ਹਮ ਸ਼ੰਕਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਲੋਕ ਹਿਤੈਸ਼ੀ ਉਪਰਾਲੇ ਨਾਲ ਲੋਕਾਂ ਨੂੰ ਇਲਾਜ ਦੀਆਂ ਬਿਹਤਰ ਸੁਵਿਧਾਵਾਂ ਉਨ੍ਹਾਂ ਦੇ ਘਰ ਤਕ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਕਲੀਨਿਕ ਓਪੀਡੀ ਸੇਵਾਵਾਂ, ਟੀਕਾਕਰਨ ਸਹੂਲਤਾਂ, ਜਣੇਪਾ ਸੇਵਾਵਾਂ, ਪਰਿਵਾਰ ਨਿਯੋਜਨ ਦੀਆਂ ਸਹੂਲਤਾਂ, ਮੁਫ਼ਤ ਲੈਬ ਟੈਸਟ, ਮੁਫ਼ਤ ਦਵਾਈਆਂ ਆਦਿ ਪ੍ਰਦਾਨ ਕਰਨਗੇ। ਇਸ ਮੌਕੇ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵਿਸ਼ੇਸ ਤੌਰ 'ਤੇ ਹਾਜ਼ਰ ਸਨ।

ਜਾਣਕਾਰੀ ਦਿੰਦੇ ਹੋਏ ਬ੍ਹਮ ਸ਼ੰਕਰ ਨੇ ਦੱਸਿਆ ਕਿ 75ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਪੂਰੇ ਸੂਬੇ 'ਚ 75 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੌਣਾਵੀਂ ਸਮੇਂ ਦੌਰਾਨ ਲੋਕਾਂ ਨਾਲ ਕੀਤੇ ਵੱਡੇ ਵਾਅਦੇ ਨੂੰ ਪੂਰਾ ਕਰਦਿਆ ਇਹ ਆਮ ਆਦਮੀ ਕਲੀਨਿਕ ਚਾਰ ਮਹੀਨੇ ਅੰਦਰ ਸ਼ੁਰੂ ਕੀਤੇ ਹਨ ਜੋ ਕਿ ਪੰਜਾਬ ਸਰਕਾਰ ਦੀ ਵੱਡੀ ਕਾਮਯਾਬੀ ਹੈ।

ਬ੍ਹਮ ਸ਼ੰਕਰ ਨੇ ਕਲੀਨਿਕ 'ਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਦੱਸਦਿਆ ਕਿਹਾ ਕਿ ਕਲੀਨਿਕ 'ਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤਕ ਮੈਡੀਕਲ ਅਫ਼ਸਰ, ਕਲੀਨਿਕਲ ਸਹਾਇਕ, ਫ਼ਾਰਮਾਸਿਸਟ, ਹੈਲਪਰ ਆਦਿ ਮੌਜੂਦ ਹੋਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਲੀਨਿਕ ਰਾਹੀਂ ਇਲਾਜ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਇਨ੍ਹਾਂ ਕਲੀਨਿਕਾਂ 'ਚ 41 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕੀਤੇ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਐੱਸਏਐੱਸ ਨਗਰ ਅਮਿਤ ਤਲਵਾੜ, ਸੀਨੀਅਰ ਪੁਲਿਸ ਕਪਤਾਨ ਵਿਵੇਕਸ਼ੀਲ ਸੋਨੀ, ਐੱਸਡੀਐੱਮ ਸ੍ਰੀਮਤੀ ਸਰਬਜੀਤ ਕੌਰ, ਸਿਵਲ ਸਰਜਨ ਸ੍ਰੀਮਤੀ ਆਦਰਸ਼ਪਾਲ ਕੌਰ, ਆਮ ਆਦਮੀ ਪਾਰਟੀ ਦੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।