ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕੇਂਦਰ ਨੇ ਪੇਂਡੂ ਵਿਕਾਸ ਫੰਡ (ਆਰਡੀਐੱਫ) ਦੀ ਕਟੌਤੀ ਕਰਕੇ ਪੰਜਾਬ ਦੇ ਲੋਕਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲਿਆ ਹੈ, ਜਿਸ ਦਾ ਭਾਜਪਾ ਨੂੰ ਖਮਿਆਜ਼ਾ ਭੁਗਤਣਾ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ ਨੇ ਕੀਤਾ। ਮਾਨ ਨੇ ਕਿਹਾ ਕਿ 1987 ਤੋਂ ਚਲੇ ਆ ਰਹੇ ਆਰਡੀਐੱਫ ਵਿਚ ਕਟੌਤੀ ਕਰਕੇ ਕੇਂਦਰ ਸਰਕਾਰ ਨੇ ਭਾਰਤ ਦੀ ਸੰਘੀ ਵਿਵਸਥਾ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ।

ਜਿਸ ਪੈਸੇ ਨਾਲ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਵਿਚ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦਾ ਭਰੋਸਾ ਦਿੰਦੀ ਸੀ ਅਤੇ ਪੰਜਾਬ ਦੇ ਪੇਂਡੂ ਖੇਤਰ ਵਿਚ ਗਲੀ ਵਿਚ ਲਾਈਟਾਂ, ਧਰਮਸ਼ਾਲਾਵਾਂ, ਪੰਚਾਇਤ ਭਵਨਾਂ, ਪੀਣ ਦਾ ਪਾਣੀ ਅਤੇ ਹੋਰ ਕੰਮ ਕਰਦੀ ਸੀ, ਉਸ ਪੈਸੇ ਨੂੰ ਘਟਾ ਕੇ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਦੇ ਕੰਮਾਂ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਹੂਲਤ ਪਹੁੰਚਾਉਣ ਵਾਲੇ ਕੰਮਾਂ ਵਿਚ ਲਾਉਣ ਵਾਲੇ ਪੈਸੇ ਵਿਚ ਜਾਣਬੁੱਝ ਕੇ ਕਟੌਤੀ ਕਰਨਾ ਇਹ ਸਾਬਤ ਕਰਦਾ ਹੈ ਕਿ ਕਿਸ ਤਰ੍ਹਾਂ ਕੇਂਦਰ ਸਰਕਾਰ ਸੱਤਾ ਦੀ ਸ਼ਕਤੀ ਦੀ ਦੁਰਵਰਤੋਂ ਕਰਕੇ ਵਿਰੋਧ ਕਰਨ ਵਾਲੇ ਲੋਕਾਂ ਨੂੰ ਦਬਾਉਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਜੋ ਲੋਕ ਦਿੱਲੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਸ਼ਾਮਲ ਹੋ ਕੇ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਵਿਚੋਂ ਜ਼ਿਆਦਾਤਰ ਕਿਸਾਨ ਹਨ ਅਤੇ ਉਹ ਪਿੰਡਾਂ ਦੇ ਰਹਿਣ ਵਾਲੇ ਹਨ। ਇਸ ਲਈ ਕੇਂਦਰ ਸਰਕਾਰ ਨੇ ਸਾਜ਼ਿਸ਼ ਤਹਿਤ ਆਰਡੀਐੱਫ ਦੇ ਪੈਸੇ ਵਿਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ।