ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨ ਹੋਣ ਤੋਂ ਪਹਿਲਾਂ ਅਹਿਮ ਮੀਟਿੰਗ ਬੁਲਾ ਕੇ ਜਿਥੇ ਇਨ੍ਹਾਂ ਚੋਣਾਂ ਨੂੰ ਕੈਪਟਨ ਅਤੇ ਬਾਦਲਾਂ ਵੱਲੋਂ ਖੇਡਿਆ ਗਿਆ ਫਰੈਂਡਲੀ ਮੈਚ ਕਰਾਰ ਦਿੱਤਾ, ਉੱਥੇ ਹੀ ਆਉਣ ਵਾਲੇ ਸਮੇਂ ਲਈ ਪਾਰਟੀਆਂ ਦੀਆਂ ਗਤੀਵਿਧੀਆਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਨਤੀਜਿਆਂ ਤੋਂ ਬਾਅਦ ਪਾਰਟੀ ਨੇ ਹਰੇਕ ਜ਼ਿਲ੍ਹੇ 'ਚ ਧੰਨਵਾਦੀ ਦੌਰਾ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਬਿਜਲੀ ਦਰਾਂ 'ਚ ਹੋਰ ਵਾਧੇ ਸਬੰਧੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਕੀਤਾ ਗਿਆ ਤਾਂ 'ਆਪ' ਵੱਲੋਂ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਜਾਵੇਗਾ।

ਬੈਠਕ 'ਚ ਇਸ ਗੱਲ 'ਤੇ ਤਸੱਲੀ ਪ੍ਰਗਟਾਈ ਗਈ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਇਕ ਵੀ ਉਮੀਦਵਾਰ ਵੱਲੋਂ ਵੋਟਰਾਂ ਨੂੰ ਸ਼ਰਾਬ, ਨਸ਼ਿਆਂ ਅਤੇ ਪੈਸੇ ਨਾਲ ਖ਼ਰੀਦਣ ਦਾ ਯਤਨ ਨਹੀਂ ਕੀਤਾ ਗਿਆ, ਜਦਕਿ ਸੱਤਾਧਾਰੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਉਮੀਦਵਾਰਾਂ ਨੇ ਵੋਟਰਾਂ ਨੂੰ ਭਰਮਾਉਣ ਲਈ ਸਰਕਾਰੀ ਮਸ਼ੀਨਰੀ, ਪੈਸੇ ਤੇ ਨਸ਼ੇ ਦੀ ਅੰਨ੍ਹੇਵਾਹ ਵਰਤੋਂ ਕੀਤੀ।

ਮੀਟਿੰਗ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਸਮੇਤ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਰੋੜੀ, ਕੁਲਵੰਤ ਸਿੰਘ ਪੰਡੋਰੀ, ਕੋਰ ਕਮੇਟੀ ਮੈਂਬਰ ਦਲਬੀਰ ਸਿੰਘ ਢਿੱਲੋਂ, ਖ਼ਜ਼ਾਨਚੀ ਸੁਖਵਿੰਦਰ ਪਾਲ ਸੁੱਖੀ, ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਮੌਜੂਦ ਸਨ।