- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਸਿਰਫ਼ ਪਾਰਟੀ ਦੀ ਮੈਂਬਰਸ਼ਿਪ ਹੀ ਨਹੀਂ ਲਈ, ਸਗੋਂ ਪੰਜਾਬ ਦੀ ਜ਼ਿੰਮੇਵਾਰੀ ਵੀ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਦੀ ਮੁਹਿੰਮ ਚਲਾ ਰਹੀ ਹੈ।

ਰੋਹਿਤ ਕੁਮਾਰ, ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨਾਲ ਜੁੜੇ ਆਗੂਆਂ ਨੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ’ਚ ਕਰਵਾਏ ਗਏ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ।
ਨਾਇਬ ਸਿੰਘ ਸੈਣੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਕਾਂਗਰਸ ਨੇ 25 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਰਾਹੁਲ ਗਾਂਧੀ ਨੂੰ ਦੱਸਣਾ ਚਾਹੀਦਾ ਹੈ ਕਿ ਪੰਜ ਸਾਲਾਂ ਦੇ ਸ਼ਾਸਨ ’ਚ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ। ਉੱਥੇ ਹੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਤਿੰਨ ਤੋਂ ਛੇ ਮਹੀਨਿਆਂ ਵਿੱਚ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਸੀ।
ਹੁਣ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਵਾਅਦੇ ਦਾ ਕੀ ਬਣਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਰੁਜ਼ਗਾਰ ਅਤੇ ਨਸ਼ੇ ਦੇ ਮੁੱਦੇ 'ਤੇ ਸਰਕਾਰ ਤੋਂ ਜਵਾਬ ਮੰਗ ਰਿਹਾ ਹੈ। ਪੰਜਾਬ ’ਚ ਨਸ਼ੇ ਕਾਰਨ ਪਰਿਵਾਰ ਪਰੇਸ਼ਾਨ ਹਨ ਅਤੇ ਮਾਂ-ਪਿਓ ਆਪਣੇ ਬੱਚਿਆਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਗਾਰੰਟੀ ਹੈ। ਭਾਜਪਾ ਹੀ ਪੰਜਾਬ ਨੂੰ ਨਸ਼ੇ ਦੀ ਸਮੱਸਿਆ ਵਿੱਚੋਂ ਬਾਹਰ ਕੱਢ ਸਕਦੀ ਹੈ।
ਗੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ 'ਤੇ ਚੰਨੀ ਅਤੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਦੇ ਸ਼ਾਸਨਕਾਲ ਦੌਰਾਨ ਨਾਜਾਇਜ਼ ਮਾਈਨਿੰਗ ਹੋਈ, ਪਰ ਇਸ ਨਾਲ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਨੂੰ ਲੋੜੀਂਦਾ ਲਾਭ ਨਹੀਂ ਮਿਲਿਆ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਟੈਂਪੂ 'ਤੇ ਚੜ੍ਹ ਕੇ ਨਾਜਾਇਜ਼ ਮਾਈਨਿੰਗ ਦੇਖਣ ਵਾਲੇ ਘਟਨਾਕ੍ਰਮ 'ਤੇ ਵੀ ਤਨਜ਼ ਕੱਸਿਆ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਉਨ੍ਹਾਂ ਦੀਆਂ ਉਮੀਦਾਂ ਅਤੇ ਵਿਚਾਰਾਂ 'ਤੇ ਖਰਾ ਉਤਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਖ਼ਰਾਬ ਹੈ ਅਤੇ ਸੂਬੇ ਸਿਰ ਕਰਜ਼ਾ ਲਗਾਤਾਰ ਵਧ ਰਿਹਾ ਹੈ।
ਸੂਬੇ ਵਿੱਚ ਨਸ਼ਾ, ਗੈਂਗਸਟਰਵਾਦ ਅਤੇ ਵਿਕਾਸ ਦੀ ਰਫ਼ਤਾਰ ਵਿੱਚ ਕਮੀ ਗੰਭੀਰ ਚਿੰਤਾਵਾਂ ਹਨ। ਪੰਜਾਬ ਦੇ ਲੋਕਾਂ ਨੇ ਜਿਸ ਬਦਲਾਅ ਦੀ ਉਮੀਦ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਉਹ ਉਮੀਦ ਪੂਰੀ ਨਹੀਂ ਹੋਈ। ਅੱਜ ਮੁਲਾਜ਼ਮਾਂ ਨੂੰ ਮਾਣ-ਸਨਮਾਨ ਦੀ ਬਜਾਏ ਸੜਕਾਂ 'ਤੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਢਿੱਲੋਂ ਨੇ ਹਰਿਆਣਾ ਦੇ ਵਿਕਾਸ ਦੀ ਮਿਸਾਲ ਦਿੰਦਿਆਂ ਕਿਹਾ ਕਿ ਉੱਥੇ ਉਦਯੋਗ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਤੇਜ਼ੀ ਨਾਲ ਕੰਮ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੌਰਾਨ ਪੰਜਾਬ ਨੂੰ ਹਾਈਵੇਅ, ਰੇਲਵੇ, ਪੁਲ ਅਤੇ ਏਅਰਪੋਰਟ ਵਰਗੇ ਪ੍ਰੋਜੈਕਟਾਂ ਲਈ ਵੱਡੀ ਰਾਸ਼ੀ ਮਿਲੀ, ਪਰ ਉਸ ਦਾ ਅਸਰ ਸੂਬੇ ਵਿੱਚ ਦਿਖਾਈ ਨਹੀਂ ਦਿੰਦਾ। ਉਨ੍ਹਾਂ ਪੰਜਾਬ ਸਰਕਾਰ ਤੋਂ ਸੂਬੇ ਨੂੰ ਮਿਲਣ ਵਾਲੇ ਮਾਲੀਏ ਅਤੇ ਉਸ ਦੀ ਵਰਤੋਂ 'ਤੇ ਵੀ ਸਵਾਲ ਚੁੱਕੇ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਉਣ ਦਾ ਕੰਮ ਸਿਰਫ਼ ਭਾਜਪਾ ਹੀ ਕਰ ਸਕਦੀ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਪੰਜਾਬ ਨੂੰ ਉਸ ਦਾ ਪੁਰਾਣਾ ਮਾਣ-ਸਨਮਾਨ ਵਾਪਸ ਦਿਵਾਇਆ ਜਾਵੇਗਾ।