ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸੂਬੇ 'ਚ ਹੱਦੋਂ ਵੱਧ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਣ ਦਾ ਫੈਸਲਾ ਕੀਤਾ ਹੈ। ਵਿਧਾਇਕ ਅਮਨ ਅਰੋੜਾ, ਜੋ 'ਆਪ' ਵੱਲੋਂ ਵਿੱਢੇ ਬਿਜਲੀ ਅੰਦੋਲਨ ਦੇ ਕੋਆਰਡੀਨੇਟਰ ਵੀ ਹਨ, ਨੇ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ 'ਤੇ ਆਧਾਰਤ ਵਫ਼ਦ ਰਾਜਪਾਲ ਨੂੰ ਮਿਲੇਗਾ, ਜਿਸ ਲਈ ਉਨ੍ਹਾਂ ਤੋਂ ਸਮਾਂ ਮੰਗਿਆ ਗਿਆ ਹੈ।

ਰਾਜਪਾਲ ਨੂੰ ਲਿਖੇ ਪੱਤਰ 'ਚ ਅਰੋੜਾ ਨੇ ਪੰਜਾਬ ਅੰਦਰ ਬਿਜਲੀ ਦੀਆਂ ਬੇਹੱਦ ਮਹਿੰਗੀਆਂ ਦਰਾਂ ਨੂੰ ਘਟਾਉਣ ਅਤੇ ਪਿਛਲੀ ਬਾਦਲ ਸਰਕਾਰ ਵੱਲੋਂ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਮਹਿੰਗੇ ਅਤੇ ਮਾਰੂ ਸ਼ਰਤਾਂ ਵਾਲੇ ਬਿਜਲੀ ਖਰੀਦ ਸਮਝੌਤਿਆਂ (ਪੀਪੀਏਜ਼) ਨੂੰ ਰੱਦ ਕਰਨ ਦੀ ਮੰਗ ਦਾ ਹਵਾਲਾ ਦਿੱਤਾ ਗਿਆ ਹੈ। ਅਰੋੜਾ ਨੇ ਰਾਜਪਾਲ ਤੋਂ ਜਲਦੀ ਤੋਂ ਜਲਦੀ ਮੁਲਾਕਾਤ ਦਾ ਸਮਾਂ ਮੰਗਿਆ ਹੈ।