- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੇ ਆਈਟੀ ਸੈੱਲ ਨਾਲ ਜੁੜੇ ਸੋਸ਼ਲ ਮੀਡੀਆ ਪੇਜਾਂ 'ਤੇ ਸਤਿਕਾਰਯੋਗ ਜਥੇਦਾਰ ਸਾਹਿਬਾਨ ਦੀਆਂ ਏਆਈ ਰਾਹੀਂ ਤਿਆਰ ਕੀਤੀਆਂ ਗਈਆਂ ਇਤਰਾਜ਼ਯੋਗ ਅਤੇ ਅਪਮਾਨਜਨਕ ਵੀਡੀਓਜ਼ ਪ੍ਰਸਾਰਿਤ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ,

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੇ ਆਈਟੀ ਸੈੱਲ ਨਾਲ ਜੁੜੇ ਸੋਸ਼ਲ ਮੀਡੀਆ ਪੇਜਾਂ 'ਤੇ ਸਤਿਕਾਰਯੋਗ ਜਥੇਦਾਰ ਸਾਹਿਬਾਨ ਦੀਆਂ ਏਆਈ ਰਾਹੀਂ ਤਿਆਰ ਕੀਤੀਆਂ ਗਈਆਂ ਇਤਰਾਜ਼ਯੋਗ ਅਤੇ ਅਪਮਾਨਜਨਕ ਵੀਡੀਓਜ਼ ਪ੍ਰਸਾਰਿਤ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਅਤੇ ਸਮਾਜ ਵਿੱਚ ਟਕਰਾਅ ਪੈਦਾ ਕਰਨ ਦੀ ਸਾਜ਼ਿਸ਼ ਵੀ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਧਾਰਮਿਕ ਮਾਮਲਿਆਂ ਵਿੱਚ ਸਿਆਸੀ ਲਾਭ ਲਈ ਏਆਈ ਦੀ ਵਰਤੋਂ ਕਰਨਾ ਬਹੁਤ ਹੀ ਖ਼ਤਰਨਾਕ ਰੁਝਾਨ ਹੈ ਅਤੇ ਇਸ ਦੀ ਵਰਤੋਂ ਸਰਾਸਰ ਗਲਤ ਹੈ।
ਪਰਗਟ ਸਿੰਘ ਨੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਤੋਂ ਮੰਗ ਕੀਤੀ ਕਿ ਇਨ੍ਹਾਂ ਵੀਡੀਓਜ਼ ਨੂੰ ਬਣਾਉਣ, ਪ੍ਰਸਾਰਿਤ ਕਰਨ ਅਤੇ ਵਾਇਰਲ ਕਰਨ ਵਾਲੇ ਸਾਰੇ ਵਿਅਕਤੀਆਂ ਦੀ ਤੁਰੰਤ ਪਛਾਣ ਕਰਕੇ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜੇਕਰ ਅਜਿਹੇ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਇਸ ਨਾਲ ਕਾਨੂੰਨ-ਵਿਵਸਥਾ ਅਤੇ ਸਮਾਜਿਕ ਭਾਈਚਾਰੇ ਦੋਵਾਂ 'ਤੇ ਮਾੜਾ ਅਸਰ ਪੈ ਸਕਦਾ ਹੈ।
ਪਰਗਟ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਯੋਜਨਾਬੱਧ ਢੰਗ ਨਾਲ ਅਜਿਹੀਆਂ ਏਆਈ ਵੀਡੀਓਜ਼ ਵਾਇਰਲ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮਕਸਦ ਸਿੱਖ ਧਾਰਮਿਕ ਸੰਸਥਾਵਾਂ ਅਤੇ ਜਥੇਦਾਰ ਸਾਹਿਬਾਨ ਦੀ ਮਰਿਆਦਾ ਨੂੰ ਠੇਸ ਪਹੁੰਚਾਉਣਾ ਹੈ। ਇਹ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਜਾਂ ਉਸ ਦੇ ਆਈਟੀ ਸੈੱਲ ਨੂੰ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਖੁੱਲ੍ਹੀ ਛੂਟ ਨਾ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਭਾਈਚਾਰੇ ਅਤੇ ਆਪਸੀ ਸਤਿਕਾਰ ਦੀ ਧਰਤੀ ਰਿਹਾ ਹੈ ਅਤੇ ਧਾਰਮਿਕ ਸੰਸਥਾਵਾਂ ਦਾ ਸਤਿਕਾਰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ