ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ, ਸਰਕਾਰੀ ਪੈਨਸ਼ਨਰਾਂ ਤੇ ਕੱਚੇ-ਪੱਕੇ ਸਾਰੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਦੀ ਵਕਾਲਤ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਤੇ ਕੈਪਟਨ ਸਰਕਾਰ ਨੂੰ ਰੱਜ ਕੇ ਕੋਸਿਆ।

ਮੰਗਲਵਾਰ ਸਵੇਰੇ ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਵਿਧਾਇਕ ਹੱਥਾਂ 'ਚ ਮੁਲਾਜ਼ਮਾਂ, ਪੈਨਸ਼ਨਰਾਂ ਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਵਾਲੀਆਂ ਤਖ਼ਤੀਆਂ ਅਤੇ ਬੈਨਰ ਫੜ ਕੇ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਦਰਵਾਜ਼ੇ ਸਾਹਮਣੇ ਧਰਨੇ 'ਤੇ ਬੈਠ ਗਏ।

'ਆਪ' ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਉਚੇਚੇ ਤੌਰ 'ਤੇ ਇਸ ਧਰਨੇ 'ਚ ਸ਼ਾਮਲ ਹੋਏ। ਉਨ੍ਹਾਂ ਕੈਪਟਨ ਸਰਕਾਰ 'ਤੇ ਵਿਦਿਆਰਥੀਆਂ, ਬੇਰੁਜ਼ਗਾਰ ਨੌਜਵਾਨਾਂ, ਪੈਨਸ਼ਨਰਾਂ ਤੇ ਕੱਚੇ-ਪੱਕੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁੱਕਰ ਜਾਣ ਦੇ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ 2022 'ਚ 'ਆਪ' ਦੀ ਸਰਕਾਰ ਬਣਨ 'ਤੇ ਨੌਜਵਾਨਾਂ, ਪੈਨਸ਼ਨਰਾਂ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ 'ਤੇ ਪੂਰੀਆਂ ਕੀਤੀਆਂ ਜਾਣਗੀਆਂ।

ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਰੋੜੀ, ਮਾਸਟਰ ਬਲਦੇਵ ਸਿੰਘ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ ਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸਾਰੇ ਵਰਗਾਂ ਦੀ ਤਰ੍ਹਾਂ ਨੌਜਵਾਨਾਂ, ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਵੀ ਕੈਪਟਨ ਸਰਕਾਰ ਨੇ ਬੇਹੱਦ ਨਿਰਾਸ਼ ਕੀਤਾ ਹੈ। ਇਸ ਮੌਕੇ 'ਆਪ' ਵਿਧਾਇਕਾਂ ਨੇ ਸਰਕਾਰ 'ਤੇ ਵਿਅੰਗ ਕੱਸਦਿਆਂ ਨੌਜਵਾਨਾਂ ਨੂੰ ਗੋਲ-ਗੱਪਿਆਂ ਤੇ ਪਕੌੜਿਆਂ ਦੀਆਂ ਰੇਹੜੀਆਂ ਅਤੇ ਕੱਪੜੇ ਦੀਆਂ ਦੁਕਾਨਾਂ ਲਈ 'ਨੌਕਰੀਆਂ' ਵੀ ਵੰਡੀਆਂ ਗਈਆਂ।

Posted By: Seema Anand