- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਤਰਾਂ ਮੁਤਾਬਕ ਦੂਜੀ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਨਾਵਾਂ ਨੂੰ ਲੈ ਕੇ ਮੁੱਢਲੀ ਸਹਿਮਤੀ ਬਣਨ ਤੋਂ ਬਾਅਦ ਹੀ ਪੀਏਸੀ ਦੀ ਮੀਟਿੰਗ ਵਿੱਚ ਅੰਤਿਮ ਫੈਸਲਾ ਲਿਆ ਜਾ ਸਕਦਾ ਹੈ। ਪਾਰਟੀ ਵੱਲੋਂ 31 ਅਕਤੂਬਰ ਨੂੰ ਪਹਿਲੀ ਸੂਚੀ ਜਾਰੀ ਕਰਦਿਆਂ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ।

ਜੈ ਸਿੰਘ ਛਿੱਬਰ, ਚੰਡੀਗੜ੍ਹ : ਅਗਲੇ ਸਾਲ ਸ਼ੁਰੂ ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਅੱਜ ਵੀਰਵਾਰ ਨੂੰ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਜਾਣ ਦੀ ਵੀ ਚਰਚਾ ਹੈ, ਜਿੱਥੇ ਉਹ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ਬਾਰੇ ਵਿਚਾਰ-ਵਟਾਂਦਰਾ ਕਰ ਸਕਦੇ ਹਨ।
ਸੂਤਰਾਂ ਮੁਤਾਬਕ ਦੂਜੀ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਨਾਵਾਂ ਨੂੰ ਲੈ ਕੇ ਮੁੱਢਲੀ ਸਹਿਮਤੀ ਬਣਨ ਤੋਂ ਬਾਅਦ ਹੀ ਪੀਏਸੀ ਦੀ ਮੀਟਿੰਗ ਵਿੱਚ ਅੰਤਿਮ ਫੈਸਲਾ ਲਿਆ ਜਾ ਸਕਦਾ ਹੈ। ਪਾਰਟੀ ਵੱਲੋਂ 31 ਅਕਤੂਬਰ ਨੂੰ ਪਹਿਲੀ ਸੂਚੀ ਜਾਰੀ ਕਰਦਿਆਂ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ ਵਿੱਚ ਮੌਜੂਦਾ ਵਿਧਾਇਕਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਵੀ ਸ਼ਾਮਲ ਸੀ। ਪਹਿਲੀ ਸੂਚੀ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ਮਨਜ਼ੂਰੀ ਦਿੱਤੀ ਗਈ ਸੀ।
ਦੂਜੀ ਸੂਚੀ ਵਿੱਚ ਬਾਕੀ ਮੌਜੂਦਾ ਵਿਧਾਇਕਾਂ ਤੋਂ ਇਲਾਵਾ ਪਾਰਟੀ ਦੇ ਅਹੁਦੇਦਾਰਾਂ ਅਤੇ ਹੋਰ ਸੰਭਾਵੀ ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਪਹਿਲੀ ਸੂਚੀ ਵਿੱਚ ਕੈਬਨਿਟ ਮੰਤਰੀਆਂ ਦੇ ਨਾਂ ਨਾ ਹੋਣ ਕਾਰਨ ਵਿਰੋਧੀ ਧਿਰਾਂ ਨੇ ਵੀ ਸਵਾਲ ਉਠਾਏ ਸਨ। ਹੁਣ ਆਉਣ ਵਾਲੀਆਂ ਸੂਚੀਆਂ ਵਿੱਚ ਸੀਨੀਅਰ ਆਗੂਆਂ ਅਤੇ ਮੰਤਰੀਆਂ ਦੀ ਉਮੀਦਵਾਰੀ ਬਾਰੇ ਵੀ ਫੈਸਲਾ ਹੋਣ ਦੀ ਸੰਭਾਵਨਾ ਹੈ।
ਪਾਰਟੀ ਦੇ ਅੰਦਰੂਨੀ ਹਲਕਿਆਂ ਵਿੱਚ ਇਹ ਚਰਚਾ ਵੀ ਹੈ ਕਿ 'ਆਪ' ਵੱਲੋਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜਾਂ ਨੂੰ ਟਿਕਟਾਂ ਦੇਣ ਵਿੱਚ ਤਰਜੀਹ ਮਿਲ ਸਕਦੀ ਹੈ। ਹਾਲਾਂਕਿ, ਕੁਝ ਅਜਿਹੇ ਹਲਕੇ ਵੀ ਹਨ ਜਿੱਥੇ ਇਸ ਸਮੇਂ ਪਾਰਟੀ ਦੇ ਵਿਧਾਇਕ ਮੌਜੂਦ ਹਨ। ਅਜਿਹੇ ਵਿੱਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਪਾਰਟੀ ਮੌਜੂਦਾ ਵਿਧਾਇਕਾਂ ਨੂੰ ਹੀ ਦੁਬਾਰਾ ਮੌਕਾ ਦਿੰਦੀ ਹੈ ਜਾਂ ਕੁਝ ਹਲਕਿਆਂ ਵਿੱਚ ਨਵੇਂ ਚਿਹਰਿਆਂ ਨੂੰ ਸਾਹਮਣੇ ਲਿਆਉਂਦੀ ਹੈ।
ਪਹਿਲੀ ਸੂਚੀ ਵਿੱਚ ਸਾਰੇ 40 ਮੌਜੂਦਾ ਵਿਧਾਇਕਾਂ ਨੂੰ ਮੁੜ ਟਿਕਟ ਦੇ ਕੇ ਪਾਰਟੀ ਨੇ ਉਨ੍ਹਾਂ ਵਿਧਾਇਕਾਂ ਦੀ ਟਿਕਟ ਕੱਟੇ ਜਾਣ ਦੀਆਂ ਕਿਆਸਰਾਈਆਂ ਨੂੰ ਵੀ ਵਿਰਾਮ ਦੇਣ ਦੀ ਕੋਸ਼ਿਸ਼ ਕੀਤੀ ਸੀ, ਜਿਨ੍ਹਾਂ ਨੂੰ ਲੈ ਕੇ ਸੱਤਾ ਵਿਰੋਧੀ ਲਹਿਰ ਕਾਰਨ ਬਦਲੇ ਜਾਣ ਦੀ ਚਰਚਾ ਸੀ। ਵਿਰੋਧੀ ਪਾਰਟੀਆਂ ਨੇ ਦੋਸ਼ ਲਾਇਆ ਸੀ ਕਿ 'ਆਪ' ਨੇ ਸੰਭਾਵੀ ਦਲ-ਬਦਲੀ ਰੋਕਣ ਅਤੇ ਵਿਧਾਇਕਾਂ ਨੂੰ ਆਪਣੇ ਨਾਲ ਜੋੜੀ ਰੱਖਣ ਲਈ ਜਲਦਬਾਜ਼ੀ ਵਿੱਚ ਪਹਿਲੀ ਸੂਚੀ ਜਾਰੀ ਕੀਤੀ ਹੈ।
ਚੇਤੇ ਰਹੇ ਕਿ ਪਾਰਟੀ ਦੇ ਤਿੰਨ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ, ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਅਸਤੀਫਾ ਦਿੱਤਾ ਹੈ ਅਤੇ ਇਹ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।
ਪਹਿਲੀ ਸੂਚੀ ਵਿੱਚ 40 ਵਿਧਾਇਕਾਂ ਨੂੰ ਮੁੜ ਉਮੀਦਵਾਰ ਬਣਾਉਣ ਤੋਂ ਬਾਅਦ ਹੁਣ 51 ਮੌਜੂਦਾ ਵਿਧਾਇਕਾਂ ਦੇ ਨਾਵਾਂ ਦਾ ਐਲਾਨ ਹੋਣਾ ਬਾਕੀ ਹੈ। ਵਿਧਾਨ ਸਭਾ ਦੀਆਂ ਤਿੰਨ ਸੀਟਾਂ ਖਾਲੀ ਹਨ, ਜਦਕਿ ਬਾਕੀ 23 ਸੀਟਾਂ ਵਿਰੋਧੀ ਪਾਰਟੀਆਂ ਅਤੇ ਇਕ ਆਜ਼ਾਦ ਵਿਧਾਇਕ ਕੋਲ ਹਨ।
ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤੀਆਂ ਸਨ। ਬਾਅਦ ਵਿੱਚ ਪਾਰਟੀ ਦੀ ਵਿਧਾਇਕ ਗਿਣਤੀ ਵਧ ਕੇ 94 ਹੋ ਗਈ ਸੀ। ਹੁਣ 2027 ਦੀਆਂ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਪਹਿਲਾਂ ਐਲਾਨ ਕਰਕੇ ਪਾਰਟੀ ਦੂਜੀਆਂ ਸਿਆਸੀ ਧਿਰਾਂ ਦੇ ਮੁਕਾਬਲੇ ਚੋਣ ਤਿਆਰੀਆਂ ਵਿੱਚ ਬੜ੍ਹਤ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।