ਨੌਜਵਾਨਾਂ ਤੇ ਲੱਦਾਖ ਦੇ ਹੱਕਾਂ ਲਈ ਸੜਕਾਂ 'ਤੇ ਉਤਰੀ 'ਆਪ': ਸੋਨਮ ਵਾਂਗਚੁਕ ਦੇ ਸਮਰਥਨ 'ਚ ਕੀਤਾ ਜ਼ੋਰਦਾਰ ਰੋਸ ਮੁਜ਼ਾਹਰਾ ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਸੋਮਵਾਰ ਨੂੰ ਪਾਰਟੀ ਪ੍ਰਧਾਨ ਵਿਜੈਪਾਲ ਸਿੰਘ ਦੀ ਅਗਵਾਈ ਹੇਠ ਜੇ.ਡਬਲਯੂ. ਮੈਰੀਅਟ ਸਾਹਮਣੇ, ਪਿਕਾਡਿਲੀ ਚੌਂਕ ਵਿਖੇ ਮਨੁੱਖੀ ਲੜੀ ਬਣਾਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਾਰਟੀ ਨੇ ਵਾਤਾਵਰਣ ਪ੍ਰੇਮੀ ਅਤੇ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਦੇ ਸਮਰਥਨ ਵਿੱਚ ਆਪਣੀ ਆਵਾਜ਼ ਬੁਲੰਦ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ।
Publish Date: Tue, 21 Jul 2026 11:25 AM (IST)
Updated Date: Tue, 21 Jul 2026 11:26 AM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਸੋਮਵਾਰ ਨੂੰ ਪਾਰਟੀ ਪ੍ਰਧਾਨ ਵਿਜੈਪਾਲ ਸਿੰਘ ਦੀ ਅਗਵਾਈ ਹੇਠ ਜੇ.ਡਬਲਯੂ. ਮੈਰੀਅਟ ਸਾਹਮਣੇ, ਪਿਕਾਡਿਲੀ ਚੌਂਕ ਵਿਖੇ ਮਨੁੱਖੀ ਲੜੀ ਬਣਾਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਾਰਟੀ ਨੇ ਵਾਤਾਵਰਣ ਪ੍ਰੇਮੀ ਅਤੇ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਦੇ ਸਮਰਥਨ ਵਿੱਚ ਆਪਣੀ ਆਵਾਜ਼ ਬੁਲੰਦ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ।
ਪਾਰਟੀ ਪ੍ਰਧਾਨ ਵਿਜੈਪਾਲ ਸਿੰਘ ਨੇ ਕਿਹਾ ਕਿ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਬਹੁਤ ਹੀ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਸ਼ਾਂਤਮਈ ਢੰਗ ਨਾਲ ਉਠਾਉਣ ਵਾਲੇ ਵਿਦਿਆਰਥੀਆਂ ਨਾਲ ਇਸ ਤਰ੍ਹਾਂ ਦਾ ਸਲੂਕ ਕਿਸੇ ਵੀ ਲੋਕਤੰਤਰੀ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ, ਨਾ ਕਿ ਉਨ੍ਹਾਂ 'ਤੇ ਬਲ ਪ੍ਰਯੋਗ ਕਰਨਾ ਚਾਹੀਦਾ ਹੈ।
ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਬੂਟਰੇਲਾ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਗੰਭੀਰ ਹੈ ਤਾਂ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜੇ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ਾ ਕਿਉਂ ਨਹੀਂ ਲੈ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਸਿੱਖਿਆ ਪ੍ਰਣਾਲੀ ਨਾਲ ਜੁੜੇ ਵਿਵਾਦਾਂ ਦੇ ਬਾਵਜੂਦ ਸਰਕਾਰ ਜਵਾਬਦੇਹੀ ਤੈਅ ਕਰਨ ਤੋਂ ਬਚ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਕਥਿਤ ਤੌਰ 'ਤੇ ਆਪਣੀ ਜਾਨ ਗੁਆਈ, ਉਨ੍ਹਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ।
ਸੂਬਾ ਜਨਰਲ ਸਕੱਤਰ ਓਮਕਾਰ ਸਿੰਘ ਔਲਖ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਅਤੇ ਵਿਦਿਆਰਥੀ ਸਿਰਫ਼ ਆਪਣੇ ਹੱਕਾਂ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਦਿਆਰਥੀ ਮਹੀਨਿਆਂ ਤੱਕ ਦਿਨ ਦੇ 15-15 ਘੰਟੇ ਪੜ੍ਹਾਈ ਕਰਦਾ ਹੈ ਅਤੇ ਬਾਅਦ ਵਿੱਚ ਪਤਾ ਲੱਗਦਾ ਹੈ ਕਿ ਪ੍ਰੀਖਿਆ ਦਾ ਪੇਪਰ ਲੀਕ ਹੋ ਗਿਆ ਹੈ, ਤਾਂ ਉਸ 'ਤੇ ਕੀ ਬੀਤਦੀ ਹੋਵੇਗੀ, ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸੂਬਾ ਮੀਡੀਆ ਇੰਚਾਰਜ ਵਿਕਰਾਂਤ ਏ. ਤੰਵਰ ਨੇ ਕਿਹਾ ਕਿ ਪੂਰੇ ਦੇਸ਼ ਨੇ ਦੇਖਿਆ ਕਿ ਸੋਨਮ ਵਾਂਗਚੁਕ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਚਿੱਟੀ ਚਾਦਰ ਵਿੱਚ ਲਪੇਟ ਕੇ ਉੱਥੋਂ ਲਿਜਾਇਆ ਗਿਆ।
ਉਨ੍ਹਾਂ ਕਿਹਾ ਕਿ ਜੰਤਰ-ਮੰਤਰ 'ਤੇ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਉਨ੍ਹਾਂ ਦੀ ਇੱਛਾ ਦੇ ਵਿਰੁੱਧ ਹਟਾਉਣਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ। ਇਸ ਮੌਕੇ 'ਤੇ ਕੌਂਸਲਰ ਮੁਨੱਵਰ ਰਾਣਾ, ਯੋਗੇਸ਼ ਢੀਂਗਰਾ, ਦਿਹਾਤੀ ਪ੍ਰਧਾਨ ਜੱਗਾ, ਅਜੀਤ, ਲਲਿਤ ਮੋਹਨ, ਗੋਪਾਲ ਅੱਤਰੀ, ਮਨੀਸ਼, ਘੱਟਗਿਣਤੀ ਵਿੰਗ ਦੇ ਪ੍ਰਧਾਨ ਸ਼ਾਦਾਬ ਰਾਠੀ, ਜਗਮੋਹਨ, ਪੀ.ਪੀ. ਘਈ ਅਤੇ ਤਰਸੇਮ ਮਿੱਤਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਅਹੁਦੇਦਾਰ, ਵਰਕਰ ਅਤੇ ਸਮਰਥਕ ਹਾਜ਼ਰ ਸਨ।