- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਦੇ 14ਵੇਂ ਸਥਾਪਨਾ ਦਿਵਸ ਅਤੇ ਸੰਵਿਧਾਨ ਦਿਵਸ ਮੌਕੇ ਹੋਣ ਵਾਲੀ ਇਸ ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇੱਕੋ ਮੰਚ ’ਤੇ ਨਜ਼ਰ ਆਉਣਗੇ। ਇਸ ਰੈਲੀ ਰਾਹੀਂ ਪਾਰਟੀ ਅਗਲੇ ਪੰਜ ਸਾਲਾਂ ਲਈ ਪੰਜਾਬ ਪ੍ਰਤੀ ਆਪਣਾ ਵਿਜ਼ਨ ਅਤੇ ਚੋਣ ਰਣਨੀਤੀ ਲੋਕਾਂ ਸਾਹਮਣੇ ਰੱਖੇਗੀ।

ਰੋਹਿਤ ਕੁਮਾਰ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (ਆਪ) 26 ਨਵੰਬਰ ਨੂੰ ਮੋਗਾ ਤੋਂ ਆਪਣੇ ਚੋਣ ਪ੍ਰਚਾਰ ਦਾ ਰਸਮੀ ਆਗਾਜ਼ ਕਰੇਗੀ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਅਤੇ ਸੰਵਿਧਾਨ ਦਿਵਸ ਮੌਕੇ ਹੋਣ ਵਾਲੀ ਇਸ ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇੱਕੋ ਮੰਚ ’ਤੇ ਨਜ਼ਰ ਆਉਣਗੇ। ਇਸ ਰੈਲੀ ਰਾਹੀਂ ਪਾਰਟੀ ਅਗਲੇ ਪੰਜ ਸਾਲਾਂ ਲਈ ਪੰਜਾਬ ਪ੍ਰਤੀ ਆਪਣਾ ਵਿਜ਼ਨ ਅਤੇ ਚੋਣ ਰਣਨੀਤੀ ਲੋਕਾਂ ਸਾਹਮਣੇ ਰੱਖੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਈ ਵੱਡੇ ਚੋਣ ਐਲਾਨ ਵੀ ਕੀਤੇ ਜਾ ਸਕਦੇ ਹਨ।
ਆਪ ਨੇ ਹੁਣ ਤੱਕ ਵਿਧਾਨ ਸਭਾ ਚੋਣਾਂ ਲਈ 71 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਉਮੀਦਵਾਰਾਂ ਦੀ ਇੱਕ ਹੋਰ ਸੂਚੀ 26 ਨਵੰਬਰ ਦੀ ਰੈਲੀ ਤੋਂ ਪਹਿਲਾਂ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਮੋਗਾ ਰੈਲੀ ਨੂੰ ਸਿਰਫ਼ ਸਥਾਪਨਾ ਦਿਵਸ ਦਾ ਸਮਾਗਮ ਨਹੀਂ, ਸਗੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਇਸ ਵਿੱਚ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਤੋਂ ਇਲਾਵਾ ਪੰਜਾਬ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਵੱਡੀ ਸ਼ਮੂਲੀਅਤ ਹੋਣ ਦੀ ਸੰਭਾਵਨਾ ਹੈ।
ਪੰਜਾਬ ਦੀ ਸਿਆਸਤ ਵਿੱਚ ਮੁੜ ਸਰਗਰਮ ਹੋਣਗੇ ਕੇਜਰੀਵਾਲ
ਅਰਵਿੰਦ ਕੇਜਰੀਵਾਲ ਦੀ ਇਸ ਰੈਲੀ ਵਿੱਚ ਮੌਜੂਦਗੀ ਨੂੰ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਪੰਜਾਬ ਦੀਆਂ ਸਿਆਸੀ ਸਰਗਰਮੀਆਂ ਵਿੱਚ ਸ਼ਮੂਲੀਅਤ ਮੁਕਾਬਲਤਨ ਘੱਟ ਰਹੀ ਹੈ। ਇਸ ਦੌਰਾਨ ਪਾਰਟੀ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਹੋਰ ਸੀਨੀਅਰ ਆਗੂਆਂ ਨੂੰ ਅੱਗੇ ਰੱਖ ਕੇ ਸਿਆਸੀ ਸਰਗਰਮੀਆਂ ਚਲਾਈਆਂ ਹਨ। ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪਾਰਟੀ ਦਾ ਸਿਆਸੀ ਸੁਨੇਹਾ ਲੋਕਾਂ ਤੱਕ ਪਹੁੰਚਾਉਂਦੇ ਰਹੇ ਹਨ।
ਇੱਥੋਂ ਤੱਕ ਕਿ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਧਰ ’ਤੇ ਕੀਤਾ ਗਿਆ ਹੈ। ਪਾਰਟੀ ਦੀ ਰਣਨੀਤੀ ਸੂਬਾਈ ਲੀਡਰਸ਼ਿਪ ਨੂੰ ਅੱਗੇ ਰੱਖ ਕੇ ਚੋਣ ਲੜਨ ਦੀ ਰਹੀ ਹੈ। ਹਾਲਾਂਕਿ, ਮੋਗਾ ਰੈਲੀ ਵਿੱਚ ਕੇਜਰੀਵਾਲ ਦੀ ਮੌਜੂਦਗੀ ਨਾਲ ਇਹ ਸਪੱਸ਼ਟ ਸੰਕੇਤ ਮਿਲੇਗਾ ਕਿ ਪੰਜਾਬ ਦੀਆਂ ਚੋਣਾਂ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੀਆਂ ਤਰਜੀਹਾਂ ਵਿੱਚ ਵੀ ਸ਼ਾਮਲ ਹਨ।
ਮਹਿਲਾਵਾਂ ਤੇ ਨੌਜਵਾਨਾਂ ’ਤੇ ਰਹੇਗਾ ਵਿਸ਼ੇਸ਼ ਧਿਆਨ
ਮੋਗਾ ਰੈਲੀ ਵਿੱਚ ਆਪ ਸਰਕਾਰ ਆਪਣੇ ਲਗਪਗ 56 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰ ਸਕਦੀ ਹੈ। ਪਾਰਟੀ ਦੀ ਚੋਣ ਰਣਨੀਤੀ ਵਿੱਚ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਕੇਂਦਰ ਵਿੱਚ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਵੀ ਪਾਰਟੀ ਵੱਲੋਂ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਰੁਜ਼ਗਾਰ ਦੇ ਮੌਕਿਆਂ ਅਤੇ ਨੌਜਵਾਨਾਂ ਲਈ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਨੂੰ ਵੀ ਪ੍ਰਮੁੱਖਤਾ ਨਾਲ ਪੇਸ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਸਰਕਾਰ ਨਹਿਰੀ ਸਿੰਜਾਈ ਦਾ ਘੇਰਾ ਵਧਾਉਣ, ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਅਤੇ ਬਿਜਲੀ ਦੇ ਖੇਤਰ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨੂੰ ਆਪਣੀਆਂ ਪ੍ਰਾਪਤੀਆਂ ਵਜੋਂ ਲੋਕਾਂ ਸਾਹਮਣੇ ਰੱਖ ਸਕਦੀ ਹੈ। ਸਿਹਤ ਖੇਤਰ ਵਿੱਚ ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ, ਸਰਕਾਰੀ ਹਸਪਤਾਲਾਂ ਦੇ ਅਪਗ੍ਰੇਡੇਸ਼ਨ, ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ ਦੇ ਨਾਲ-ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦਾ ਪ੍ਰਚਾਰ ਕੀਤਾ ਜਾਵੇਗਾ।
ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਰੁਜ਼ਗਾਰ ਸਿਰਜਣ ਨੂੰ ਵੀ ਚੋਣ ਮੁਹਿੰਮ ਦਾ ਪ੍ਰਮੁੱਖ ਮੁੱਦਾ ਬਣਾਇਆ ਜਾ ਸਕਦਾ ਹੈ। ਇਨ੍ਹਾਂ ਯੋਜਨਾਵਾਂ ਰਾਹੀਂ ਪਾਰਟੀ ਲੋਕਾਂ ਨੂੰ ਇਹ ਦੱਸਣ ਦੀ ਕੋਸ਼ਿਸ਼ ਕਰੇਗੀ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਉਸ ਨੇ ਕਿਹੜੇ ਖੇਤਰਾਂ ਵਿੱਚ ਕੰਮ ਕੀਤਾ ਹੈ ਅਤੇ ਅਗਲੇ ਪੰਜ ਸਾਲਾਂ ਲਈ ਉਸ ਦੀਆਂ ਤਰਜੀਹਾਂ ਕੀ ਹੋਣਗੀਆਂ।
ਮੋਗਾ ਦਾ ਸਿਆਸੀ ਇਤਿਹਾਸ ਵੀ ਅਹਿਮ
ਮੋਗਾ ਪੰਜਾਬ ਦੀ ਸਿਆਸਤ ਵਿੱਚ ਵੱਡੀਆਂ ਚੋਣ ਰੈਲੀਆਂ ਲਈ ਵਿਸ਼ੇਸ਼ ਪਛਾਣ ਰੱਖਦਾ ਹੈ। ਸ਼੍ਰੋਮਣੀ ਅਕਾਲੀ ਦਲ ਨੇ 1996, 2006 ਅਤੇ 2011 ਵਿੱਚ ਆਪਣੀਆਂ ਚੋਣ ਮੁਹਿੰਮਾਂ ਦੀ ਸ਼ੁਰੂਆਤ ਮੋਗਾ ਤੋਂ ਕੀਤੀ ਸੀ। ਇਸ ਤੋਂ ਬਾਅਦ ਪਾਰਟੀ ਨੇ ਕ੍ਰਮਵਾਰ 1997, 2007 ਅਤੇ 2012 ਵਿੱਚ ਸੱਤਾ ਹਾਸਲ ਕੀਤੀ। ਇਸ ਕਾਰਨ ਅਕਾਲੀ ਦਲ ਲਈ ਮੋਗਾ ਨੂੰ ਸਿਆਸੀ ਤੌਰ ’ਤੇ ਸ਼ੁਭ ਮੰਨਿਆ ਜਾਂਦਾ ਰਿਹਾ ਹੈ।
ਆਮ ਆਦਮੀ ਪਾਰਟੀ ਵੀ ਵੱਡੇ ਸਿਆਸੀ ਸਮਾਗਮਾਂ ਲਈ ਮੋਗਾ ਨੂੰ ਵਰਤਦੀ ਰਹੀ ਹੈ। ਇਸੇ ਸਾਲ ਸਤੰਬਰ ਵਿੱਚ ਅਰਵਿੰਦ ਕੇਜਰੀਵਾਲ ਨੇ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ ਰੈਲੀ ਕਰ ਕੇ ਕਿਸਾਨਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਸੀ। ਹੁਣ 26 ਨਵੰਬਰ ਨੂੰ ਹੋਣ ਵਾਲੀ ਰੈਲੀ ਰਾਹੀਂ ਪਾਰਟੀ ਇੱਕ ਵਾਰ ਫਿਰ ਮੋਗਾ ਤੋਂ ਪੰਜਾਬ ਵਿੱਚ ਚੋਣ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰੇਗੀ।