ਗੁਜਰਾਤ ’ਚ ‘ਆਪ’ ਵੱਲੋਂ ‘ਪੰਜਾਬ ਮਾਡਲ’ ਦਾ ਪ੍ਰਚਾਰ, ਕੇਜਰੀਵਾਲ ਤੇ ਭਗਵੰਤ ਮਾਨ ਸੰਭਾਲਣਗੇ ਮੋਰਚਾ
‘ਆਪ’ ਵੱਲੋਂ ਪੰਜਾਬ ਸਰਕਾਰ ਦੀਆਂ ਉਨ੍ਹਾਂ ਯੋਜਨਾਵਾਂ ਨੂੰ ਗੁਜਰਾਤ ਵਿਚ ਉਭਾਰਿਆ ਜਾਵੇਗਾ, ਜਿਨ੍ਹਾਂ ਨੂੰ ਪਾਰਟੀ ਆਪਣੀ ਚੋਣੀ ਮੁਹਿੰਮ ਦਾ ਆਧਾਰ ਬਣਾਉਣਾ ਚਾਹੁੰਦੀ ਹੈ। ਇਨ੍ਹਾਂ ਵਿਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਪ੍ਰਮੁੱਖ ਹੈ। ਇਸ ਤਹਿਤ ਔਰਤਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦੇਣ ਦੀ ਵਿਵਸਥਾ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ ਕਰੀਬ 69 ਲੱਖ ਔਰਤਾਂ ਨੂੰ ਇਸ ਯੋਜਨਾ ਤਹਿਤ ਸਹਾਇਤਾ ਦਿੱਤੀ ਜਾ ਚੁੱਕੀ ਹੈ।
Publish Date: Tue, 18 Aug 2026 08:28 AM (IST)
Updated Date: Tue, 18 Aug 2026 08:30 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਅਗਲੇ ਸਾਲ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ‘ਆਪ’ ਪੰਜਾਬ ਸਰਕਾਰ ਦੀਆਂ ਭਲਾਈ ਅਤੇ ਵਿਕਾਸ ਯੋਜਨਾਵਾਂ ਨੂੰ ਗੁਜਰਾਤ ਦੇ ਲੋਕਾਂ ਸਾਹਮਣੇ ਰੱਖਣ ਦੀ ਰਣਨੀਤੀ ਬਣਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸੋਮਵਾਰ ਅਤੇ ਮੰਗਲਵਾਰ ਨੂੰ ਗੁਜਰਾਤ ਦੌਰੇ ’ਤੇ ਰਹਿਣਗੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਚੋਣਾਂ ਤੱਕ ਗੁਜਰਾਤ ਵਿਚ ਲਗਾਤਾਰ ਸਰਗਰਮ ਨਜ਼ਰ ਆਉਣਗੇ। ਪਾਰਟੀ ਗੁਜਰਾਤ ਵਿੱਚ ਗਠਜੋੜ ਦੀਆਂ ਸੰਭਾਵਨਾਵਾਂ ਵੀ ਤਲਾਸ਼ ਰਹੀ ਹੈ।
‘ਆਪ’ ਵੱਲੋਂ ਪੰਜਾਬ ਸਰਕਾਰ ਦੀਆਂ ਉਨ੍ਹਾਂ ਯੋਜਨਾਵਾਂ ਨੂੰ ਗੁਜਰਾਤ ਵਿਚ ਉਭਾਰਿਆ ਜਾਵੇਗਾ, ਜਿਨ੍ਹਾਂ ਨੂੰ ਪਾਰਟੀ ਆਪਣੀ ਚੋਣੀ ਮੁਹਿੰਮ ਦਾ ਆਧਾਰ ਬਣਾਉਣਾ ਚਾਹੁੰਦੀ ਹੈ। ਇਨ੍ਹਾਂ ਵਿਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਪ੍ਰਮੁੱਖ ਹੈ। ਇਸ ਤਹਿਤ ਔਰਤਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦੇਣ ਦੀ ਵਿਵਸਥਾ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ ਕਰੀਬ 69 ਲੱਖ ਔਰਤਾਂ ਨੂੰ ਇਸ ਯੋਜਨਾ ਤਹਿਤ ਸਹਾਇਤਾ ਦਿੱਤੀ ਜਾ ਚੁੱਕੀ ਹੈ।
ਇਸ ਤੋਂ ਇਲਾਵਾ ਰੁਜ਼ਗਾਰ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਵੀ ਗੁਜਰਾਤ ਵਿਚ ਪ੍ਰਚਾਰਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦੇਣ ਦਾ ਦਾਅਵਾ ਵੀ ਕਰ ਰਹੇ ਹਨ। ਇਸੇ ਤਰ੍ਹਾਂ ਸੂਬੇ ਦੀਆਂ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਦਾ ਵੱਡੇ ਪੱਧਰ ’ਤੇ ਕੰਮ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ‘ਆਪ’ ਆਗੂ ਪੰਜਾਬ ਦੇ ਸਕੂਲ ਆਫ਼ ਐਮੀਨੈਂਸ ਨੂੰ ਗੁਜਰਾਤ ਵਿਚ ਪ੍ਰਮੁੱਖਤਾ ਨਾਲ ਪੇਸ਼ ਕਰ ਸਕਦੇ ਹਨ। ਸਰਕਾਰ ਦਾਅਵਾ ਕਰ ਰਹੀ ਹੈ ਕਿ ਸੂਬੇ ਵਿਚ 118 ਅਜਿਹੇ ਸਕੂਲ ਸਥਾਪਤ ਕੀਤੇ ਗਏ ਹਨ। ਅਧਿਆਪਕਾਂ ਦੀ ਗੁਣਵੱਤਾ ਵਿਚ ਸੁਧਾਰ ਲਈ ਸਿਖਲਾਈ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ।
ਪੰਜਾਬ ਦੇ 2026-27 ਦੇ ਬਜਟ ਵਿੱਚ ਸਿੱਖਿਆ ਲਈ 19,279 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਸਿੱਖਿਆ ਸੁਧਾਰ ਲਈ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ-2.0’ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।
ਆਮ ਆਦਮੀ ਕਲੀਨਿਕਾਂ ਨੂੰ ਵੀ ਗੁਜਰਾਤ ਵਿੱਚ ਉਭਾਰਿਆ ਜਾਵੇਗਾ। ਪੰਜਾਬ ਸਰਕਾਰ ਅਨੁਸਾਰ ਸੂਬੇ ਵਿਚ 881 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਜਿੱਥੇ ਮੁਫ਼ਤ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਯੋਜਨਾ ਦੇ ਵਿਸਥਾਰ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦੇਣ ਦਾ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ। ਸੱਭ ਤੋਂ ਅਹਿਮ ਗੱਲ ਹੈ ਕਿ ਹੁਣ ਤੱਕ ਆਪ ਹਰ ਸੂਬੇ ਵਿਚ ਦਿੱਲੀ ਮਾਡਲ ਨੂੰ ਉਭਾਰਦੀ ਰਹੀ ਹੈ, ਪਰ ਹੁਣ ਆਪ ਨੇ ਪੰਜਾਬ ਮਾਡਲ ਨੂੰ ਉਭਾਰਨਾ ਸ਼ੁਰੂ ਕਰ ਦਿੱਤਾ ਹੈ।