ਐੱਲਪੀਜੀ ਦੀ ਕਿੱਲਤ ਤੇ ਮਹਿੰਗਾਈ ਖ਼ਿਲਾਫ਼ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ
ਐੱਲਪੀਜੀ ਦੀ ਕਿੱਲਤ ਤੇ ਮਹਿੰਗਾਈ ਖ਼ਿਲਾਫ਼ 'ਆਪ' ਦਾ ਹੱਲਾਬੋਲ;
Publish Date: Mon, 16 Mar 2026 08:12 PM (IST)
Updated Date: Mon, 16 Mar 2026 08:16 PM (IST)
- ਵਿਧਾਇਕ ਰੰਧਾਵਾ ਨੇ ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਟੀਪੀਐੱਸ ਗਿੱਲ, ਪੰਜਾਬੀ ਜਾਗਰਣ
ਜ਼ੀਰਕਪੁਰ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਵੱਲੋਂ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਐੱਲਪੀਜੀ ਗੈਸ ਸਿਲੰਡਰਾਂ ਦੀ ਕਿੱਲਤ ਅਤੇ ਲਗਾਤਾਰ ਵੱਧ ਰਹੀਆਂ ਕੀਮਤਾਂ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੀਤੀ। ਉਨ੍ਹਾਂ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਸਮੇਤ ਕੇਂਦਰ ਸਰਕਾਰ ਦੀਆਂ ਕਥਿਤ ਲੋਕ-ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਮ ਜਨਤਾ ਨੂੰ ਦਰਪੇਸ਼ ਮੁਸ਼ਕਿਲਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨਾਕਾਮ ਨੀਤੀਆਂ ਕਾਰਨ ਅੱਜ ਦੇਸ਼ ਭਰ ਵਿਚ ਰਸੋਈ ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਗੈਸ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਅਤੇ ਦੂਜੇ ਪਾਸੇ ਲੋਕਾਂ ਨੂੰ ਪੈਸੇ ਖਰਚਣ ਦੇ ਬਾਵਜੂਦ ਸਮੇਂ ਸਿਰ ਸਿਲੰਡਰ ਉਪਲਬੱਧ ਨਹੀਂ ਹੋ ਰਹੇ। ਇਸ ਦੂਹਰੀ ਮਾਰ ਕਾਰਨ ਘਰੇਲੂ ਔਰਤਾਂ ਅਤੇ ਮੱਧ ਵਰਗੀ ਪਰਿਵਾਰਾਂ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੇਂਦਰ ਵਿਚ ਮੌਜੂਦਾ ਸਰਕਾਰ ਆਈ ਹੈ, ਮਹਿੰਗਾਈ ਨੇ ਆਮ ਬੰਦੇ ਦਾ ਲੱਕ ਤੋੜ ਦਿੱਤਾ ਹੈ। ਗੈਸ ਸਿਲੰਡਰ ਹਰ ਘਰ ਦੀ ਮੁੱਢਲੀ ਜ਼ਰੂਰਤ ਹੈ, ਪਰ ਸਰਕਾਰ ਦੀ ਲਾਪ੍ਰਵਾਹੀ ਕਾਰਨ ਲੋਕਾਂ ਨੂੰ ਕਈ-ਕਈ ਦਿਨ ਇੰਤਜ਼ਾਰ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਗੈਸ ਦੀ ਸਪਲਾਈ ਸੁਚਾਰੂ ਬਣਾਵੇ ਅਤੇ ਕੀਮਤਾਂ ਵਿਚ ਕਮੀ ਕਰ ਕੇ ਜਨਤਾ ਨੂੰ ਰਾਹਤ ਦੇਵੇ। ਇਸ ਮੌਕੇ ਵਿਧਾਇਕ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਪਹਿਰੇਦਾਰ ਰਹੀ ਹੈ। ਜੇਕਰ ਕੇਂਦਰ ਸਰਕਾਰ ਨੇ ਜਲਦੀ ਹੀ ਇਸ ਸਮੱਸਿਆ ਦਾ ਹੱਲ ਨਾ ਕੱਢਿਆ ਤਾਂ ਪਾਰਟੀ ਵੱਲੋਂ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮੌਜੂਦ ਹੋਰਨਾਂ ਆਗੂਆਂ ਨੇ ਵੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਬਣ ਕੇ ਹਰ ਮੁੱਦੇ ’ਤੇ ਡੱਟ ਕੇ ਖੜ੍ਹੇ ਰਹਿਣਗੇ।