- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਗਾਤਾਰ ਅਦਾਲਤ ਵਿੱਚ ਪੇਸ਼ ਨਾ ਹੋਣ ਅਤੇ ਗ੍ਰਿਫ਼ਤਾਰੀ ਤੋਂ ਬਚਣ ਤੋਂ ਬਾਅਦ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਰਾਜਜੀਤ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਸੀ। ਇਸ ਤੋਂ ਬਾਅਦ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਕਾਰਵਾਈ ਵੀ ਸ਼ੁਰੂ ਕੀਤੀ ਗਈ ਸੀ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ: ਨਸ਼ਾ ਤਸਕਰੀ ਅਤੇ ਜਬਰੀ ਵਸੂਲੀ ਦੇ ਗੰਭੀਰ ਮਾਮਲਿਆਂ ਵਿੱਚ ਲੰਬੇ ਸਮੇਂ ਤੋਂ ਭਗੌੜੇ ਚੱਲ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੇ ਆਖ਼ਰਕਾਰ ਪਟਿਆਲਾ ਪੁਲੀਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ।
ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਹੋਈ ਜਾਂਚ ਤੋਂ ਬਾਅਦ ਅਪ੍ਰੈਲ 2019 ਵਿੱਚ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਉਸ ਦੀ ਮਿਲੀਭੁਗਤ ਸਾਹਮਣੇ ਆਈ ਸੀ, ਜੋ ਖ਼ੁਦ ਨਸ਼ਾ ਤਸਕਰੀ ਅਤੇ ਜਬਰੀ ਵਸੂਲੀ ਦੇ ਇੱਕ ਵੱਡੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ। ਹਾਈ ਕੋਰਟ ਦੇ ਰਿਕਾਰਡ ਮੁਤਾਬਕ ਜਾਂਚ ਵਿੱਚ ਇੰਦਰਜੀਤ ਸਿੰਘ, ਰਾਜਜੀਤ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਭੂਮਿਕਾ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਗਏ ਸਨ।
ਸਾਲ 2019 ਵਿੱਚ ਰਾਜਜੀਤ ਸਿੰਘ ਖ਼ਿਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ। ਪਹਿਲਾ ਕੇਸ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਸੀ, ਜਦਕਿ ਦੂਜਾ ਕੇਸ ਸਪੈਸ਼ਲ ਟਾਸਕ ਫੋਰਸ ਵੱਲੋਂ ਜਬਰੀ ਵਸੂਲੀ ਕਰਨ, ਨਿਰਦੋਸ਼ ਲੋਕਾਂ ਨੂੰ ਝੂਠੇ ਨਸ਼ਾ ਕੇਸਾਂ ਵਿੱਚ ਫਸਾਉਣ ਅਤੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦੇਣ ਦੇ ਦੋਸ਼ਾਂ ਹੇਠ ਦਰਜ ਹੋਇਆ ਸੀ।
ਹਾਈ ਕੋਰਟ ਵੱਲੋਂ ਜ਼ਮਾਨਤ ਅਰਜ਼ੀ ਖ਼ਾਰਜ ਕੀਤੇ ਜਾਣ ਮਗਰੋਂ ਰਾਜਜੀਤ ਸਿੰਘ ਰੂਪੋਸ਼ ਹੋ ਗਿਆ ਸੀ। ਜਾਂਚ ਏਜੰਸੀਆਂ ਨੇ ਉਸ ਦੀ ਭਾਲ ਲਈ 'ਲੁੱਕਆਊਟ ਸਰਕੂਲਰ' ਵੀ ਜਾਰੀ ਕੀਤਾ ਹੋਇਆ ਸੀ।
ਇਹ ਗ੍ਰਿਫ਼ਤਾਰੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਹਿਮ ਸਿਆਸੀ ਮੋੜ 'ਤੇ ਹੋਈ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਵਜੋਂ ਇਸ ਨੂੰ ਪੇਸ਼ ਕਰ ਰਹੀ ਹੈ, ਉੱਥੇ ਹੀ ਵਿਰੋਧੀ ਧਿਰਾਂ ਲੰਬੇ ਸਮੇਂ ਤੋਂ ਰਾਜਜੀਤ ਸਿੰਘ ਦੀ ਗ੍ਰਿਫ਼ਤਾਰੀ ਵਿੱਚ ਹੋਈ ਦੇਰੀ 'ਤੇ ਸਵਾਲ ਚੁੱਕਦੀਆਂ ਰਹੀਆਂ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਰਾਜਜੀਤ ਸਿੰਘ ਦੇ ਆਤਮ-ਸਮਰਪਣ ਦੇ ਕਾਰਨਾਂ ਅਤੇ ਮਾਮਲੇ ਦੀ ਅਗਲੇਰੀ ਜਾਂਚ ਸਬੰਧੀ ਹੋਰ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ।
ਐੱਸਆਈਟੀ ਦੀ ਰਿਪੋਰਟ ਤੋਂ ਬਾਅਦ ਹੋਈ ਸੀ ਬਰਖ਼ਾਸਤਗੀ
ਡਰੱਗ ਮਾਮਲੇ ਵਿੱਚ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਰਿਪੋਰਟ ਦੇ ਆਧਾਰ ’ਤੇ ਪੰਜਾਬ ਸਰਕਾਰ ਨੇ ਅਪ੍ਰੈਲ 2023 ਵਿੱਚ ਰਾਜਜੀਤ ਸਿੰਘ ਨੂੰ ਸਰਕਾਰੀ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਸੀ। ਉਹ ਪੰਜਾਬ ਪੁਲਿਸ ਵਿੱਚ ਏਆਈਜੀ ਰੈਂਕ ਦੇ ਅਧਿਕਾਰੀ ਸਨ। ਡਰੱਗ ਮਾਮਲੇ ਵਿੱਚ ਬਰਖ਼ਾਸਤ ਕੀਤੇ ਜਾਣ ਵਾਲੇ ਉਹ ਏਆਈਜੀ ਪੱਧਰ ਦੇ ਪਹਿਲੇ ਅਧਿਕਾਰੀ ਬਣੇ ਸਨ। ਸਰਕਾਰ ਦੀ ਕਾਰਵਾਈ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਜਾਂਚ ਅਤੇ ਕਾਨੂੰਨੀ ਕਾਰਵਾਈ ਅੱਗੇ ਵਧੀ।
ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵੀ ਜਾਂਚ ਦੇ ਦਾਇਰੇ ਵਿੱਚ
ਰਾਜਜੀਤ ਸਿੰਘ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵੀ ਜਾਂਚ ਦੇ ਦਾਇਰੇ ਵਿੱਚ ਆਇਆ ਸੀ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੇ ਸ਼ੱਕੀ ਵਿੱਤੀ ਲੈਣ-ਦੇਣ ਦੀ ਗੱਲ ਸਾਹਮਣੇ ਆਈ ਸੀ। ਇਸ ਦੇ ਆਧਾਰ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ। ਜਾਂਚ ਏਜੰਸੀਆਂ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਵਿੱਤੀ ਲੈਣ-ਦੇਣ ਦੀ ਲਗਾਤਾਰ ਜਾਂਚ ਕੀਤੀ ਜਾਂਦੀ ਰਹੀ ਹੈ।
ਅਦਾਲਤ ਨੇ ਐਲਾਨਿਆ ਸੀ ਭਗੌੜਾ
ਲਗਾਤਾਰ ਅਦਾਲਤ ਵਿੱਚ ਪੇਸ਼ ਨਾ ਹੋਣ ਅਤੇ ਗ੍ਰਿਫ਼ਤਾਰੀ ਤੋਂ ਬਚਣ ਤੋਂ ਬਾਅਦ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਰਾਜਜੀਤ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਸੀ। ਇਸ ਤੋਂ ਬਾਅਦ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਕਾਰਵਾਈ ਵੀ ਸ਼ੁਰੂ ਕੀਤੀ ਗਈ ਸੀ।
ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਰਾਜਜੀਤ ਸਿੰਘ ਵੱਲੋਂ ਅਚਾਨਕ ਸਰੰਡਰ ਕੀਤੇ ਜਾਣ ਤੋਂ ਬਾਅਦ ਹੁਣ ਪੁਲਿਸ ਉਨ੍ਹਾਂ ਤੋਂ ਡਰੱਗ ਨੈੱਟਵਰਕ, ਕਥਿਤ ਫਿਰੌਤੀ ਅਤੇ ਜਾਇਦਾਦਾਂ ਨਾਲ ਜੁੜੇ ਮਾਮਲਿਆਂ ਵਿੱਚ ਪੁੱਛਗਿੱਛ ਕਰੇਗੀ। ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਜਾਂਚ ਵਿੱਚ ਇਕ ਮਹੱਤਵਪੂਰਨ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।