ਕਿਸਾਨਾਂ 'ਤੇ ਕਾਰਵਾਈ ਨੂੰ ਲੈ ਕੇ ਖੰਨਾ ਦਾ ਆਪ ਸਰਕਾਰ 'ਤੇ ਵੱਡਾ ਹਮਲਾ, ਕਿਹਾ- 'ਇਹ 'ਆਪ' ਦੀ ਕਿਸਾਨ ਵਿਰੋਧੀ ਸੋਚ ਦਾ ਸਬੂਤ' ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ’ਚ ਕਿਸਾਨਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨਾ, ਜੁਰਮਾਨੇ ਲਗਾਉਣਾ ਤੇ ਉਨ੍ਹਾਂ ਦੇ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਕਰਨਾ ਕਿਸੇ ਵੀ ਤਰ੍ਹਾਂ ਸਮੱਸਿਆ ਦਾ ਹੱਲ ਨਹੀਂ। ਸਰਕਾਰ ਨੂੰ ਕਿਸਾਨਾਂ ’ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਸਮਝਣੀਆਂ ਚਾਹੀਦੀਆਂ ਹਨ।
Publish Date: Tue, 03 Nov 2026 09:05 AM (IST)
Updated Date: Tue, 03 Nov 2026 09:06 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ - ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ’ਚ ਕਿਸਾਨਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨਾ, ਜੁਰਮਾਨੇ ਲਗਾਉਣਾ ਤੇ ਉਨ੍ਹਾਂ ਦੇ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਕਰਨਾ ਕਿਸੇ ਵੀ ਤਰ੍ਹਾਂ ਸਮੱਸਿਆ ਦਾ ਹੱਲ ਨਹੀਂ। ਸਰਕਾਰ ਨੂੰ ਕਿਸਾਨਾਂ ’ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਸਮਝਣੀਆਂ ਚਾਹੀਦੀਆਂ ਹਨ।
ਉਨ੍ਹਾਂ ਕਿਹਾ ਕਿ ਜਦੋਂ ਸੂਬੇ ’ਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ, ਸਬਸਿਡੀ, ਡੀਜ਼ਲ ਤੇ ਆਰਥਿਕ ਮਦਜ ਸਮੇਂ ਸਿਰ ਮੁਹੱਈਆ ਕਰਵਾਏ। ਛੋਟੇ ਤੇ ਮੱਧ ਵਰਗੀ ਲਈ ਬੇਲਰ, ਹੈਪੀ ਸੀਡਰ, ਸੁਪਰ ਸੀਡਰ ਤੇ ਹੋਰ ਖੇਤੀ ਸੰਦ ਕਿਰਾਏ 'ਤੇ ਉਪਲੱਬਧ ਕਰਵਾਉਣ ਲਈ ਪਿੰਡ ਪੱਧਰ 'ਤੇ ਢੁੱਕਵਾਂ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।
ਖੰਨਾ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਮਹਿੰਗੀ ਖੇਤੀ, ਵਧ ਰਹੀਆਂ ਲਾਗਤਾਂ ਤੇ ਕੁਦਰਤੀ ਆਫ਼ਤਾਂ ਨਾਲ ਜੂਝ ਰਹੇ ਹਨ। ਅਜਿਹੇ ਸਮੇਂ ’ਚ ਉਨ੍ਹਾਂ 'ਤੇ ਜੁਰਮਾਨਿਆਂ ਦਾ ਬੋਝ ਪਾਉਣਾ ਤੇ ਪੁਲਿਸ ਕਾਰਵਾਈ ਕਰਨਾ ਮੰਦਭਾਗਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਬੈਠ ਕੇ ਸਮੱਸਿਆ ਦਾ ਵਿਵਹਾਰਕ ਹੱਲ ਕੱਢੇ ਤੇ ਕਿਸਾਨਾਂ ਨੂੰ ਸਹੂਲਤਾਂ ਦੇ ਕੇ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕਰੇ।