- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਵਿਰੁੱਧ ਕਾਰਵਾਈ, ਚਲਾਨ ਕੱਟੇ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਸ਼ਹਿਰ ’ਚ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁਹਾਲੀ ਨਗਰ ਨਿਗਮ ਵੱਲੋਂ ਫੇਜ਼-7 ਅਤੇ ਫੇਜ਼-3ਬੀ2 ਮਾਰਕੀਟ ਵਿਚ ਵਿਸ਼ੇਸ਼ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਪਾਬੰਦੀਸ਼ੁਦਾ ਇਕਹਿਰੀ ਵਰਤੋਂ ਵਾਲੀਆਂ ਪਲਾਸਟਿਕ ਵਸਤਾਂ, ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਤੋਹਫ਼ਾ-ਪੈਕਿੰਗ ਸਮਾਨ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਗਰ ਨਿਗਮ ਦੀ ਟੀਮ ਨੇ ਦੁਕਾਨਦਾਰਾਂ ਨੂੰ ਪਲਾਸਟਿਕ ਪ੍ਰਦੂਸ਼ਣ ਕਾਰਨ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਅਤੇ ਪਲਾਸਟਿਕ ਦੀ ਥਾਂ ਕੱਪੜੇ ਅਤੇ ਜੂਟ ਦੇ ਥੈਲਿਆਂ ਵਰਗੇ ਵਾਤਾਵਰਣ-ਅਨੁਕੂਲ ਬਦਲ ਅਪਣਾਉਣ ਲਈ ਪ੍ਰੇਰਿਤ ਕੀਤਾ। ਦੁਕਾਨਦਾਰਾਂ ਨੂੰ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ਅਤੇ ਪਾਬੰਦੀਸ਼ੁਦਾ ਪਲਾਸਟਿਕ ਵਸਤਾਂ ਦੀ ਵਰਤੋਂ ਜਾਂ ਵੰਡ ਤੋਂ ਗੁਰੇਜ਼ ਕਰਨ ਦੀ ਹਦਾਇਤ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਰੋਕਣ ਲਈ ਸਮੇਂ ਦੀਆਂ ਸਰਕਾਰਾਂ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਲੰਬੇ ਸਮੇਂ ਤੋਂ ਯਤਨ ਜਾਰੀ ਹਨ ਲੇਕਿਨ ਹੁਣ ਤੱਕ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਨੂੰ ਠੱਲ੍ਹ ਨਹੀਂ ਪੈ ਸਕੀ। ਬਾਜ਼ਾਰਾਂ ਅਤੇ ਸਬਜ਼ੀਆਂ ਮੰਡੀਆਂ ਵਿਚ ਬਿਨਾਂ ਕਿਸੇ ਡਰ ਭੈਅ ਤੋਂ ਪਲਾਸਟਿਕ ਦੀ ਧੜੱਲੇ ਨਾਲ ਵਰਤੋਂ ਕੀਤੀ ਜਾ ਰਹੀ ਹੈ।