ਏਡੀਸੀ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ
ਏਡੀਸੀ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ,
Publish Date: Mon, 19 Jan 2026 07:44 PM (IST)
Updated Date: Tue, 20 Jan 2026 04:16 AM (IST)
ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ,
ਐੱਸਏਐੱਸ ਨਗਰ : 77ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਨੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੁਹਾਲੀ ਵਿਖੇ ਹੋਣ ਵਾਲੇ ਸਮਾਗਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਬੈਠਕ ਕੀਤੀ।
ਬੈਠਕ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਜਾਣਕਾਰੀ ਲੈਂਦਿਆਂ ਏਡੀਸੀ ਨੇ ਕਿਹਾ ਕਿ ਸਾਰੀਆਂ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ ਤਾਂ ਜੋ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸ਼ਾਨੋ-ਸ਼ੌਕਤ ਅਤੇ ਸੁਚੱਜੇ ਢੰਗ ਨਾਲ ਮਨਾਇਆ ਜਾ ਸਕੇ।
ਉਨ੍ਹਾਂ ਮਿਊਂਸੀਪਲ ਕਾਰਪੋਰੇਸ਼ਨ ਮੁਹਾਲੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰਾਊਂਡ ਅਤੇ ਉਸਦੇ ਆਲੇ-ਦੁਆਲੇ ਪੂਰੀ ਤਰ੍ਹਾਂ ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਨੂੰ ਸਟੇਡੀਅਮ ਅਤੇ ਸਟੇਜ ਦੀ ਢੰਗ ਨਾਲ ਸੰਭਾਲ ਅਤੇ ਮੁਰੰਮਤ ਕਰਨ ਲਈ ਕਿਹਾ ਗਿਆ।
ਏਡੀਸੀ ਨੇ ਸਿਹਤ ਵਿਭਾਗ ਨੂੰ 21 ਜਨਵਰੀ ਤੋਂ ਸ਼ੁਰੂ ਹੋ ਰਹੀਆਂ ਰਿਹਰਸਲਾਂ ਦੌਰਾਨ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਪੁਲਿਸ ਵਿਭਾਗ ਨੂੰ ਮਾਰਚ ਪਾਸਟ ਦੀ ਪੂਰੀ ਤਿਆਰੀ ਕਰਨ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਰੱਖਣ ਲਈ ਕਿਹਾ ਗਿਆ।
ਉਨ੍ਹਾਂ ਸਿੱਖਿਆ ਵਿਭਾਗ ਨੂੰ ਹਰ ਪੱਖੋਂ ਸੱਭਿਆਚਾਰਕ ਅਤੇ ਦੇਸ਼ਭਗਤੀ ਭਰਪੂਰ ਸੱਭਿਆਚਾਰਕ ਕਾਰਜਕ੍ਰਮ ਤਿਆਰ ਕਰਨ ਦੀ ਹਦਾਇਤ ਦਿੱਤੀ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਨੂੰ ਰਾਜ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਫਲੈਗਸ਼ਿਪ ਸਕੀਮਾਂ ਨੂੰ ਦਰਸਾਉਂਦੇ ਝਾਕੀਆਂ ਤਿਆਰ ਕਰਨ ਲਈ ਕਿਹਾ ਗਿਆ। ਗਣਤੰਤਰ ਦਿਵਸ ਸਮਾਰੋਹ ਦੌਰਾਨ ਮਾਰਚ ਪਾਸਟ, ਵਿਭਾਗੀ ਝਾਕੀਆਂ, ਯੋਗਾ ਪ੍ਰਦਰਸ਼ਨ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਬੈਠਕ ਵਿਚ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਗੁਰਮੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।