ਐੱਲਪੀਜੀ ਸਿਲੰਡਰਾਂ ਦੀ ਦੁਰਵਰਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨੀ ਤੇਜ਼
ਐੱਲਪੀਜੀ ਸਿਲੰਡਰਾਂ ਦੀ ਦੁਰਵਰਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨੀ ਤੇਜ਼
Publish Date: Mon, 16 Mar 2026 06:41 PM (IST)
Updated Date: Mon, 16 Mar 2026 06:43 PM (IST)
ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਘਰੇਲੂ ਤੇ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਸਬੰਧੀ ਵੱਧ ਰਹੀਆਂ ਚਿੰਤਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿਚ ਸਪਲਾਈ ਅਤੇ ਵੰਡ ਪ੍ਰਣਾਲੀ ’ਤੇ ਕਰੜੀ ਨਿਗਰਾਨੀ ਰੱਖਣ ਲਈ ਸਖ਼ਤ ਕਦਮ ਚੁੱਕੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਗੈਸ ਏਜੰਸੀਆਂ ’ਤੇ ਨਜ਼ਰ ਰੱਖਣ ਲਈ ਫੂਡ ਸਪਲਾਈ ਅਫ਼ਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਨਿਯਮਿਤ ਤੌਰ ’ਤੇ ਜਾਂਚ ਅਤੇ ਤਸਦੀਕ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਤਿਆਰ ਕੀਤੀਆਂ ਗਈਆਂ ਸੂਚੀਆਂ ਅਨੁਸਾਰ ਚੈਕਿੰਗ ਕਰਨਗੇ ਅਤੇ ਐੱਲਪੀਜੀ ਵਿਤਰਕਾਂ ਨਾਲ ਸਹਿਯੋਗ ਕਰਦੇ ਹੋਏ ਇਹ ਯਕੀਨੀ ਬਣਾਉਣਗੇ ਕਿ ਸਿਲੰਡਰਾਂ ਦੀ ਵੰਡ ਨਿਰਧਾਰਤ ਨਿਯਮਾਂ ਅਨੁਸਾਰ ਹੀ ਹੋਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰੇ ਐੱਲਪੀਜੀ ਡਿਸਟ੍ਰੀਬਿਊਟਰਾਂ, ਡਲਿਵਰੀ ਸਟਾਫ਼ ਅਤੇ ਹੋਰ ਸਬੰਧਿਤ ਪੱਖਾਂ ਨੂੰ ਜਾਂਚ ਟੀਮਾਂ ਨਾਲ ਪੂਰਾ ਸਹਿਯੋਗ ਦੇਣ ਲਈ ਵੀ ਆਦੇਸ਼ ਦਿੱਤੇ ਤਾਂ ਜੋ ਸਪਲਾਈ ਪ੍ਰਣਾਲੀ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚੱਲ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਐੱਲਪੀਜੀ ਸਿਲੰਡਰਾਂ ਦੀ ਡਾਈਵਰਸ਼ਨ, ਜਮਾਖੋਰੀ ਜਾਂ ਗ਼ਲਤ ਵਰਤੋਂ ਦਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਜ਼ਰੂਰੀ ਵਸਤਾਂ (ਐਸੈਂਸ਼ਲ ਕਮੋਡਿਟੀਜ਼) ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਇਸ ਤਰ੍ਹਾਂ ਦੀ ਕੋਈ ਗੜਬੜ ਨਜ਼ਰ ਆਵੇ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਲੁੜੀਂਦੀ ਕਾਰਵਾਈ ਕੀਤੀ ਜਾ ਸਕੇ।