- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਿੰਗ ਦੌਰਾਨ ਪਟਵਾਰੀ ਕੈਡਰ ਨੂੰ ਸੂਬਾ ਪੱਧਰੀ ਤੋਂ ਮੁੜ ਜ਼ਿਲ੍ਹਾ ਪੱਧਰੀ ਕਰਨ ਦੀ ਮੰਗ ਨੂੰ ਵੀ ਸਰਕਾਰ ਨੇ ਸਿਧਾਂਤਕ ਤੌਰ ’ਤੇ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪਟਵਾਰੀਆਂ ਦੀ ਸੀਨੀਆਰਤਾ ਅਤੇ ਤਰੱਕੀ ਨਾਲ ਜੁੜੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ। ਜ਼ਿਲ੍ਹਾ ਪੱਧਰੀ ਕੈਡਰ ਬਹਾਲ ਕਰਨ ਦੇ ਪ੍ਰਸਤਾਵ ਨੂੰ ਜਲਦ ਹੀ ਮੰਤਰੀ ਮੰਡਲ ਦੀ ਰਸਮੀ ਮਨਜ਼ੂਰੀ ਦਿਵਾਈ ਜਾਵੇਗੀ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਮਗਰੋਂ ਰੈਵੇਨਿਊ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਸਰਕਾਰ ਨੇ 1000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ 1000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮ ਹੋਰ ਸੁਚਾਰੂ ਹੋਣਗੇ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪਟਵਾਰੀ ਕਾਡਰ ਨੂੰ ਰਾਜ ਪੱਧਰੀ ਤੋਂ ਮੁੜ ਜ਼ਿਲ੍ਹਾ ਪੱਧਰੀ ਕਰਨ ਦੀ ਮੰਗ ਨੂੰ ਸਿਧਾਂਤਕ ਤੌਰ ’ਤੇ ਮਨਜ਼ੂਰ ਕਰ ਲਿਆ ਹੈ। ਇਸ ਫ਼ੈਸਲੇ ਨਾਲ ਸੀਨੀਆਰਤਾ ਅਤੇ ਤਰੱਕੀਆਂ ਸਬੰਧੀ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣ ਦੀ ਉਮੀਦ ਹੈ। ਜ਼ਿਲ੍ਹਾ ਪੱਧਰੀ ਕਾਡਰ ਬਹਾਲ ਕਰਨ ਲਈ ਮੰਤਰੀ ਮੰਡਲ ਵੱਲੋਂ ਜਲਦੀ ਹੀ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਗੰਭੀਰ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਪਟਵਾਰੀਆਂ ਨੂੰ ਪੂਰੀ ਮਿਹਨਤ ਤੇ ਸਮਰਪਣ ਨਾਲ ਕੰਮ ਕਰਨ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪਟਵਾਰੀ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ, ਇਸ ਲਈ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਰਧਾਰਤ ਸਮੇਂ ਅੰਦਰ ਨਿਭਾਉਣ। ਮੁੱਖ ਮੰਤਰੀ ਨੇ ਯੂਨੀਅਨ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਸੇਵਾ ਨਾਲ ਜੁੜੇ ਜਾਇਜ਼ ਮਸਲਿਆਂ ਦੇ ਹੱਲ ਲਈ ਹੜਤਾਲ ਦੀ ਬਜਾਏ ਗੱਲਬਾਤ ਅਤੇ ਆਪਸੀ ਸਲਾਹ-ਮਸ਼ਵਰੇ ਦਾ ਰਾਹ ਅਪਣਾਇਆ ਜਾਵੇ।