- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਜਰੀਵਾਲ ਨੇ ਆਪਣੀ ਪੋਸਟ ਵਿੱਚ ਲਿਖਿਆ, “ਆਪਣੇ ਸੂਬਿਆਂ ਵਿੱਚ ਇਨ੍ਹਾਂ ਤੋਂ ਕਾਨੂੰਨ-ਵਿਵਸਥਾ ਸੰਭਾਲੀ ਨਹੀਂ ਜਾਂਦੀ। ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਨੂੰ ਇਨ੍ਹਾਂ ਨੇ ਆਪਣਾ ਜਵਾਈ ਬਣਾਇਆ ਹੋਇਆ ਹੈ ਅਤੇ ਉਸ ਨੂੰ ਭਾਰਤ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿੱਚ ਅਪਰਾਧ ਕਰਨ ਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਹੋਈਆਂ ਹਨ।

ਰੋਹਿਤ ਕੁਮਾਰ, ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮੰਗਲਵਾਰ, 20 ਅਕਤੂਬਰ ਨੂੰ ਦੁਸਹਿਰੇ ਦੇ ਮੌਕੇ ’ਤੇ ਪੰਜਾਬ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਦੂਜੇ ਸੂਬਿਆਂ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ ਅਤੇ ਪੰਜਾਬ ਆ ਕੇ ਸੁਰੱਖਿਆ ਪ੍ਰਬੰਧਾਂ ਬਾਰੇ ਗਿਆਨ ਦੇਣ ਨੂੰ ਲੈ ਕੇ ਭਾਜਪਾ ਨੂੰ ਘੇਰਿਆ। ਉਨ੍ਹਾਂ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕਰਦਿਆਂ ਭਾਜਪਾ ’ਤੇ ਤਿੱਖਾ ਹਮਲਾ ਕੀਤਾ।
ਕੇਜਰੀਵਾਲ ਨੇ ਆਪਣੀ ਪੋਸਟ ਵਿੱਚ ਲਿਖਿਆ, “ਆਪਣੇ ਸੂਬਿਆਂ ਵਿੱਚ ਇਨ੍ਹਾਂ ਤੋਂ ਕਾਨੂੰਨ-ਵਿਵਸਥਾ ਸੰਭਾਲੀ ਨਹੀਂ ਜਾਂਦੀ। ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਨੂੰ ਇਨ੍ਹਾਂ ਨੇ ਆਪਣਾ ਜਵਾਈ ਬਣਾਇਆ ਹੋਇਆ ਹੈ ਅਤੇ ਉਸ ਨੂੰ ਭਾਰਤ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿੱਚ ਅਪਰਾਧ ਕਰਨ ਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਹੋਈਆਂ ਹਨ। ਅਤੇ ਕੱਲ੍ਹ ਇਹ ਪੰਜਾਬ ਆਉਣਗੇ, ਕਾਨੂੰਨ-ਵਿਵਸਥਾ ਬਾਰੇ ਗਿਆਨ ਦੇਣ। ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਇਨ੍ਹਾਂ ਨੂੰ ਵੋਟ ਦੇਣਾ ਇਨ੍ਹਾਂ ਦੇ ਜਵਾਈ ਨੂੰ ਪੰਜਾਬ ਵਿੱਚ ਸੱਦਾ ਦੇਣ ਦੇ ਬਰਾਬਰ ਹੋਵੇਗਾ।”
ਕੇਜਰੀਵਾਲ ਦੀ ਇਸ ਟਿੱਪਣੀ ਨੂੰ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ ਵਿਰੁੱਧ ਸਿਆਸੀ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦਾ ਮੁੱਦਾ ਪਹਿਲਾਂ ਹੀ ਸਿਆਸੀ ਬਹਿਸ ਦੇ ਕੇਂਦਰ ਵਿੱਚ ਹੈ। ਅਜਿਹੇ ਵਿੱਚ ਕੇਜਰੀਵਾਲ ਨੇ ਦੂਜੇ ਸੂਬਿਆਂ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਜਪਾ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ।
ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਉਸ ਦੇ ਗਿਰੋਹ ’ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗਦੇ ਰਹੇ ਹਨ। ਹਾਲ ਹੀ ਵਿੱਚ ਅਦਾਕਾਰ ਜੈਕੀ ਸ਼ਰਾਫ ਦੇ ਪੁੱਤਰ ਟਾਈਗਰ ਸ਼ਰਾਫ ’ਤੇ ਹੋਏ ਹਮਲੇ ਸਬੰਧੀ ਵੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ ਸਾਹਮਣੇ ਆਉਣ ਦੀ ਗੱਲ ਕਹੀ ਗਈ ਹੈ। ਅਜਿਹੀਆਂ ਘਟਨਾਵਾਂ ਨੇ ਗੈਂਗਸਟਰ ਨੈੱਟਵਰਕ ਅਤੇ ਜੇਲ੍ਹਾਂ ਵਿੱਚ ਬੰਦ ਮੁਲਜ਼ਮਾਂ ਦੇ ਕਥਿਤ ਅਪਰਾਧਿਕ ਸੰਪਰਕਾਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।
ਪੰਜਾਬ ਵਿੱਚ ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਲਗਾਤਾਰ ਦੋਸ਼-ਪ੍ਰਤੀਦੋਸ਼ ਲੱਗ ਰਹੇ ਹਨ। ਅਮਿਤ ਸ਼ਾਹ ਦੇ ਦੌਰੇ ਦੌਰਾਨ ਵੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦਾ ਮੁੱਦਾ ਸਿਆਸੀ ਚਰਚਾ ਵਿੱਚ ਰਹਿਣ ਦੀ ਸੰਭਾਵਨਾ ਹੈ। ਕੇਜਰੀਵਾਲ ਦੀ ਇਸ ਪੋਸਟ ਰਾਹੀਂ ਆਮ ਆਦਮੀ ਪਾਰਟੀ ਨੇ ਦੌਰੇ ਤੋਂ ਪਹਿਲਾਂ ਹੀ ਭਾਜਪਾ ਸਾਹਮਣੇ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।