ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਦੋਸ਼ੀ ਪੁਲਿਸ ਅਫਸਰਾਂ ਖ਼ਿਲਾਫ਼ ਮੰਗੀ ਕਾਰਵਾਈ
ਅਕਾਲੀ ਦਲ ਨੇ ਦੋਸ਼ੀ ਪੁਲਿਸ ਅਫ਼ਸਰਾਂ ਖਿਲਾਫ਼ ਮੰਗੀ ਕਾਰਵਾਈ
Publish Date: Fri, 21 Nov 2025 09:02 PM (IST)
Updated Date: Sat, 22 Nov 2025 04:13 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਤਰਨਤਾਰਨ ਜ਼ਿਮਨੀ ਚੋਣ ’ਚ ਕਾਨੂੰਨ ਦੀਆਂ ਧੱਜੀਆਂ ਉਡਾਉਣ ਵਾਲੇ ਪੁਲਿਸ ਅਫਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅਕਾਲੀ ਦਲ ਨੇ ਇਹ ਮੰਗ ਪੰਜਾਬ ਤੇ ਹਰਿਆਣਾ ਹਾਈਕਰੋਟ ਵੱਲੋਂ ਪਾਰਟੀ ਦੇ ਆਗੂ ਨਛੱਤਰ ਸਿੰਘ ਗਿੱਲ ਨੂੰ ਜ਼ਮਾਨਤ ਦੇਣ ਮਗਰੋਂ ਕੀਤੀ ਹੈ। ਚੋਣ ਕਮਿਸ਼ਨ ਨੂੰ ਲਿਖੇ ਪੱਤਰ ’ਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਾਈ ਕੋਰਟ ਨੇ ਅੱਜ ਇਕ ਕੇਸ ’ਚ ਸੁਣਾਏ ਅੰਤਰਿਮ ਹੁਕਮਾਂ ’ਚ ਕਿਹਾ ਹੈ ਕਿ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਗ਼ੈਰ-ਕਾਨੂੰਨੀ ਹੈ ਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ। ਚੀਮਾ ਨੇ ਕਿਹਾ ਕਿ ਇਸ ਹੁਕਮ ਨੇ ਸਾਡੇ ਸਟੈਂਡ ਨੂੰ ਸਹੀ ਠਹਿਰਾਇਆ ਹੈ ਕਿ ਤਰਨਤਾਰਨ ਜ਼ਿਮਨੀ ਚੋਣ ’ਚ ‘ਆਪ’ ਸਰਕਾਰ ਦੇ ਹੁਕਮਾਂ ’ਤੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਗ੍ਰਿਫਤਾਰੀ ਗ਼ੈਰ ਕਾਨੂੰਨੀ ਸੀ ਤੇ ਸਿਰਫ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤੀ ਗਈ।