‘ਵਾਰਿਸ ਪੰਜਾਬ ਦੇ’ ਨੂੰ ਖਤਰਾ ਦੱਸਣ 'ਤੇ ਭੜਕੇ ਅਕਾਲੀ ਦਲ ਦੇ ਅਯਾਲੀ ਤੇ ਖਾਲਸਾ, ਬੋਲੇ- ‘ਸਿੱਖ ਕੌਮ 'ਤੇ ਹਮਲਾ ਮਨਜ਼ੂਰ ਨਹੀਂ’ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਅਯਾਲੀ ਤੇ ਸਰਬਜੀਤ ਸਿੰਘ ਖਾਲਸਾ ਨੇ ‘ਵਾਰਿਸ ਪੰਜਾਬ ਦੇ’ ਨੂੰ ਦੇਸ਼ ਦੀ ਸੁਰੱਖਿਆ ਲਈ ਖਤਰਾ ਦੱਸੇ ਜਾਣ 'ਤੇ ਸਖ਼ਤ ਵਿਰੋਧ ਜਤਾਇਆ ਹੈ।
Publish Date: Tue, 06 Oct 2026 03:11 PM (IST)
Updated Date: Tue, 06 Oct 2026 03:13 PM (IST)
ਰੋਹਿਤ ਕੁਮਾਰ, ਚੰਡੀਗੜ੍ਹ। ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਮਨਪ੍ਰੀਤ ਸਿੰਘ ਅਯਾਲੀ ਤੇ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੇ ‘ਵਾਰਿਸ ਪੰਜਾਬ ਦੇ’ ਨੂੰ ਦੇਸ਼ ਦੀ ਸੁਰੱਖਿਆ ਲਈ ਖਤਰਾ ਦੱਸੇ ਜਾਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ।
ਪਾਰਟੀ ਦੀ ਮਾਨਤਾ ਤੇ ਚੋਣਾਂ ਨਾਲ ਜੁੜੇ ਵਿਵਾਦ ਨੂੰ ਲੈ ਕੇ ਹਾਈ ਕੋਰਟ ’ਚ ਚੱਲ ਰਹੀ ਕਾਰਵਾਈ ਦੌਰਾਨ ਪਾਰਟੀ ਨੂੰ ਸੁਰੱਖਿਆ ਲਈ ਖਤਰਾ ਦੱਸੇ ਜਾਣ 'ਤੇ ਆਗੂਆਂ ਨੇ ਇਸਨੂੰ ਸਿੱਖ ਕੌਮ ਤੇ ਉਸਦੀ ਸਿਆਸੀ ਆਵਾਜ਼ ਨੂੰ ਲੈ ਕੇ ਗੰਭੀਰ ਟਿੱਪਣੀ ਕਰਾਰ ਦਿੱਤਾ।
ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਦੋਵਾਂ ਆਗੂਆਂ ਨੇ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪਾਰਟੀ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਰੋਕਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਇਸਦੀ ਸੁਰੱਖਿਆ ਤੱਕ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਭਾਈਚਾਰੇ ਦੀ ਸਿਆਸੀ ਪਾਰਟੀ ਨੂੰ ਦੇਸ਼ ਦੀ ਸੁਰੱਖਿਆ ਲਈ ਖਤਰਾ ਦੱਸਣਾ ਬੇਹੱਦ ਦੁਖਦਾਈ ਹੈ।
ਪਾਰਟੀ ਨੇ ਅਜਿਹਾ ਕੋਈ ਕੰਮ ਨਹੀਂ ਕੀਤਾ ਜਿਸਨੂੰ ਦੇਸ਼ ਵਿਰੋਧੀ ਕਿਹਾ ਜਾਵੇ
ਉਨ੍ਹਾਂ ਕਿਹਾ ਕਿ ਪਾਰਟੀ ਦੇ ਦੋ ਸੰਸਦ ਮੈਂਬਰ ਸੰਸਦ ’ਚ ਨੁਮਾਇੰਦਗੀ ਕਰ ਰਹੇ ਹਨ। ਇਸਦੇ ਬਾਵਜੂਦ ਪਾਰਟੀ ਵੱਲੋਂ ਅਜਿਹੀ ਕੋਈ ਗਤੀਵਿਧੀ ਨਹੀਂ ਕੀਤੀ ਗਈ, ਜਿਸਨੂੰ ਦੇਸ਼ ਵਿਰੋਧੀ ਕਿਹਾ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਿਆਸੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਸਰਕਾਰ ਜਾਂ ਕਿਸੇ ਹੋਰ ਧਿਰ ਨੂੰ ਇਤਰਾਜ਼ ਹੈ ਤਾਂ ਇਸ ਸਬੰਧੀ ਤੱਥਾਂ ਦੇ ਆਧਾਰ 'ਤੇ ਗੱਲ ਹੋਣੀ ਚਾਹੀਦੀ ਹੈ।
ਸਿਆਸੀ ਵਿਰੋਧ ਕਾਰਨ ਕਿਸੇ ਪਾਰਟੀ 'ਤੇ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਇੰਨਾ ਗੰਭੀਰ ਦੋਸ਼ ਲਗਾਉਣਾ ਠੀਕ ਨਹੀਂ ਹੈ। ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਾਨਤਾ ਨਾਲ ਜੁੜੇ ਮਾਮਲੇ ’ਚ ਵੀ ਉਚਿਤ ਫੈਸਲਾ ਲਿਆ ਜਾਣਾ ਚਾਹੀਦਾ ਹੈ ਤੇ ਇਸਦੇ ਖ਼ਿਲਾਫ਼ ਚੱਲ ਰਹੀ ਕਾਰਵਾਈ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।
ਗੁਰੂਆਂ ਦੀਆਂ ਕੁਰਬਾਨੀਆਂ ਦਾ ਦਿੱਤਾ ਹਵਾਲਾ
ਅਯਾਲੀ ਤੇ ਖਾਲਸਾ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਹਮੇਸ਼ਾ ਜ਼ੁਲਮ ਦੇ ਖ਼ਿਲਾਫ਼ ਆਵਾਜ਼ ਉਠਾਈ ਤੇ ਦੂਜੇ ਧਰਮਾਂ ਦੀ ਰੱਖਿਆ ਲਈ ਕੁਰਬਾਨੀਆਂ ਦਿੱਤੀਆਂ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੂਜੇ ਧਰਮ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ, ਜਦਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ ਦੇ ਖ਼ਿਲਾਫ਼ ਸੰਘਰਸ਼ ਕੀਤਾ।
ਦੇਸ਼ ਦੀ ਆਜ਼ਾਦੀ ਦੀ ਲਹਿਰ ’ਚ ਵੀ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ’ਚ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਬਾਦੀ ’ਚ ਹਿੱਸੇਦਾਰੀ ਘੱਟ ਹੋਣ ਦੇ ਬਾਵਜੂਦ ਦੇਸ਼ ਲਈ ਸਿੱਖਾਂ ਦਾ ਯੋਗਦਾਨ ਬਹੁਤ ਵੱਡਾ ਰਿਹਾ ਹੈ।
ਸਰਹੱਦ ਦੀ ਸੁਰੱਖਿਆ ਤੋਂ ਲੈ ਕੇ ਅਨਾਜ ਭੰਡਾਰ ਭਰਨ ਤੱਕ ਯੋਗਦਾਨ
ਪਾਰਟੀ ਆਗੂਆਂ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ’ਚ ਸਿੱਖ ਸੈਨਿਕਾਂ ਦੀ ਭੂਮਿਕਾ ਮਹੱਤਵਪੂਰਨ ਰਹੀ ਹੈ। ਸਿੱਖ ਰੈਜੀਮੈਂਟ ਤੇ ਪੰਜਾਬ ਦੇ ਸਿੱਖ ਜਵਾਨਾਂ ਨੇ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।
ਪੰਜਾਬ ਦੇ ਕਿਸਾਨਾਂ ਨੇ ਵੀ ਦੇਸ਼ ਦੇ ਅਨਾਜ ਭੰਡਾਰ ਭਰਨ ’ਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਅਜਿਹੇ ’ਚ ਸਿੱਖ ਭਾਈਚਾਰੇ ਤੇ ਉਸਦੀ ਸਿਆਸੀ ਪਾਰਟੀ ਨੂੰ ਦੇਸ਼ ਦੀ ਸੁਰੱਖਿਆ ਲਈ ਖਤਰਾ ਦੱਸਣਾ ਠੀਕ ਨਹੀਂ ਹੈ।
ਆਗੂਆਂ ਨੇ ਸੂਬਾ ਸਰਕਾਰ ਤੇ ਹੋਰ ਸਿੱਖ ਸਿਆਸੀ ਪਾਰਟੀਆਂ ਨੂੰ ਵੀ ਇਸ ਮਾਮਲੇ ’ਚ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ’ਚ ਇਸ ਤਰ੍ਹਾਂ ਦੀ ਕਾਰਵਾਈ ਨਾਲ ਸਮਾਜ ’ਚ ਗਲਤ ਸੰਦੇਸ਼ ਜਾ ਰਿਹਾ ਹੈ।
ਪਾਰਟੀ ਨੇ ਕਿਹਾ ਕਿ ਉਸਦੇ ਖ਼ਿਲਾਫ਼ ਲਗਾਏ ਜਾ ਰਹੇ ਦੋਸ਼ਾਂ ਦਾ ਕੋਈ ਆਧਾਰ ਨਹੀਂ ਹੈ ਤੇ ਉਸਨੂੰ ਲੋਕਤਾਂਤਰਿਕ ਤਰੀਕੇ ਨਾਲ ਆਪਣੀਆਂ ਸਿਆਸੀ ਗਤੀਵਿਧੀਆਂ ਜਾਰੀ ਰੱਖਣ ਦਾ ਪੂਰਾ ਅਧਿਕਾਰ ਹੈ।