ਅਕਾਲੀ ਦਲ ਵਾਰਿਸ ਪੰਜਾਬ ਦੀ ਹੰਗਾਮੀ ਬੈਠਕ, ਪਿੰਡ ਵਾਸੀਆਂ ਨੇ ਪਾਰਟੀ ਨਾਲ ਖੜ੍ਹਨ ਦਾ ਦਿੱਤਾ ਭਰੋਸਾ ਅਕਾਲੀ ਦਲ ਵਾਰਿਸ ਪੰਜਾਬ ਦੀ ਹੰਗਾਮੀ ਬੈਠਕ,
Publish Date: Thu, 29 Oct 2026 07:25 PM (IST)
Updated Date: Thu, 29 Oct 2026 07:28 PM (IST)
ਰੋਹਿਤ ਗੁਪਤਾ, ਪੰਜਾਬੀ ਜਾਗਰਣ ਮਾਜਰੀ : ਅਕਾਲੀ ਦਲ ਵਾਰਿਸ ਪੰਜਾਬ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਪੰਜਾਬ ਦੇ ਭਵਿੱਖ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਲੋਕਾਂ ਨੂੰ ਲਾਮਬੰਦ ਕਰਨ ਲਈ ਯਤਨਸ਼ੀਲ ਹੈ। ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਪੁਆਧ ਦੇ ਦਫ਼ਤਰ ਸਕੱਤਰ ਸ਼ਿਵਚਰਨ ਸਿੰਘ ਭੰਗੂ ਨੇ ਪਿੰਡ ਮੁੰਧੋਂ ਸੰਗਤੀਆਂ ਵਿਖੇ ਪਾਰਟੀ ਆਗੂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜਗਮੋਹਣ ਸਿੰਘ ਮੁੰਧੋਂ ਦੇ ਪਿੰਡ ਵਿਖੇ ਹੋਈ ਹੰਗਾਮੀ ਬੈਠਕ ਦੌਰਾਨ ਪਿੰਡ ਵਾਸੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕੀਤਾ। ਪਿੰਡ ਮੁੰਧੋਂ ਸੰਗਤੀਆਂ ਵਿਖੇ ਪਹੁੰਚਣ ’ਤੇ ਸ਼ਿਵਚਰਨ ਸਿੰਘ ਭੰਗੂ ਦਾ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀਆਂ, ਪਾਰਟੀ ਸਮਰਥਕਾਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਪਾਰਟੀ ਦੀਆਂ ਸਰਗਰਮੀਆਂ ਅਤੇ ਭਵਿੱਖੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਬੈਠਕ ਨੂੰ ਸੰਬੋਧਨ ਕਰਦਿਆਂ ਸ਼ਿਵਚਰਨ ਸਿੰਘ ਭੰਗੂ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਮਜ਼ਬੂਤੀ ਉਸ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਹੁੰਦੀ ਹੈ। ਇਸ ਲਈ ਪਾਰਟੀ ਦੇ ਹਰੇਕ ਆਗੂ ਅਤੇ ਵਰਕਰ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਨੂੰ ਸਮਝਣਾ ਚਾਹੀਦਾ ਹੈ। ਇਸ ਮੌਕੇ ਸਮੁੱਚੇ ਪਿੰਡ ਵਾਸੀਆਂ ਨੇ ਸ਼ਿਵਚਰਨ ਸਿੰਘ ਭੰਗੂ ਨੂੰ ਭਰੋਸਾ ਦਿਵਾਇਆ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਮਜ਼ਬੂਤੀ ਨਾਲ ਖੜ੍ਹਨਗੇ। ਇਸ ਮੌਕੇ ਪਾਰਟੀ ਆਗੂਆਂ ਨੇ ਪਿੰਡ ਵਾਸੀਆਂ ਵੱਲੋਂ ਦਿੱਤੇ ਗਏ ਸਹਿਯੋਗ ਅਤੇ ਵਿਸ਼ਵਾਸ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਲਈ ਇਸੇ ਤਰ੍ਹਾਂ ਲੋਕਾਂ ਦਾ ਸਾਥ ਅਤੇ ਸਹਿਯੋਗ ਮਿਲਦਾ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਹੋਣ ਵਾਲੀਆਂ ਅਜਿਹੀਆਂ ਬੈਠਕਾਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਾਂਝ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਚਰਨਜੀਤ ਸਿੰਘ ਚੰਨੀ ਸਰਪੰਚ, ਅਮਰਜੀਤ ਸਿੰਘ ਬੀਟਾ, ਬਹਾਦਰ ਸਿੰਘ ਮਾਵੀ, ਬਲਿਹਾਰ ਸਿੰਘ ਮਾਵੀ, ਬਾਬਾ ਸਤਨਾਮ ਸਿੰਘ, ਬਲਬੀਰ ਸਿੰਘ ਮਾਵੀ, ਜੱਗਾ ਸਿੰਘ ਮਾਵੀ, ਕੁਲਵੀਰ ਸਿੰਘ ਮਾਵੀ, ਜਗਮੋਹਣ ਸਿੰਘ ਮੁੰਧੋਂ, ਮਨਮੋਹਨ ਸਿੰਘ ਨੱਗਲ ਅਤੇ ਜਸਵੀਰ ਸਿੰਘ ਸੰਧੂ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।