ਪਰਗਟ ਸਿੰਘ ਦੇ ਕਮਾਨ ਸੰਭਾਲਦੇ ਹੀ ਪੰਜਾਬ ਕਾਂਗਰਸ 'ਚ ਸਭ ਠੀਕ ! ਦਿੱਲੀ 'ਚ ਇਕ ਫਰੇਮ 'ਚ ਨਜ਼ਰ ਆਏ ਦਿੱਗਜ ਆਗੂ, ਹੁਣ ਖ਼ਤਮ ਹੋਵੇਗਾ ਕਲੇਸ਼
ਕਾਂਗਰਸ ਆਗੂਆਂ ਦੀ ਮੌਜੂਦਗੀ ਨੇ ਸੂਬਾ ਸੰਗਠਨ 'ਚ ਏਕਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ। ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਸਿੰਘ ਕਾਂਗੜ, ਗੁਰਕੀਰਤ ਸਿੰਘ ਕੋਟਲੀ ਸਮੇਤ ਕਈ ਸੀਨੀਅਰ ਆਗੂਆਂ ਨੇ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ।
Publish Date: Tue, 06 Oct 2026 04:39 PM (IST)
Updated Date: Tue, 06 Oct 2026 04:59 PM (IST)
ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਦਿੱਲੀ 'ਚ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਾਰਟੀ ਦੇ ਕਈ ਆਗੂ ਪਹੁੰਚੇ। ਪਾਰਟੀ ਦੇ ਸੀਨੀਅਰ ਆਗੂਆਂ, ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਨੌਜਵਾਨ ਆਗੂਆਂ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਦੌਰਾਨ ਕਾਂਗਰਸ ਆਗੂਆਂ ਦੀ ਮੌਜੂਦਗੀ ਨੇ ਸੂਬਾ ਸੰਗਠਨ 'ਚ ਏਕਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ। ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਸਿੰਘ ਕਾਂਗੜ, ਗੁਰਕੀਰਤ ਸਿੰਘ ਕੋਟਲੀ ਸਮੇਤ ਕਈ ਸੀਨੀਅਰ ਆਗੂਆਂ ਨੇ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ।
ਸਾਬਕਾ ਵਿਧਾਇਕ ਕਿਕੀ ਢਿੱਲੋਂ, ਇੰਦਰਬੀਰ ਸਿੰਘ ਬੁਲਾਰੀਆ, ਸੁਖਪਾਲ ਸਿੰਘ ਭੁੱਲਰ ਅਤੇ ਅੰਗਦ ਸੈਣੀ ਵੀ ਉਨ੍ਹਾਂ ਨੂੰ ਵਧਾਈ ਦੇਣ ਪਹੁੰਚੇ। ਨੌਜਵਾਨ ਲੀਡਰਸ਼ਿਪ ਵੱਲੋਂ ਸਾਬਕਾ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਭਗਵਾਨਪਾਲ ਸਿੰਘ ਸਚਰ ਅਤੇ ਭਾਰਤੀ ਰਾਸ਼ਟਰੀ ਵਿਦਿਆਰਥੀ ਸੰਗਠਨ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਸਮੇਤ ਕਈ ਆਗੂਆਂ ਨੇ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ।
ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ 'ਤੇ ਜ਼ੋਰ
ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਅਜਿਹੇ ਸਮੇਂ ਮਿਲੀ ਹੈ, ਜਦੋਂ ਕਾਂਗਰਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਅਜਿਹੇ 'ਚ ਸੀਨੀਅਰ ਆਗੂਆਂ ਅਤੇ ਨੌਜਵਾਨ ਚਿਹਰਿਆਂ ਦੀ ਉਨ੍ਹਾਂ ਨਾਲ ਮੁਲਾਕਾਤ ਨੂੰ ਸੰਗਠਨ ਅੰਦਰ ਨਵੀਂ ਲੀਡਰਸ਼ਿਪ ਪ੍ਰਤੀ ਸਮਰਥਨ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।
ਕਾਂਗਰਸ ਆਗੂਆਂ ਨੇ ਪਰਗਟ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ। ਪਾਰਟੀ ਅੰਦਰ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਹੈ ਕਿ ਸੀਨੀਅਰ ਲੀਡਰਸ਼ਿਪ ਦੇ ਤਜਰਬੇ ਅਤੇ ਨੌਜਵਾਨ ਵਰਕਰਾਂ ਦੀ ਊਰਜਾ ਨੂੰ ਨਾਲ ਲੈ ਕੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ।
ਪਰਗਟ ਸਿੰਘ ਦੀ ਅਗਵਾਈ 'ਚ ਕਾਂਗਰਸ ਵਰਕਰਾਂ 'ਚ ਵੀ ਨਵੀਂ ਊਰਜਾ ਪੈਦਾ ਕਰਨ ਦੀ ਕਵਾਇਦ ਸ਼ੁਰੂ ਹੋ ਗਈ ਹੈ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਆਉਣ ਵਾਲੇ ਸਮੇਂ 'ਚ ਸੰਗਠਨ ਦੀ ਏਕਤਾ ਅਤੇ ਜ਼ਮੀਨੀ ਸਰਗਰਮੀ ਹੀ ਕਾਂਗਰਸ ਦੀ ਚੋਣ ਰਣਨੀਤੀ ਦਾ ਆਧਾਰ ਬਣੇਗੀ।