- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਕਈ ਥਾਵਾਂ 'ਤੇ ਪੋਲਿੰਗ ਸਟੇਸ਼ਨ ਪੱਧਰ ਦੇ ਅਧਿਕਾਰੀ (BLO) ਕਿਰਾਏ ਦੇ ਮਕਾਨਾਂ 'ਚ ਰਹਿਣ ਵਾਲੇ ਵੋਟਰਾਂ ਤੋਂ ਕਿਰਾਇਆਨਾਮਾ ਜਾਂ ਮਕਾਨ ਮਾਲਕ ਦਾ ਹਲਫ਼ਨਾਮਾ ਪੇਸ਼ ਕਰਨ ਦੀ ਮੰਗ ਕਰ ਰਹੇ ਹਨ। ਪਾਰਟੀ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਵਿਚ ਅਜਿਹੇ ਦਸਤਾਵੇਜ਼ ਲਾਜ਼ਮੀ ਨਹੀਂ ਹਨ।

ਰੋਹਿਤ ਕੁਮਾਰ, ਜਾਗਰਣ ਚੰਡੀਗੜ੍ਹ : ਪੰਜਾਬ ਭਾਜਪਾ ਨੇ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ ਦੌਰਾਨ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਉਂਦੇ ਹੋਏ ਭਾਰਤ ਚੋਣ ਕਮਿਸ਼ਨ ਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੂੰ ਇਕ ਵਿਸਥਾਰਤ ਸ਼ਿਕਾਇਤ ਭੇਜੀ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੱਤਰ 'ਚ ਦੋਸ਼ ਲਗਾਇਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਪ੍ਰਕਿਰਿਆ ਦਾ ਕੰਮ ਕਰ ਰਹੇ ਕੁਝ ਅਧਿਕਾਰੀ ਚੋਣ ਕਮਿਸ਼ਨ ਵੱਲੋਂ ਤੈਅ ਦਿਸ਼ਾ-ਨਿਰਦੇਸ਼ਾਂ ਤੋਂ ਹਟ ਕੇ ਕੰਮ ਕਰ ਰਹੇ ਹਨ। ਭਾਜਪਾ ਨੇ ਇਸ ਨੂੰ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਤੇ ਭਰੋਸੇਯੋਗਤਾ ਨਾਲ ਜੁੜਿਆ ਗੰਭੀਰ ਮਾਮਲਾ ਦੱਸਦੇ ਹੋਏ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਪੱਤਰ ਵਿਚ ਕਿਹਾ ਗਿਆ ਹੈ ਕਿ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਅਧਿਕਾਰੀ ਵੋਟਰ ਸੂਚੀ ਦੇ ਸੁਧਾਰ ਦੌਰਾਨ ਵੋਟਰਾਂ ਤੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਜਨ-ਕਲਿਆਣਕਾਰੀ ਯੋਜਨਾਵਾਂ ਨਾਲ ਸਬੰਧਤ ਜਾਣਕਾਰੀ ਇਕੱਠੀ ਕਰ ਰਹੇ ਹਨ। ਇੰਨਾ ਹੀ ਨਹੀਂ, ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ। ਭਾਜਪਾ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਪ੍ਰਕਿਰਿਆ ਨਾਲ ਕੋਈ ਸਬੰਧ ਨਹੀਂ ਹੈ ਅਤੇ ਇਹ ਚੋਣ ਕਮਿਸ਼ਨ ਵੱਲੋਂ ਤੈਅ ਪ੍ਰਕਿਰਿਆ ਦੇ ਦਾਇਰੇ ਤੋਂ ਬਾਹਰ ਹੈ।
ਭਾਜਪਾ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਕਈ ਥਾਵਾਂ 'ਤੇ ਪੋਲਿੰਗ ਸਟੇਸ਼ਨ ਪੱਧਰ ਦੇ ਅਧਿਕਾਰੀ (BLO) ਕਿਰਾਏ ਦੇ ਮਕਾਨਾਂ 'ਚ ਰਹਿਣ ਵਾਲੇ ਵੋਟਰਾਂ ਤੋਂ ਕਿਰਾਇਆਨਾਮਾ ਜਾਂ ਮਕਾਨ ਮਾਲਕ ਦਾ ਹਲਫ਼ਨਾਮਾ ਪੇਸ਼ ਕਰਨ ਦੀ ਮੰਗ ਕਰ ਰਹੇ ਹਨ। ਪਾਰਟੀ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਵਿਚ ਅਜਿਹੇ ਦਸਤਾਵੇਜ਼ ਲਾਜ਼ਮੀ ਨਹੀਂ ਹਨ। ਜੇਕਰ ਅਧਿਕਾਰੀ ਬਿਨਾਂ ਕਿਸੇ ਅਧਿਕਾਰ ਦੇ ਇਸ ਤਰ੍ਹਾਂ ਦੇ ਵਾਧੂ ਦਸਤਾਵੇਜ਼ ਮੰਗ ਰਹੇ ਹਨ ਤਾਂ ਇਸ ਨਾਲ ਅਸਲ ਵੋਟਰਾਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵੋਟਰ ਸੂਚੀ ਸੁਧਾਰ ਦੀ ਪ੍ਰਕਿਰਿਆ ਵੀ ਪ੍ਰਭਾਵਿਤ ਹੋ ਰਹੀ ਹੈ।
ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਇਨ੍ਹਾਂ ਘਟਨਾਵਾਂ ਕਾਰਨ ਆਮ ਲੋਕਾਂ 'ਚ ਭਰਮ ਦੀ ਸਥਿਤੀ ਪੈਦਾ ਹੋ ਰਹੀ ਹੈ। ਕਈ ਵੋਟਰ ਇਹ ਮੰਨਣ ਲੱਗੇ ਹਨ ਕਿ ਸਰਕਾਰ ਦੀਆਂ ਯੋਜਨਾਵਾਂ ਨਾਲ ਸਬੰਧਤ ਜਾਣਕਾਰੀ ਅਤੇ ਵਾਧੂ ਦਸਤਾਵੇਜ਼ ਦੇਣਾ ਵੀ ਵੋਟਰ ਸੂਚੀ ਦੇ ਸੁਧਾਰ ਦਾ ਲਾਜ਼ਮੀ ਹਿੱਸਾ ਹੈ। ਭਾਜਪਾ ਦਾ ਕਹਿਣਾ ਹੈ ਕਿ ਇਸ ਨਾਲ ਪੂਰੀ ਪ੍ਰਕਿਰਿਆ ਬੇਲੋੜੀ ਗੁੰਝਲਦਾਰ ਹੋ ਰਹੀ ਹੈ ਅਤੇ ਵੋਟਰਾਂ ਦਾ ਚੋਣ ਪ੍ਰਕਿਰਿਆ 'ਤੇ ਭਰੋਸਾ ਵੀ ਪ੍ਰਭਾਵਿਤ ਹੋ ਸਕਦਾ ਹੈ।
ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ਵਿਚ ਜ਼ਿਕਰ ਕੀਤਾ ਹੈ ਕਿ ਭਾਰਤ ਚੋਣ ਕਮਿਸ਼ਨ ਹਮੇਸ਼ਾ ਤੋਂ ਵੋਟਰ ਸੂਚੀ ਦੇ ਸੁਧਾਰ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ, ਨਾਗਰਿਕ ਪੱਖੀ ਤੇ ਬਿਨਾਂ ਕਿਸੇ ਬੇਲੋੜੀ ਪਰੇਸ਼ਾਨੀ ਦੇ ਪੂਰਾ ਕਰਵਾਉਣ 'ਤੇ ਜ਼ੋਰ ਦਿੰਦਾ ਰਿਹਾ ਹੈ। ਅਜਿਹੇ ਵਿਚ ਤੈਅ ਦਿਸ਼ਾ-ਨਿਰਦੇਸ਼ਾਂ ਤੋਂ ਵੱਖਰੀ ਕੋਈ ਵੀ ਗਤੀਵਿਧੀ ਇਸ ਉਦੇਸ਼ ਨੂੰ ਕਮਜ਼ੋਰ ਕਰਦੀ ਹੈ।
ਭਾਜਪਾ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੂਰੇ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ। ਜਿਨ੍ਹਾਂ ਅਧਿਕਾਰੀਆਂ 'ਤੇ ਸਰਕਾਰੀ ਯੋਜਨਾਵਾਂ ਦੇ ਪ੍ਰਚਾਰ ਜਾਂ ਤੈਅ ਪ੍ਰਕਿਰਿਆ ਤੋਂ ਹਟ ਕੇ ਜਾਣਕਾਰੀ ਅਤੇ ਦਸਤਾਵੇਜ਼ ਮੰਗਣ ਦੇ ਦੋਸ਼ ਹਨ, ਉਨ੍ਹਾਂ ਦੀ ਪਛਾਣ ਕਰ ਕੇ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਨਾਲ ਹੀ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ, ਚੋਣ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਪੋਲਿੰਗ ਸਟੇਸ਼ਨ ਪੱਧਰ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਜਾਣ ਕਿ ਵੋਟਰਾਂ ਤੋਂ ਕੇਵਲ ਉਹੀ ਜਾਣਕਾਰੀ ਅਤੇ ਦਸਤਾਵੇਜ਼ ਲਏ ਜਾਣ, ਜਿਨ੍ਹਾਂ ਦਾ ਜ਼ਿਕਰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਕੀਤਾ ਗਿਆ ਹੈ। ਪਾਰਟੀ ਨੇ ਅਪੀਲ ਕੀਤੀ ਹੈ ਕਿ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਦੀ ਪੂਰੀ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ, ਨਾਗਰਿਕ ਪੱਖੀ ਅਤੇ ਸਮੇਂ ਸਿਰ ਪੂਰਾ ਕਰਵਾਇਆ ਜਾਵੇ, ਤਾਂ ਜੋ ਲੋਕਤੰਤਰੀ ਪ੍ਰਕਿਰਿਆ ਵਿੱਚ ਜਨਤਾ ਦਾ ਭਰੋਸਾ ਬਣਿਆ ਰਹੇ।