ਝੋਟਾ ਕਤਲਕਾਂਡ: ਅਮੈਯ ਫਾਊਂਡੇਸ਼ਨ ਨੇ ਨਸ਼ਿਆਂ ਖ਼ਿਲਾਫ਼ ਕੈਂਡਲ ਮਾਰਚ ਕੱਢਿਆ ਝੋਟਾ ਕਤਲਕਾਂਡ: ਅਮੈਯ ਫਾਊਂਡੇਸ਼ਨ ਨੇ ਨਸ਼ਿਆਂ ਖ਼ਿਲਾਫ਼ ਕੈਂਡਲ ਮਾਰਚ ਕੱਢਿਆ
Publish Date: Thu, 22 Oct 2026 07:42 PM (IST)
Updated Date: Fri, 23 Oct 2026 04:04 AM (IST)
-ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾ ਕੇ ਛੱਡਾਂਗੇ : ਬਾਂਸਲ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਸਮਾਜ ਸੇਵੀ ਸੰਸਥਾ ਅਮੈਯ ਫਾਊਂਡੇਸ਼ਨ ਵੱਲੋਂ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਖ਼ਿਲਾਫ਼ ਮੁਹਾਲੀ ’ਚ ਮੋਮਬੱਤੀ ਮਾਰਚ ਕੀਤਾ ਗਿਆ। ਜਿਸ ਦੀ ਅਗਵਾਈ ਸੰਸਥਾ ਦੀ ਚੇਅਰਪਰਸਨ ਆਭਾ ਬਾਂਸਲ ਨੇ ਕੀਤੀ। ਇਹ ਕੈਂਡਲ ਮਾਰਚ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼ੁਰੂ ਹੋ ਕੇ ਲਾਲ ਬੱਤੀ ਚੌਕ ਫੇਜ਼-7 ਪਹੁੰਚ ਕੇ ਖ਼ਤਮ ਹੋਇਆ। ਜਿਸ ਵਿਚ ਵੱਡੀ ਗਿਣਤੀ ’ਚ ਔਰਤਾਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਹੱਥਾਂ ’ਚ ਜਗਦੀਆਂ ਮੋਮਬੱਤੀਆਂ ਲੈ ਕੇ ਸ਼ਾਮਲ ਹੋਏ ਲੋਕਾਂ ਨੇ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਸੰਦੇਸ਼ ਦਿੱਤਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮੈਯ ਫਾਊਂਡੇਸ਼ਨ ਦੀ ਚੇਅਰਪਰਸਨ ਆਭਾ ਬਾਂਸਲ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਨਸ਼ਿਆਂ ਨੇ ਅਨੇਕਾਂ ਪਰਿਵਾਰਾਂ ਦੀਆਂ ਖ਼ੁਸ਼ੀਆਂ ਖੋਹ ਲਈਆਂ ਹਨ। ਪੰਜਾਬ ਵਿਚ ਨਸ਼ਿਆਂ ਦੀ ਮਾਰ ਝੱਲ ਰਹੇ ਪਰਿਵਾਰਾਂ ਨੂੰ ਠੋਸ ਕਾਰਵਾਈ ਅਤੇ ਇਨਸਾਫ਼ ਦੀ ਲੋੜ ਹੈ। ਪੰਜਾਬ ਦੀਆਂ ਮਾਵਾਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਸਰਕਾਰ ਨੂੰ ਉਨ੍ਹਾਂ ਦੇ ਦਰਦ ਨੂੰ ਸਮਝਦਿਆਂ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਪਰਵਿੰਦਰ ਝੋਟਾ ਦੇ ਮਾਮਲੇ ਵਿਚ ਸੀਬੀਆਈ ਜਾਂਚ ਸ਼ੁਰੂ ਹੋਣ ’ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਬੀਆਈ ਜਾਂਚ ’ਚ ਸਚਾਈ ਸਾਹਮਣੇ ਆਵੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇਗਾ।