'ਕਰਤਾਰਪੁਰ ਸਾਹਿਬ ਕਾਰੀਡੋਰ ਤੇ ਬੰਦੀ ਸਿੱਖਾਂ ਦੇ ਮੁੱਦੇ 'ਤੇ ਅਕਾਲੀ ਦਲ ਨਾਲ ਮਿਲ ਕੇ ਕੱਢਾਂਗੇ ਹਲ', ਅਮਿਤ ਸ਼ਾਹ ਦਾ ਵੱਡਾ ਐਲਾਨ
ਗ੍ਰਹਿ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣ ਦਾ ਕੋਈ ਮਤਲਬ ਨਹੀਂ ਹੈ। ਇਸ ਨੂੰ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਆਰਜ਼ੀ ਤੌਰ 'ਤੇ ਬੰਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੋਵਾਂ ਪਾਸਿਆਂ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ।
Publish Date: Tue, 24 Nov 2026 03:02 PM (IST)
Updated Date: Tue, 24 Nov 2026 03:05 PM (IST)
ਰਮਨਜੀਤ ਸਿੰਘ ਮਣਕੂ, ਜਾਗਰਣ ਚੰਡੀਗੜ੍ਹ : ਭਾਜਪਾ ਮੁੱਖ ਦਫ਼ਤਰ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੇ ਐਲਾਨ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਸ਼ਾਹ ਨੇ ਕਿਹਾ ਕਿ ਇੰਨਾ ਵੱਡਾ ਤੇ ਪਵਿੱਤਰ ਧਾਰਮਿਕ ਅਸਥਾਨ ਦੇਸ਼ ਦੀ ਵੰਡ ਸਮੇਂ ਕਾਂਗਰਸ ਦੀਆਂ ਗ਼ਲਤੀਆਂ ਕਾਰਨ ਹੀ ਪਾਕਿਸਤਾਨ 'ਚ ਚਲਾ ਗਿਆ ਸੀ। ਦੇਸ਼ ਦੀ ਵੰਡ ਸਮੇਂ ਕਾਂਗਰਸ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ, ਜਿਸ ਦਾ ਖ਼ਮਿਆਜ਼ਾ ਸਿੱਖ ਭਾਈਚਾਰੇ ਨੂੰ ਭੁਗਤਣਾ ਪਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਹੀ 2019 'ਚ ਕਰਤਾਰਪੁਰ ਸਾਹਿਬ ਲਾਂਘਾ ਬਣਾ ਕੇ ਸਿੱਖ ਸ਼ਰਧਾਲੂਆਂ ਦੀ 70 ਸਾਲ ਪੁਰਾਣੀ ਮੰਗ ਪੂਰੀ ਕੀਤੀ ਸੀ।
ਜਲਦ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ : ਸ਼ਾਹ
ਗ੍ਰਹਿ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣ ਦਾ ਕੋਈ ਮਤਲਬ ਨਹੀਂ ਹੈ। ਇਸ ਨੂੰ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਆਰਜ਼ੀ ਤੌਰ 'ਤੇ ਬੰਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੋਵਾਂ ਪਾਸਿਆਂ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਹਾਲਾਤ ਆਮ ਹੁੰਦੇ ਹੀ ਲਾਂਘਾ ਮੁੜ ਖੋਲ੍ਹ ਦਿੱਤਾ ਜਾਵੇਗਾ। ਸਰਕਾਰ ਇਸ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਸੁਰੱਖਿਆ ਏਜੰਸੀਆਂ ਨਾਲ ਗੱਲਬਾਤ ਵੀ ਚੱਲ ਰਹੀ ਹੈ।
ਬੰਦੀ ਸਿੰਘਾਂ ਦੇ ਮੁੱਦੇ 'ਤੇ ਵੀ ਹੋਵੇਗੀ ਗੱਲਬਾਤ
ਬੰਦੀ ਸਿੰਘਾਂ ਦੇ ਮੁੱਦੇ 'ਤੇ ਸ਼ਾਹ ਨੇ ਕਿਹਾ ਕਿ ਇਸ ਮਾਮਲੇ 'ਤੇ ਦੋਵੇਂ ਪਾਰਟੀਆਂ- ਭਾਜਪਾ ਅਤੇ ਅਕਾਲੀ ਦਲ- ਬੈਠ ਕੇ ਚਰਚਾ ਕਰਨਗੀਆਂ ਅਤੇ ਇਸ ਦਾ ਕੋਈ ਨਾ ਕੋਈ ਹੱਲ ਕੱਢਿਆ ਜਾਵੇਗਾ। ਸ਼ਾਹ ਨੇ ਕਿਹਾ ਕਿ ਅਕਾਲੀ ਦਲ ਨਾਲ ਗੱਠਜੋੜ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਦੇ ਵਿਕਾਸ, ਸ਼ਾਂਤੀ ਅਤੇ ਪੰਥਕ ਮੁੱਦਿਆਂ ਦੇ ਹੱਲ ਲਈ ਕੀਤਾ ਗਿਆ ਹੈ। ਬੰਦੀ ਸਿੰਘਾਂ ਵਰਗੇ ਸੰਵੇਦਨਸ਼ੀਲ ਮੁੱਦੇ 'ਤੇ ਕੇਂਦਰ ਸਰਕਾਰ ਸਕਾਰਾਤਮਕ ਸੋਚ ਨਾਲ ਅੱਗੇ ਵਧੇਗੀ।
ਦੱਸਣਯੋਗ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ 7 ਮਈ 2025 ਤੋਂ ਸੁਰੱਖਿਆ ਕਾਰਨਾਂ ਕਰਕੇ ਬੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਅਕਾਲੀ ਦਲ ਵੱਲੋਂ ਇਸ ਨੂੰ ਮੁੜ ਖੋਲ੍ਹਣ ਦੀ ਮੰਗ ਲਗਾਤਾਰ ਉਠਾਈ ਜਾ ਰਹੀ ਸੀ। ਭਾਜਪਾ-ਅਕਾਲੀ ਦਲ ਗੱਠਜੋੜ ਦੇ ਐਲਾਨ ਦੇ ਨਾਲ ਹੀ ਇਸ ਮੁੱਦੇ 'ਤੇ ਸ਼ਾਹ ਦੇ ਬਿਆਨ ਨੂੰ ਪੰਜਾਬ ਦੀ ਪੰਥਕ ਸਿਆਸਤ 'ਚ ਵੱਡੇ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।