ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 22.61 ਲੱਖ ਦੀ ਸਨਮਾਨ ਰਾਸ਼ੀ ਦਾ ਚੈੱਕ ਭੇਟ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਨਵਾੜੀ ਵਰਕਰਾਂ ਨੂੰ 22.61 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਭੇਟ,
Publish Date: Fri, 06 Nov 2026 07:29 PM (IST)
Updated Date: Fri, 06 Nov 2026 07:32 PM (IST)
-ਵਿਧਾਇਕ ਰੰਧਾਵਾ ਨੇ ਆਂਗਨਵਾੜੀ ਵਰਕਰਾਂ ਨੂੰ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਡੇਰਾਬੱਸੀ ਦੇ ਕਮਿਊਨਿਟੀ ਸੈਂਟਰ, ਤਹਿਸੀਲ ਰੋਡ ਵਿਖੇ ਆਂਗਨਵਾੜੀ ਵਰਕਰਾਂ ਦੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕਰਦਿਆਂ ਹਲਕਾ ਡੇਰਾਬੱਸੀ ਦੀਆਂ 195 ਆਂਗਨਵਾੜੀ ਵਰਕਰਾਂ ਵੱਲੋਂ ਕੀਤੀ ਗਈ ਰਜਿਸਟਰੇਸ਼ਨ ਦੇ ਬਦਲੇ ਕੁੱਲ 22 ਲੱਖ 61 ਹਜ਼ਾਰ 325 ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਹ ਰਾਸ਼ੀ ਪ੍ਰਤੀ ਫਾਰਮ 25 ਰੁਪਏ ਦੇ ਹਿਸਾਬ ਨਾਲ ਦਿੱਤੀ ਗਈ ਹੈ। ਇਸ ਮੌਕੇ ਵਿਧਾਇਕ ਨੇ ਆਂਗਨਵਾੜੀ ਵਰਕਰਾਂ ਨੂੰ ਸਿਰੋਪਾਓ ਪਾ ਕੇ ਵੀ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਆਂਗਨਵਾੜੀ ਵਰਕਰ ਭੈਣਾਂ ਵੱਲੋਂ ਘਰ-ਘਰ ਜਾ ਕੇ ਕੀਤੀ ਗਈ ਮਿਹਨਤ ਅਤੇ ਰਜਿਸਟਰੇਸ਼ਨ ਦੀ ਬਦੌਲਤ ਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਸਫ਼ਲਤਾਪੂਰਵਕ ਲਾਗੂ ਕਰਨਾ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਆਂਗਨਵਾੜੀ ਵਰਕਰਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਰਜਿਸਟਰੇਸ਼ਨ ਦਾ ਕੰਮ ਨਾ ਕੀਤਾ ਹੁੰਦਾ ਤਾਂ ਇਹ ਯੋਜਨਾ ਇਸ ਤਰ੍ਹਾਂ ਲੋਕਾਂ ਤੱਕ ਨਹੀਂ ਪਹੁੰਚ ਸਕਦੀ ਸੀ। ਇਸ ਲਈ ਯੋਜਨਾ ਦੀ ਸਫ਼ਲਤਾ ਦਾ ਸਿਹਰਾ ਵੀ ਆਂਗਨਵਾੜੀ ਵਰਕਰ ਭੈਣਾਂ ਦੀ ਮਿਹਨਤ ਨੂੰ ਜਾਂਦਾ ਹੈ। ਵਿਧਾਇਕ ਨੇ ਕਿਹਾ ਕਿ ਆਂਗਨਵਾੜੀ ਵਰਕਰ ਸਮਾਜ ਦੀ ਬਿਹਤਰੀ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹ ਬੱਚਿਆਂ ਦੀ ਦੇਖਭਾਲ, ਪੋਸ਼ਣ, ਮਹਿਲਾਵਾਂ ਦੀ ਸਿਹਤ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਲਗਾਤਾਰ ਮਿਹਨਤ ਕਰਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਮਾਣ-ਸਨਮਾਨ ਅਤੇ ਆਰਥਿਕ ਮਜ਼ਬੂਤੀ ਲਈ ਵਚਨਬੱਧ ਹੈ। ਉਨ੍ਹਾਂ ਆਂਗਨਵਾੜੀ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਰਕਾਰ ਅਤੇ ਸਬੰਧਤ ਵਿਭਾਗਾਂ ਤੱਕ ਪਹੁੰਚਾਉਣ ਲਈ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਇਸ ਮੌਕੇ ਸੀਡੀਪੀਓ ਸ੍ਰੀਮਤੀ ਸੁਮਨ ਬਾਲਾ, ਆਂਗਨਵਾੜੀ ਵਰਕਰ ਪ੍ਰਧਾਨ ਗੁਰਪ੍ਰੀਤ ਕੌਰ, ਬਲਾਕ ਪ੍ਰਧਾਨ ਜਸਵਿੰਦਰ ਕੌਰ, ਬੀਬੀ ਸਵਰਨਜੀਤ ਕੌਰ ਮਾਲਵਾ ਈਸਟ ਜ਼ੋਨ ਪ੍ਰਧਾਨ, ਸ੍ਰੀਮਤੀ ਕਸ਼ਮੀਰ ਕੌਰ ਜ਼ਿਲ੍ਹਾ ਪ੍ਰਧਾਨ, ਸ੍ਰੀਮਤੀ ਕੁਲਦੀਪ ਕੌਰ ਹਲਕਾ ਕੋਆਰਡੀਨੇਟਰ, ਵੂਮੈਨ ਵਿੰਗ ਦੀਆਂ ਸਮੂਹ ਬਲਾਕ ਪ੍ਰਧਾਨਾਂ ਅਤੇ ਵੱਡੀ ਗਿਣਤੀ ’ਚ ਆਂਗਨਵਾੜੀ ਵਰਕਰਾਂ ਹਾਜ਼ਰ ਸਨ।