ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ
Publish Date: Fri, 20 Nov 2026 08:02 PM (IST)
Updated Date: Fri, 20 Nov 2026 08:04 PM (IST)
23 ਦਸੰਬਰ ਨੂੰ ਪੈਣਗੀਆਂ ਵੋਟਾਂ, 26 ਨੂੰ ਹੋਵੇਗੀ ਗਿਣਤੀ 35 ਵਾਰਡਾਂ ਲਈ ਬਣਾਏ ਜਾਣਗੇ 576 ਪੋਲਿੰਗ ਸਟੇਸ਼ਨ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੁੰਦੇ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਯੂਟੀ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨਰ ਡਾ. ਵਿਜੈ ਦੇਵ ਨੇ ਦੱਸਿਆ ਕਿ ਚੰਡੀਗੜ੍ਹ ਨਿਗਮ ਚੋਣਾਂ ਲਈ 23 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। 26 ਨਵੰਬਰ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਸਬੰਧਤ ਉਮੀਦਵਾਰ ਵੱਧ ਤੋਂ ਵੱਧ 7.5 ਲੱਖ ਰੁਪਏ ਖ਼ਰਚਾ ਕਰ ਸਕਣਗੇ। ਚੋਣ ਕਮਿਸ਼ਨਰ ਡਾ. ਵਿਜੈ ਕੁਮਾਰ ਦੇਵ ਨੇ ਅੱਜ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ ਚੋਣ ਪ੍ਰਕਿਰਿਆ 31 ਦਸੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਇਨ੍ਹਾਂ ਚੋਣਾਂ ’ਚ 4,60,262 ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੇ 35 ਵਾਰਡਾਂ ਲਈ ਕੁੱਲ 576 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਚੋਣ ਕਮਿਸ਼ਨਰ ਮੁਤਾਬਕ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਇਨ੍ਹਾਂ ਪੱਤਰਾਂ ਦੀ ਪੜਤਾਲ 4 ਦਸੰਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 7 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਸ ਤੋਂ ਬਾਅਦ ਚੋਣ ਮੈਦਾਨ ’ਚ ਰਹਿ ਗਏ ਉਮੀਦਵਾਰਾਂ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਮੀਦਵਾਰਾਂ ਲਈ ਚੋਣ ਖ਼ਰਚ ਦੀ ਵੱਧ ਤੋਂ ਵੱਧ ਹੱਦ 7.5 ਲੱਖ ਰੁਪਏ ਤੈਅ ਕੀਤੀ ਗਈ ਹੈ। ਇਸ ਤੋਂ ਵੱਧ ਰਕਮ ਚੋਣ ਪ੍ਰਚਾਰ ’ਤੇ ਖ਼ਰਚ ਨਹੀਂ ਕੀਤੀ ਜਾ ਸਕੇਗੀ। ਡਾ. ਵਿਜੈ ਦੇਵ ਨੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਨੂੰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਚੰਡੀਗੜ੍ਹ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਅਤੇ ਲੋਕਤੰਤਰੀ ਪ੍ਰਕਿਰਿਆ ’ਚ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ। ਇਸ ਤੋਂ ਇਲਾਵਾ ਵੋਟਾਂ ਦੀ ਲਾਈਵ ਸਟ੍ਰੀਮਿੰਗ ਕੀਤੀ ਜਾਵੇਗੀ। ਵੋਟਰਾਂ ਦੀ ਸਹੂਲਤ ਲਈ ਆਨਲਾਈਨ ਪ੍ਰਬੰਧ ਵੀ ਕੀਤਾ ਜਾਵੇਗਾ, ਜਿਸ ਰਾਹੀਂ ਉਹ ਖ਼ੁਦ ਪੋਲਿੰਗ ਸਟੇਸ਼ਨਾਂ ’ਤੇ ਲੱਗੀਆਂ ਲਾਈਨਾਂ ਦੀ ਸਥਿਤੀ ਬਾਰੇ ਲਾਈਵ ਜਾਣਕਾਰੀ ਹਾਸਲ ਕਰ ਸਕਣਗੇ। ਇਸ ਨਾਲ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਜਾਣ ਦਾ ਸਮਾਂ ਤੈਅ ਕਰਨ ’ਚ ਮਦਦ ਮਿਲੇਗੀ। ਰਾਤ 10 ਤੋਂ ਸਵੇਰੇ 6 ਵਜੇ ਤੱਕ ਚੋਣ ਪ੍ਰਚਾਰ ’ਤੇ ਰਹੇਗੀ ਪਾਬੰਦੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੇ ਸਮੇਂ ਸਬੰਧੀ ਵੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਵੀ ਤਰੀਕੇ ਰਾਹੀਂ ਚੋਣ ਪ੍ਰਚਾਰ ਕਰਨ ’ਤੇ ਪੂਰਨ ਪਾਬੰਦੀ ਰਹੇਗੀ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਚੋਣ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਮੁਕੰਮਲ ਕਰਵਾਇਆ ਜਾਵੇਗਾ। ਸਿਆਸੀ ਪਾਰਟੀਆਂ ਨੇ ਤੇਜ਼ ਕੀਤੀਆਂ ਸਰਗਰਮੀਆਂ ਚੰਡੀਗੜ੍ਹ ਨਗਰ ਨਿਗਮ ਅਧੀਨ ਆਉਂਦੇ ਖੇਤਰਫਲ ਵਿਚ ਕੁੱਲ 35 ਵਾਰਡ ਹਨ ਅਤੇ ਇਨ੍ਹਾਂ ਵਾਰਡਾਂ ’ਚੋਂ ਕੌਂਸਲਰ ਪੰਜ ਸਾਲ ਦੇ ਕਾਰਜਕਾਲ ਲਈ ਚੁਣੇ ਜਾਂਦੇ ਹਨ। ਚੋਣ ਕਮਿਸ਼ਨਰ ਵੱਲੋਂ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਨਾਮਜ਼ਦਗੀਆਂ, ਨਾਮਜ਼ਦਗੀਆਂ ਵਾਪਸ ਲੈਣ, ਵੋਟਾਂ ਪੈਣ ਅਤੇ ਨਤੀਜਿਆਂ ਦੀਆਂ ਤਰੀਕਾਂ ਹੁਣ ਸਪੱਸ਼ਟ ਹੋ ਗਈਆਂ ਹਨ ਅਤੇ ਚੋਣ ਲੜਨ ਦੇ ਚਾਹਵਾਨ ਵਿਅਕਤੀ ਅਤੇ ਸਿਆਸੀ ਪਾਰਟੀਆਂ ਨੇ ਵੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਜਨ ਸੰਪਰਕ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਪਿਛਲੀਆਂ ਚੋਣਾਂ ’ਚ ‘ਆਪ’ ਨੇ ਜਿੱਤੀਆਂ ਸਨ ਸਭ ਤੋਂ ਵੱਧ ਸੀਟਾਂ ਪਿਛਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਨੇ ਸਭ ਤੋਂ ਵੱਧ ਸੀਟਾਂ ਜਿੱਤੀਆਂ ਸਨ ਪ੍ਰੰਤੂ ਦੂਜੇ ਨੰਬਰ ’ਤੇ ਆਈ ਭਾਜਪਾ ਨੇ ਕਈ ਸਮੀਕਰਨ ਵਿਗਾੜ ਦਿੱਤੇ ਸਨ। ਇਨ੍ਹਾਂ ਚੋਣਾਂ ’ਚ ਕਾਂਗਰਸ ਸਮੇਤ ਹੋਰਨਾਂ ਪਾਰਟੀਆਂ ਨੇ ਵੀ ਆਪਣੇ ਉਮੀਦਵਾਰ ਚੋਣ ਮੈਦਾਨ ’ਚ ਉਤਾਰੇ ਸਨ। ਇਸ ਵਾਰ ਵੀ ਨਗਰ ਨਿਗਮ ’ਤੇ ਕਾਬਜ਼ ਹੋਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਵਿਚਕਾਰ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲੇਗਾ।