ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : VIP ਕਲਚਰ 'ਤੇ ਭਗਵੰਤ ਮਾਨ ਸਰਕਾਰ ਨੇ ਇੱਕ ਹੋਰ ਹਮਲਾ ਕੀਤਾ ਹੈ। ਪੰਜਾਬ ਸਰਕਾਰ ਨੇ ਹੁਣ ਜੇਲ੍ਹਾਂ 'ਚ ਵੀਆਈਪੀ ਕਲਚਰ ਖ਼ਤਮ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਇਕ ਵੀਡੀਓ ਜਾਰੀ ਕੀਤੀ ਹੈ ਜਿਸ ਵਿਚ ਉਨ੍ਹਾਂ ਇਸ ਸਬੰਧੀ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ 'ਚ ਵੀਆਈਪੀ ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾਕਿ ਪੰਜਾਬ ਦੀਆਂ ਜੇਲ੍ਹਾਂ 'ਚ ਲਗਾਤਾਰ ਸਰਚ ਅਭਿਆਨ ਜਾਰੀ ਹੈ। ਹੁਣ ਤਕ 710 ਮੋਬਾਈਲ ਬਰਾਮਦ ਹੋਏ ਹਨ। ਇਸ ਲਈ ਹੁਣ ਜੇਲ੍ਹ ਅੰਦਰੋਂ ਕਾਲਾ ਧੰਦਾ ਨਹੀਂ ਚੱਲੇਗਾ। ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਜਾਵੇਗਾ। ਸੁਧਾਰ ਘਰ ਹੁਣ ਅਸਲ ਵਿੱਚ ਅਪਰਾਧੀਆਂ ਦਾ ਸੁਧਾਰ ਕਰਨਗੇ।

ਪੰਜਾਬ ਦੀਆਂ ਜੇਲ੍ਹਾਂ 'ਚੋਂ VIP ਕਲਚਰ ਖ਼ਤਮ ਹੋਵੇਗਾ, ਵੱਖ-ਵੱਖ ਜੇਲ੍ਹਾਂ 'ਚੋਂ ਤਲਾਸ਼ੀ ਮੁਹਿੰਮ ਚਲਾਈ ਗਈ, ਪਿਛਲੇ ਪੰਜਾਹ ਦਿਨਾਂ 'ਚ 710 ਮੋਬਾਈਲ ਫ਼ੋਨ ਫੜੇ ਗਏ। ਇਨ੍ਹਾਂ ਮੋਬਾਈਲਾਂ ਦੀ ਵਰਤੋਂ ਜੇਲ੍ਹਾਂ 'ਚ ਬੰਦ ਗੈਂਗਸਟਰਾਂ ਵੱਲੋਂ ਆਪਣੇ ਧੰਦੇ ਨੂੰ ਚਲਾਉਣ ਲਈ ਕੀਤੀ ਜਾਂਦੀ ਸੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਸੰਦੇਸ਼ ਜਾਰੀ ਕਰ ਕੇ ਦਿੱਤੀ।

ਮਾਨ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਲ੍ਹਾਂ 'ਚੋਂ ਚੱਲ ਰਹੇ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਦੀ ਘੰਟੀ ਨਹੀਂ ਵੱਜੇਗੀ। ਇਹ ਮੋਬਾਈਲ ਜੇਲ੍ਹਾਂ ਵਿੱਚ ਕਿਵੇਂ ਪਹੁੰਚੇ, ਇਸ ਪਿੱਛੇ ਕੌਣ-ਕੌਣ ਅਤੇ ਕਿਹੜੇ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹਨ। ਇਸ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਕਈ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਕਾਰਵਾਈ ਕਰਦੇ ਹੋਏ ਮੁਅੱਤਲ ਵੀ ਕੀਤੇ ਗਏ ਹਨ, ਜਿਨ੍ਹਾਂ ਦੇ ਨਾਂ 'ਤੇ ਮੋਬਾਈਲ ਸਿਮ ਰਜਿਸਟਰਡ ਹਨ, ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਜਾ ਰਹੀ ਹੈ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਵੀਆਈਪੀ ਏਰੀਆ ਤਬਦੀਲ ਹੋਣਗੇ ਪ੍ਰਸ਼ਾਸਨਿਕ ਕੰਪਲੈਕਸ 'ਚ

ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਨੂੰ ਸੁਧਾਰ ਘਰ ਬਣਾਇਆ ਜਾਵੇਗਾ। ਅਦਾਲਤ ਤੋਂ ਸਜ਼ਾ ਮਿਲਣ ਤੋਂ ਬਾਅਦ ਜੇਲ੍ਹ ਜਾਣ ਵਾਲਾ ਵੀਆਈਪੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜੇਲ੍ਹਾਂ 'ਚ ਵੀਆਈਪੀਜ਼ ਲਈ ਵੀਆਈਪੀ ਕਮਰੇ, ਬੈਡਮਿੰਟਨ ਕੋਟ ਜਾਂ ਹੋਰ ਕਿਸਮ ਦੇ ਵੀਆਈਪੀ ਏਰੀਆ ਹਨ। ਇਨ੍ਹਾਂ ਸਾਰੇ ਖੇਤਰਾਂ ਨੂੰ ਪ੍ਰਬੰਧਕੀ ਕੰਪਲੈਕਸ 'ਚ ਤਬਦੀਲ ਕੀਤਾ ਜਾਵੇਗਾ ਤਾਂ ਜੋ ਜੇਲ੍ਹ ਸਟਾਫ ਉਥੇ ਆਪਣਾ ਕੰਮ ਕਰ ਸਕੇ। ਜੇਲ੍ਹਾਂ 'ਚ ਜਾਣ ਵਾਲੇ ਕੈਦੀ ਸੁਧਰ ਕੇ ਬਾਹਰ ਆਉਣ, ਉਨ੍ਹਾਂ ਨੂੰ ਵੀਆਈਪੀ ਟ੍ਰੀਟਮੈਂਟ ਜੇਲ੍ਹਾਂ 'ਚ ਨਾ ਮਿਲਣ, ਇਸ ਲਈ ਇਹ ਫ਼ੈਸਲਾ ਲਿਆ ਗਿਆ ਹੈ। ਜੇਲ੍ਹਾਂ ਨੂੰ ਸੁਧਾਰ ਘਰ ਬਣਾਇਆ ਜਾ ਰਿਹਾ ਹੈ। ਜੇਕਰ ਜੇਲ੍ਹਾਂ ਤੋਂ ਕੋਈ ਵੀਆਈਪੀ ਸਾਮਾਨ ਮਿਲਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਜੇਲ੍ਹ ਸਟਾਫ ਦੀ ਹੋਵੇਗੀ। ਜੇਲ੍ਹ ਸਟਾਫ ਨੂੰ ਇਸ ਦਾ ਜਵਾਬ ਦੇਣਾ ਪਵੇਗਾ। ਅਧਿਕਾਰੀਆਂ 'ਤੇ ਕਾਰਵਾਈ ਹੋਵੇਗੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਮਾਨ ਵੀਡੀਓ ਸੰਦੇਸ਼ ਜਾਰੀ ਕਰ ਕੇ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ, 300 ਯੂਨਿਟ ਬਿਜਲੀ ਮੁਫ਼ਤ ਕਰਨ, ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਛੁਡਵਾਉਣ ਤੋੰ ਇਲਾਵਾ ਕਈ ਐਲਾਨ ਕਰ ਚੁੱਕੇ ਹਨ।

Posted By: Seema Anand