- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤੀ ਯਾਤਰਾ: ਭਾਜਪਾ ਵੱਲੋਂ ਮੁਹਾਲੀ ’ਚ ਸ਼ਕਤੀ ਪ੍ਰਦਰਸ਼ਨ

-ਮੁਹਾਲੀ ਦੇ ਫੇਜ਼-11 ਤੋਂ ਫੇਜ਼-1 ਤੱਕ ਕੱਢੀ ਨਸ਼ਾ ਮੁਕਤੀ ਯਾਤਰਾ
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ
ਮੁਹਾਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਮੁਹਾਲੀ ਵਿਚ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਨਸ਼ਾ ਮੁਕਤੀ ਯਾਤਰਾ ਦਾ ਮੁਹਾਲੀ ਪਹੁੰਚਣ ’ਤੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਭਾਜਪਾ ਵਲੋਂ ਸ਼ਕਤੀ ਪ੍ਰਦਰਸ਼ਨ ਕਰਦਿਆਂ ਫੇਜ਼-11 ਅਤੇ ਫੇਜ਼-1 ਦੇ ਰਾਮਲੀਲਾ ਮੈਦਾਨ ’ਚ ਦੋ ਰੈਲੀਆਂ ਕੀਤੀਆਂ ਗਈਆਂ। ਇਨ੍ਹਾਂ ਦੋਵਾਂ ਥਾਵਾਂ ’ਤੇ ਪਾਰਟੀ ਵਰਕਰਾਂ ਅਤੇ ਲੋਕਾਂ ਦੀ ਵੱਡੀ ਗਿਣਤੀ ਦੇਖਣ ਨੂੰ ਮਿਲੀ। ਫੇਜ਼-11 ’ਚ ਰੈਲੀ ਤੋਂ ਬਾਅਦ ਇਹ ਯਾਤਰਾ ਵੱਡੇ ਰੱਥਨੁਮਾ ਵਾਹਨਾਂ ਨਾਲ ਫੇਜ਼-1 ਲਈ ਰਵਾਨਾ ਹੋਈ। ਇਸ ਮੌਕੇ ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਮੀਤ ਪ੍ਰਧਾਨ ਸ੍ਰੀਮਤੀ ਆਭਾ ਬਾਂਸਲ, ਸਤਵਿੰਦਰ ਸੱਤੀ, ਅਤੁੱਲ ਸ਼ਰਮਾ ਸਮੇਤ ਹੋਰ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ। ਇਸ ਮੌਕੇ ਬੋਲਦਿਆਂ ਕੇਵਲ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਭਾਜਪਾ ਦੀ ਪੰਜਾਬ ’ਚ ਸਰਕਾਰ ਬਣਨ ਤੋਂ ਬਾਅਦ ਪਹਿਲਾ ਕੰਮ ਪੰਜਾਬ ’ਚੋਂ ਨਸ਼ੇ ਖ਼ਤਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੈ। ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੈ ਅਤੇ ਬਿਜਲੀ ਗੁੱਲ ਰਹਿਣ ਕਾਰਨ ਲੋਕਾਂ ’ਚ ਹਾਹਾਕਾਰ ਮਚੀ ਹੋਈ ਹੈ। ਸਰਕਾਰ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਅਤੇ ਡੀਏ ਦੇਣ ਤੋਂ ਭੱਜ ਰਹੀ ਹੈ ਜਦੋਂਕਿ ਫੌਕੀ ਬੱਲੇ ਬੱਲੇ ਕਰਵਾਉਣ ਲਈ ਇਸ਼ਤਿਹਾਰਬਾਜ਼ੀ ’ਤੇ ਫਜ਼ੂਲ ਖ਼ਰਚੀ ਕੀਤੀ ਜਾ ਰਹੀ ਹੈ।
ਆਸ਼ੀਸ਼ ਸੂਦ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਲੋਕਾਂ ਵੱਲੋਂ ਨਕਾਰਿਆ ਜਾ ਚੁੱਕਾ ਹੈ ਅਤੇ ਹੁਣ ਉਹ ਪੰਜਾਬ ’ਚ ਫਰਾਰੀ ਕੱਟਣ ਆਏ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕੋਲ ਪੰਜਾਬ ਤੋਂ ਇਲਾਵਾ ਅਜਿਹੀ ਕੋਈ ਥਾਂ ਨਹੀਂ ਬਚੀ, ਜਿੱਥੇ ਉਹ ਆਪਣੀ ਐਸ਼ਪਰਸਤੀ ਕਰ ਸਕਣ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਪਰ ਅਜੋਕੇ ਸਮੇਂ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਦੌਰਾਨ ਭਾਜਪਾ ਆਗੂਆਂ ਨੇ ਫੇਜ਼-1 ਸਥਿਤ ਗਊ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪਸ਼ੂਆਂ ਨੂੰ ਹਰਾ ਤੇ ਸੁੱਕਾ ਚਾਰਾ ਪਾਇਆ। ਉਨ੍ਹਾਂ ਆਮ ਨਾਗਿਰਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਗਊਧੰਨ ਦੀ ਰੱਖਿਆ ਲਈ ਅੱਗੇ ਆਉਣ।