ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9.50 ਲੱਖ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਦਕਿ ਬੀਤੇ ਸਾਲ ਪੰਜ ਲੱਖ ਕਿਸਾਨਾਂ ਨੂੰ ਇਸ ਸਕੀਮ 'ਚ ਸ਼ਾਮਲ ਕੀਤਾ ਗਿਆ ਸੀ।

ਸਰਕਾਰ ਵੱਲੋਂ ਇਹ ਸਕੀਮ 20 ਅਗਸਤ 2019 ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਸ਼ੁਰੂ ਕੀਤੀ ਗਈ ਸੀ ਅਤੇ ਸਾਲ 2019-20 ਦੌਰਾਨ 45 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਹੇਠ ਲਿਆਂਦਾ ਗਿਆ ਜੋ ਖ਼ਾਸ ਕਰ ਕੇ ਕੋਵਿਡ ਦੇ ਸੰਕਟ ਦੌਰਾਨ ਪੰਜਾਬ ਦੇ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਈ। ਸੂਬਾ ਸਰਕਾਰ ਨੇ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸੂਚੀਬੱਧ ਕੀਤੇ ਹਸਪਤਾਲਾਂ ਵਿਚ ਕੋਵਿਡ-19 ਦੇ ਇਲਾਜ ਲਈ ਦਰਾਂ ਵੀ ਤੈਅ ਕੀਤੀਆਂ ਗਈਆਂ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਆਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਆਪ੍ਰਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ 'ਚ ਪੰਜ ਲੱਖ ਰੁਪਏ ਤਕ ਦਾ ਇਲਾਜ ਕਰਵਾ ਸਕਦੇ ਹਨ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਦੇ ਪਹਿਲੇ ਸਾਲ ਦੌਰਾਨ ਪੰਜ ਲੱਖ ਕਿਸਾਨ ਇਸ ਯੋਜਨਾ ਦੇ ਘੇਰੇ ਹੇਠ ਆਏ ਸਨ ਜਿਨ੍ਹਾਂ ਨੂੰ ਮੰਡੀ ਬੋਰਡ ਵੱਲੋਂ ਸਾਲ 2015 ਵਿਚ ਜਾਰੀ ਕੀਤੇ 'ਜੇ' ਫਾਰਮਾਂ ਦੇ ਆਧਾਰ 'ਤੇ ਯੋਗ ਪਾਇਆ ਗਿਆ ਸੀ। ਸਾਲ 2020-21 ਦੌਰਾਨ 8.70 ਲੱਖ 'ਜੇ' ਫਾਰਮ ਹੋਲਡਰ ਕਿਸਾਨਾਂ ਅਤੇ 80 ਹਜ਼ਾਰ ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀਬਾੜੀ ਉਪਜ ਵੇਚਣ ਲਈ 'ਜੇ' ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫ਼ਸਲ ਵੇਚਣ ਵਾਲੇ 80 ਹਜ਼ਾਰ ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਨੂੰ ਸਕੀਮ 'ਚ ਸ਼ਾਮਲ ਕਰਨ ਨਾਲ ਸਾਰੇ 9.50 ਲੱਖ ਕਿਸਾਨ ਤੇ ਉਨ੍ਹਾਂ ਦੇ ਪਰਿਵਾਰ 20 ਅਗਸਤ, 2020 ਤੋਂ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ।

ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰਰੀਮੀਅਮ ਅਦਾ ਕੀਤਾ ਜਾਵੇਗਾ ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮੁਹੱਈਆ ਹੋਵੇਗਾ। 'ਜੇ' ਫਾਰਮ ਅਤੇ 'ਗੰਨਾ ਤੋਲ ਪਰਚੀ' ਵਾਲੇ ਸਾਰੇ ਯੋਗ ਕਿਸਾਨਾਂ ਨੂੰ 24 ਜੁਲਾਈ ਤਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਏ ਕੋਲ ਜਮ੍ਹਾਂ ਕਰਵਾਉਣੇ ਹੋਣਗੇ।

ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫਿਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।