ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਦੇ ਇੰਤਜ਼ਾਮ ਮੁਕੰਮਲ : ਡੀਸੀ
ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦੇ ਇੰਤਜ਼ਾਮ ਮੁਕੰਮਲ : ਡੀਸੀ,
Publish Date: Mon, 15 Sep 2025 09:28 PM (IST)
Updated Date: Mon, 15 Sep 2025 09:29 PM (IST)

- ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ ਦੀ ਅਪੀਲ ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਖਰੀਫ਼ ਸੀਜ਼ਨ 2025-26 ਜੋ ਕਿ ਪੰਜਾਬ ਰਾਜ ਵਿਚ 16 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਖਰੀਫ਼ ਸੀਜ਼ਨ 2025-26 ਸਮੁੱਚੇ ਸੂਬੇ ਵਿਚ 16 ਸਤੰਬਰ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਕਿ 30 ਨਵੰਬਰ 2025 ਤਕ ਮੁਕੰਮਲ ਕੀਤਾ ਜਾਵੇਗਾ, ਜਿਸ ਨਾਲ ਮੰਡੀਆਂ ਵਿਚ ਝੋਨੇ ਦੀ ਫ਼ਸਲ ਸਰਕਾਰੀ ਰੇਟ ’ਤੇ ਵੇਚਣ ਲਈ ਕਿਸਾਨਾਂ ਨੂੰ ਹੋਰ ਵਧੇਰੇ ਸਮਾਂ ਮਿਲ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਕੁਦਰਤੀ ਆਫ਼ਤ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਆਮ ਜਨਤਾ ਨੂੰ ਹੜ੍ਹਾਂ ਦੀ ਮੁਸੀਬਤ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹਰ ਇਕ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਰੀਫ਼ ਸੀਜ਼ਨ ਵਿਚ ਵੀ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿਚ ਲਿਆਂਦੀ ਜਾਣ ਵਾਲੀ ਜੀਰੀ ਨੂੰ ਖ਼ਰੀਦਣ ਅਤੇ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਸਮੇਂ ਸਿਰ ਖ਼ਰੀਦ ਕਰਨ ਤੋਂ ਬਾਅਦ, ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿਚ ਹੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦਾ ਇਕੱਲਾ-ਇਕੱਲਾ ਦਾਣਾ ਖ਼ਰੀਦਦਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਪੈਸੀਫਿਕੇਸ਼ਨਾਂ ਅਨੁਸਾਰ 17 ਫ਼ੀਸਦੀ ਨਮੀ ਤਕ ਵਾਲਾ ਝੋਨਾ ਹੀ ਮੰਡੀ ਵਿਚ ਫ਼ਸਲ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਫ਼ਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫ਼ਸਲ ਦੀ ਕੀਮਤ ਵਸੂਲ ਸਕਣ।