ਏਐਸਆਈ ਹਰਜੀਤ ਸਿੰਘ ਦੀ ਹੱਤਿਆ ਨੇ ਖੜ੍ਹੇ ਕੀਤੇ ਸਵਾਲ: ਸੰਧੂ ਏਐਸਆਈ ਹਰਜੀਤ ਸਿੰਘ ਦੀ ਹੱਤਿਆ ਨੇ ਕਾਨੂੰਨ-ਵਿਵਸਥਾ ’ਤੇ ਖੜ੍ਹੇ ਕੀਤੇ ਸਵਾਲ: ਸੰਧੂ
Publish Date: Mon, 21 Sep 2026 07:45 PM (IST)
Updated Date: Tue, 22 Sep 2026 04:08 AM (IST)
ਪੰਜਾਬ ’ਚ ਆਮ ਨਾਗਰਿਕ ਹੀ ਨਹੀਂ, ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਭਗਤਾਂਵਾਲਾ ਅਨਾਜ ਮੰਡੀ ਨੇੜੇ ਦੋ ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਏਐਸਆਈ ਹਰਜੀਤ ਸਿੰਘ ਦੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸੂਬਾ ਕਾਰਜਕਾਰੀ ਕਮੇਟੀ ਦੇ ਮੈਂਬਰ ਅਤੇ ਬੁਲਾਰੇ ਜਸਨਦੀਪ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀ ਨੂੰ ਹੀ ਨਿਸ਼ਾਨਾ ਬਣਾਇਆ ਜਾਵੇ ਤਾਂ ਇਹ ਸਰਕਾਰ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਸੰਧੂ ਨੇ ਕਿਹਾ ਕਿ ਇਸ ਸਾਲ ਪੰਜਾਬ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ’ਤੇ ਹੋਏ ਹੋਰ ਹਮਲਿਆਂ ਨੂੰ ਵੀ ਗੰਭੀਰਤਾ ਨਾਲ ਦੇਖਣ ਦੀ ਲੋੜ ਹੈ। ਉਨ੍ਹਾਂ ਏਐਸਆਈ ਜੋਗਾ ਸਿੰਘ ਅਤੇ ਏਐਸਆਈ ਗੁਰਨਾਮ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਨਾਲ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੁਲਿਸ ਦੀ ਸੁਰੱਖਿਆ ਅਤੇ ਖੁਫੀਆ ਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਦੀ ਹੱਤਿਆ ਦੀ ਡੂੰਘਾਈ ਨਾਲ ਜਾਂਚ ਕਰਕੇ ਇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਅਤੇ ਸਾਜ਼ਿਸ਼ ਦੀਆਂ ਕੜੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਤਾਜ਼ਾ ਪੁਲਿਸ ਜਾਂਚ ਵਿੱਚ ਇੱਕ ਮੁਲਜ਼ਮ ਦੇ ਪਾਕਿਸਤਾਨ ਸਥਿਤ ਤੱਤਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਉੱਥੇ ਹੀ ਇੱਕ ਸ਼ੱਕੀ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ। ਸੰਧੂ ਨੇ ਕਿਹਾ ਕਿ ਸਰਕਾਰ ਨੂੰ ਸਿਰਫ਼ ਮੁਆਵਜ਼ੇ ਦੇ ਐਲਾਨ ਤੱਕ ਸੀਮਤ ਨਾ ਰਹਿੰਦੇ ਹੋਏ ਪੁਲਿਸ ਦੀ ਸੁਰੱਖਿਆ, ਖੁਫੀਆ ਪ੍ਰਬੰਧ ਅਤੇ ਜ਼ਮੀਨੀ ਪੱਧਰ ’ਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਹਰਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ।