ਵਿਧਾਨ ਸਭਾ ਵੱਲ ਕੂਚ ਕਰਦੇ ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਪੁਲਿਸ ਨੇ ਰਾਹ ਰੋਕਿਆ, ਲਾਠੀਚਾਰਜ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਵੱਲੋਂ ਵਿਧਾਨ ਸਭਾ ਵੱਲ ਕੂਚ, ਪੁਲਿਸ ਨੇ ਰਾਹ ਰੋਕਿਆ,
Publish Date: Tue, 04 Aug 2026 08:20 PM (IST)
Updated Date: Wed, 05 Aug 2026 04:11 AM (IST)
ਫੋਟੋ ਕੈਪਸ਼ਨ : ਮੁਹਾਲੀ ਵਿਚ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕਰਦੇ ਹੋਏ ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ। 16ਪੀ ਫੋਟੋ ਕੈਪਸ਼ਨ : ਰੋਸ ਮਾਰਚ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀ ਖਹਿਬੜਦੇ ਹੋਏ। 17ਪੀ * 13 ਨੂੰ ਸੀਐੱਮ ਮਾਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਕੀਤਾ ਸ਼ਾਂਤ * ਮੀਟਿੰਗ ਤੋਂ ਸੀਐੱਮ ਵੱਲੋਂ ਭੱਜਣ ’ਤੇ ਆਜ਼ਾਦੀ ਦਿਹਾੜੇ ਦੇ ਸਮਾਗਮ ’ਚ ਖੱਖਲ ਪਾਉਣ ਦੀ ਚਿਤਾਵਨੀ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਗਿਆ। ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਅੱਜ ਸਵੇਰੇ 11 ਵਜੇ ਮੁਹਾਲੀ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ ਤੇ ਦੁਪਹਿਰ ਤੱਕ ਵੱਡੀ ਭੀੜ ਜਮ੍ਹਾਂ ਹੋ ਗਈ। ਇੱਥੋਂ ਉਨ੍ਹਾਂ ਵੱਡੇ ਕਾਫ਼ਲੇ ਦੇ ਰੂਪ ’ਚ ਨੇਤਰ ਪਾਰਕ ਸੜਕ ਤੋਂ ਹੁੰਦੇ ਹੋਏ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਯੂਟੀ ਪੁਲਿਸ ਨੇ ਬੁੜੈਲ ਜੇਲ੍ਹ ਦੇ ਪਿੱਛੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਥਾਂ ਉੱਤੇ ਹੀ ਜ਼ਬਰਦਸਤ ਬੈਰੀਕੇਟਿੰਗ ਕਰ ਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ। ਹਾਲਾਂਕਿ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਟ ਹਟਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਹਲਕਾ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਉੱਥੋਂ ਖਿਦੇੜ ਦਿੱਤਾ। ਯੂਨੀਅਨ ਦੇ ਆਗੂ ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦਾ ਭਵਿੱਖ ਖ਼ਤਰੇ ’ਚ ਹੈ। ਪੰਜਾਬ ਦੇ ਸਰਕਾਰੀ ਕਾਲਜਾਂ ਤੇ ਉਚੇਰੀ ਸਿੱਖਿਆ ਨੂੰ ਬਚਾਉਣ ਲਈ ਸਰਕਾਰ ਨੂੰ ਤੁਰੰਤ ਪੰਜਾਬ ਵਿਧਾਨ ਸਭਾ ’ਚ ਵਿਸ਼ੇਸ਼ ਬਿੱਲ ਲਿਆ ਕੇ ਐਕਟ ਪਾਸ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਲਿਖਤੀ ਬਿਆਨ ਜਾਰੀ ਕਰ ਕੇ ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਰੱਖਣ ਦਾ ਭਰੋਸਾ ਦੇਣ। ਡਾ. ਸੋਹੇਲ ਢਿੱਲੋਂ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵੱਲੋਂ 4 ਨਵੰਬਰ 2025 ਨੂੰ ਜਾਰੀ ਪੱਤਰ ਤੁਰੰਤ ਰੱਦ ਕੀਤਾ ਜਾਵੇ ਤੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸਾਰੀਆਂ ਨਿਯਮਿਤ ਛੁੱਟੀਆਂ ਬਹਾਲ ਕੀਤੀਆਂ ਜਾਣ। ਇਸ ਤੋਂ ਇਲਾਵਾ ਆਪਣੇ ਘਰਾਂ ਤੋਂ ਦੂਰ ਸੇਵਾਵਾਂ ਨਿਭਾਅ ਰਹੇ ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀਆਂ ਨਜ਼ਦੀਕੀ ਸਟੇਸ਼ਨਾਂ ਤੇ ਬਦਲੀਆਂ ਲਈ ਤੁਰੰਤ ਪੋਰਟਲ ਖੋਲ੍ਹਿਆ ਜਾਵੇ। ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਕਈ ਸਰਕਾਰੀ ਕਾਲਜਾਂ ’ਚ ਪ੍ਰਿੰਸੀਪਲਾਂ ਤੇ ਕਾਲਜ ਪ੍ਰਸ਼ਾਸਨਾਂ ਵੱਲੋਂ 1158 ਭਰਤੀ ਦੇ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਤੁਰੰਤ ਨੱਥ ਪਾਈ ਜਾਵੇ। ਪ੍ਰੋ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦਾ ਸੰਘਰਸ਼ ਕਿਸੇ ਇਕ ਵਰਗ ਦੀ ਲੜਾਈ ਨਹੀਂ, ਸਗੋਂ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਉਚੇਰੀ ਸਿੱਖਿਆ ਨੂੰ ਬਚਾਉਣ ਦੀ ਲੜਾਈ ਹੈ। ਮੌਕੇ ’ਤੇ ਪੁੱਜੇ ਐੱਸਡੀਐੱਮ ਤੇ ਡੀਐੱਸਪੀ, ਪ੍ਰਦਰਸ਼ਨਕਾਰੀਆਂ ਤੋਂ ਲਿਆ ਮੰਗ ਪੱਤਰ ਮੁਹਾਲੀ ਦੇ ਐੱਸਡੀਐੱਮ ਦਮਨਦੀਪ ਕੌਰ ਅਤੇ ਡੀਐੱਸਪੀ ਹਰਸਿਮਰਨ ਸਿੰਘ ਬੱਲ ਵੀ ਮੌਕੇ ’ਤੇ ਪਹੁੰਚ ਗਏ ਅਤੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ। ਪੁਲਿਸ ਪ੍ਰਸ਼ਾਸਨ ਨਾਲ ਹੋਈ ਲੰਮੀ ਜੱਦੋ-ਜਹਿਦ ਉਪਰੰਤ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਨਵਰਾਜ ਸਿੰਘ ਬਰਾੜ ਨੇ ਜਥੇਬੰਦੀ ਦੇ ਆਗੂਆਂ ਦੀ ਮੁੱਖ ਮੰਤਰੀ ਨਾਲ 13 ਅਗਸਤ ਨੂੰ ਮੀਟਿੰਗ ਕਰਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ। ਆਗੂਆਂ ਨੇ ਐਲਾਨ ਕੀਤਾ ਜੇਕਰ ਸਰਕਾਰ ਇਸ ਮੀਟਿੰਗ ਤੋਂ ਭੱਜੀ ਤਾਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਮੁੱਖ ਮੰਤਰੀ ਤੇ ਬਾਕੀ ਮੰਤਰੀਆਂ ਦੇ ਸਰਕਾਰੀ ਸਮਾਗਮਾਂ ਵਿਚ ਜ਼ਬਰਦਸਤ ਖਲਲ ਪਾਇਆ ਜਾਵੇਗਾ ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।