ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਪਬਲੀਸਿਟੀ ਵੈਨ ਰਵਾਨਾ
ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਪਬਲੀਸਿਟੀ ਵੈਨ ਰਵਾਨਾ
Publish Date: Wed, 25 Mar 2026 05:32 PM (IST)
Updated Date: Wed, 25 Mar 2026 05:35 PM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਡੀਸੀ ਐੱਸਏਐੱਸ ਨਗਰ ਕੋਮਲ ਮਿੱਤਲ, ਆਈਏਐੱਸ ਦੀ ਅਗਵਾਈ ਹੇਠ ਅਤੇ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਹਾਜ਼ਰੀ ’ਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐੱਸਏਐੱਸ ਨਗਰ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫ਼ੈਲਾਉਣ ਲਈ ਆਈਈਸੀ ਕੰਪੋਨੈਂਟ ਅਧੀਨ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਈਈਸੀ ਕੰਪੋਨੈਂਟ ਤਹਿਤ ਪਿੰਡ ਅਤੇ ਬਲਾਕ ਪੱਧਰ ’ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਿਵੇਂ ਕਿ ਕੈਂਪ, ਨੁੱਕੜ ਨਾਟਕ ਆਦਿ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅਗਲੇ 40 ਦਿਨਾਂ ਤੱਕ ਪਬਲੀਸਿਟੀ ਵੈਨ ਰਾਹੀਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੈਨ ਰਾਹੀਂ ਵਿਭਾਗ ਵੱਲੋਂ ਤਿਆਰ ਕੀਤੇ ਜਾਗਰੂਕਤਾ ਪਰਚਿਆਂ ਦੀ ਵੰਡ ਕੀਤੀ ਜਾਵੇਗੀ ਅਤੇ ਆਡੀਓ ਸੁਨੇਹਿਆਂ ਰਾਹੀਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੁਰੱਖਿਆ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਅਤੇ ਜੀਵ-ਜੰਤੂਆਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਐੱਸਏਐੱਸ ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਤੂੜੀ ਤਿਆਰ ਕੀਤੀ ਜਾਵੇ ਅਤੇ ਇਸਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਤੂੜੀ ਸੁੱਕੇ ਚਾਰੇ ਵਜੋਂ ਸਾਲ ਭਰ ਵਰਤੀ ਜਾ ਸਕਦੀ ਹੈ ਅਤੇ ਇਸ ਦਾ ਮੰਡੀ ਵਿਚ ਵਧੀਆ ਭਾਅ ਵੀ ਮਿਲਦਾ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਦਿਆਲ ਕੁਮਾਰ, ਡਾ. ਜਸਵਿੰਦਰ ਸਿੰਘ, ਡਾ. ਹਰਮੀਤ ਕੌਰ (ਕੇਵੀਕੇ), ਗੁਰਚਮਨ ਸਿੰਘ ਤਕਨੀਕੀ ਸਹਾਇਕ, ਰੁਪਿੰਦਰ ਸਿੰਘ ਅੰਕੜਾ ਸਹਾਇਕ, ਸੁਰਿੰਦਰ ਸਿੰਘ ਸੀਨੀਅਰ ਸਹਾਇਕ, ਲਖਵਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ ਸਮੇਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।