ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ
ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ
Publish Date: Mon, 04 May 2026 09:05 PM (IST)
Updated Date: Mon, 04 May 2026 09:08 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵਿਖੇ ਸਕੂਲੀ ਬੱਸਾਂ ਦੇ ਚਾਲਕਾਂ (ਡਰਾਈਵਰਾਂ) ਅਤੇ ਮਹਿਲਾ ਅਟੈਂਡੈਂਟਾਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ ਡੇਰਾਬੱਸੀ ਸੁਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਟਾਫ਼ ਨੂੰ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦੌਰਾਨ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਡਰਾਈਵਰਾਂ ਨੂੰ ਨਿਰਧਾਰਤ ਗਤੀ ਸੀਮਾ ਦੇ ਅੰਦਰ ਬੱਸ ਚਲਾਉਣ ਅਤੇ ਸੜਕੀ ਸੰਕੇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਉਂਕਿ ਇਹ ਬੱਚਿਆਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਸਕਦਾ ਹੈ। ਇਸ ਮੌਕੇ ਮਹਿਲਾ ਅਟੈਂਡੈਂਟਾਂ ਨੂੰ ਬੱਚਿਆਂ ਦੇ ਬੱਸ ਚੜ੍ਹਨ ਅਤੇ ਉਤਰਨ ਵੇਲੇ ਵਿਸ਼ੇਸ਼ ਧਿਆਨ ਰੱਖਣ ਅਤੇ ਬੱਸ ਦੇ ਅੰਦਰ ਅਨੁਸ਼ਾਸਨ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਬੱਸਾਂ ਦੇ ਸਾਰੇ ਜ਼ਰੂਰੀ ਦਸਤਾਵੇਜ਼, ਫਸਟ-ਏਡ ਕਿੱਟ ਅਤੇ ਅੱਗ ਬੁਝਾਊ ਯੰਤਰਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਕੇ ਹੀ ਅਸੀਂ ਹਾਦਸਿਆਂ ਨੂੰ ਰੋਕ ਸਕਦੇ ਹਾਂ। ਸਕੂਲ ਪ੍ਰਬੰਧਕਾਂ ਨੇ ਟ੍ਰੈਫਿਕ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਸਮੇਂ-ਸਮੇਂ ਤੇ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਸਟਾਫ਼ ਆਪਣੀ ਜ਼ਿੰਮੇਵਾਰੀ ਪ੍ਰਤੀ ਸੁਚੇਤ ਰਹੇ। ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਪ੍ਰਸ਼ਾਸਨ ਸੇਫ ਸਕੂਲ ਵਾਹਨ ਸਕੀਮ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸਕੂਲ ਦਾ ਟਰਾਂਸਪੋਰਟ ਸਟਾਫ਼ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।