ਜੇਐੱਨਐੱਨ, ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ ਐੱਸਪੀ ਬਲਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਬਲਜੀਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿੱਖ ਮੁਜ਼ਾਹਰਾਕਾਰੀਆਂ 'ਤੇ ਪੰਜਾਬ ਪੁਲਿਸ ਵੱਲੋਂ ਗੋਲ਼ੀ ਚਲਾਉਣ ਵੇਲੇ ਬਲਜੀਤ ਸਿੰਘ ਕੋਟਕਪੂਰਾ 'ਚ ਡੀਐੱਸਪੀ ਦੇ ਅਹੁਦੇ 'ਤੇ ਤਾਇਨਾਤ ਸਨ।

ਮਾਮਲੇ 'ਚ ਐੱਸਆਈਟੀ ਵੱਲੋਂ ਬਣਾਏ ਗਏ 6 ਮੁਲਜ਼ਮਾਂ 'ਚ ਸ਼ਾਮਲ ਬਲਜੀਤ ਸਿੰਘ ਦੀ ਗ੍ਰਿਫ਼ਤਾਰੀ 'ਤੇ ਹਾਈ ਕੋਰਟ ਨੇ ਹੁਣ ਤਕ ਅੰਤ੍ਰਿਮ ਰੋਕ ਲਗਾਈ ਹੋਈ ਸੀ। ਹਾਈ ਕੋਰਟ 'ਚ ਦਾਇਰ ਪਟੀਸ਼ਨ 'ਚ ਬਲਜੀਤ ਸਿੰਘ ਨੇ 14 ਅਕਤੂਬਰ 2015 ਨੂੰ ਕੋਟਕਪੂਰ 'ਚ ਦਰਜ ਕੀਤੀ ਗਈ ਐੱਫਆਈਆਰ 'ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।

ਬਲਜੀਤ ਸਿੰਘ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਪਟੀਸ਼ਨਰ ਨੇ ਇਸ ਮਾਮਲੇ ਦੀ ਜਾਂਚ 'ਚ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਹੈ ਤੇ ਐੱਸਆਈਟੀ ਵੱਲੋਂ ਅਦਾਲਤ 'ਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਅਜਿਹੇ ਵਿਚ ਹੁਣ ਕਿਸੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਕੇ ਉਸ ਤੋਂ ਪੁੱਛਗਿੱਛ ਦਾ ਕੋਈ ਕਾਰਨ ਨਹੀਂ ਹੈ। ਉਨ੍ਹਾਂ ਕਿਹਾ ਸੀ ਕਿ ਭਵਿੱਖ ਵਿਚ ਵੀ ਜੇਕਰ ਜ਼ਰੂਰਤ ਹੋਵੇ ਤਾਂ ਪਟੀਸ਼ਨਰ ਪੁਲਿਸ ਨੂੰ ਸਹਿਯੋਗ ਦੇਣ ਲਈ ਤਿਆਰ ਹੈ।

Posted By: Seema Anand