ਸਟੇਟ ਬਿਊਰੋ, ਚੰਡੀਗੜ੍ਹ : ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਰਹੇ ਤੇ ਮੌਜੂਦਾ ਰਾਜ ਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਆਪਣੀ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਸੋਮਵਾਰ ਨੂੰ ਉਨ੍ਹਾਂ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਤੇ ਸੀਬੀਆਈ ਜਾਂਚ ਲਈ ਯਾਦ ਪੱਤਰ ਸੌਂਪਿਆ। ਬਾਜਵਾ ਤੇ ਦੂਲੋ ਨੇ ਚਾਰ ਸਫ਼ਿਆਂ ਦਾ ਸਾਂਝਾ ਪੱਤਰ ਰਾਜਪਾਲ ਨੂੰ ਸੌਂਪ ਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਤੇ ਉਨ੍ਹਾਂ ਦੀ ਪਤਨੀ ਦੇ ਸੰਸਦੀ ਹਲਕੇ 'ਚ ਨਾਜਾਇਜ਼ ਸ਼ਰਾਬ ਦੀਆਂ ਫੈਕਟਰੀਆਂ ਚੱਲ ਰਹੀਆਂ ਹਨ। ਉਹ ਕਈ ਵਾਰੀ ਇਹ ਮਾਮਲਾ ਉਠਾ ਚੁੱਕੇ ਹਨ ਤੇ ਮੁੱਖ ਮੰਤਰੀ ਨੂੰ ਇਸ ਬਾਰੇ ਲਿਖ ਵੀ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਕੋਰੋਨਾ ਕਾਰਨ ਲਾਕਡਾਊਨ 'ਚ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਵਿਕੀ। ਸ਼ਰਾਬ ਮਾਫ਼ੀਆ ਦੇ ਲਾਲਚ ਨੇ ਲੋਕਾਂ ਦੀ ਜਾਨ ਲੈ ਲਈ ਹੈ। ਇਸ ਦੇ ਨਾਲ ਹੀ ਦੋਸ਼ ਵੀ ਲਗਾਏ ਕਿ ਮੁੱਖ ਮੰਤਰੀ ਨੂੰ ਇਸ ਨਾਜਾਇਜ਼ ਕਾਰੋਬਾਰ ਬਾਰੇ ਪੂਰੀ ਜਾਣਕਾਰੀ ਹੈ ਇਸ ਲਈ ਉਨ੍ਹਾਂ ਤੋਂ ਇਸ ਕੇਸ 'ਚ ਨਿਰਪੱਖ ਜਾਂਚ ਦੀ ਉਮੀਦ ਕੀਤੀ ਜਾ ਸਕਦੀ ਹੈ। ਇਸ ਲਈ ਇਸ ਨਾਜਾਇਜ਼ ਕਾਰੋਬਾਰ ਦਾ ਸੱਚ ਸਾਹਮਣੇ ਲਿਆਉਣ ਲਈ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ।

Posted By: Jagjit Singh