ਜੈ ਸਿੰਘ ਛਿੱਬਰ, ਚੰਡੀਗੜ੍ਹ : ਠੇਕਾ ਆਧਾਰਿਤ, ਕੱਚੇ ਮੁਲਾਜ਼ਮਾਂ, ਐਡਹਾਕ, ਦਿਹਾੜੀਦਾਰ, ਅਸਥਾਈ ਤੇ ਹੋਰ ਕਾਮਿਆਂ ਨੂੰ ਨਿਯਮਿਤ (ਰੈਗੂਲਰ) ਕਰਨ ਲਈ ਗਠਿਤ ਕੈਬਨਿਟ ਸਬ ਕਮੇਟੀ ਵਿਚ ਵਾਧਾ ਕੀਤਾ ਹੈ। ਬਕਾਇਦਾ ਸਰਕਾਰ ਨੇ ਕਮੇਟੀ 'ਚ ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸ਼ਾਮਲ ਕਰਕੇ ਨੋਟੀਫਿਕੇਸ਼ਨ ਕਰ ਦਿੱਤਾ ਹੈ।

ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਰਕਾਰ ਨੇ 3 ਜੁਲਾਈ 2019 ਨੂੰ ਗਠਿਤ ਕੀਤੀ ਕੈਬਨਿਟ ਸਬ ਕਮੇਟੀ 'ਚ ਮਾਮੂਲੀ ਸੋਧ ਕੀਤੀ ਹੈ। ਕਮੇਟੀ ਵਿਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਧਾਰਿਤ ਕਮੇਟੀ ਗਠਿਤ ਕੀਤੀ ਹੈ। ਸਕੱਤਰ ਪ੍ਰਸੋਨਲ ਨੂੰ ਕਮੇਟੀ ਦੀ ਮੀਟਿੰਗ ਕਰਵਾਉਣ, ਏਜੰਡਾ ਅਤੇ ਕਾਰਵਾਈ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਕੱਚੇ ਮੁਲਾਜ਼ਮਾਂ, ਠੇਕਾ ਅਧਾਰਿਤ ਮੁਲਾਜ਼ਮਾਂ ਸਮੇਤ ਹੋਰਨਾਂ ਵੱਲੋਂ ਅਕਾਲੀ ਭਾਜਪਾ ਸਰਕਾਰ ਦੌਰਾਨ ਰੈਗੂਲਰ ਕਰਨ ਲਈ ਧਰਨਾ ਮੁਜ਼ਾਹਰਾ ਕੀਤਾ ਜਾਂਦਾ ਰਿਹਾ ਹੈ। ਅਕਾਲੀ ਭਾਜਪਾ ਸਰਕਾਰ ਨੇ ਜਾਂਦੇ ਜਾਂਦੇ ਵਿਧਾਨ ਸਭਾ ਵਿਚ ਇਨ੍ਹਾਂ ਕਾਮਿਆਂ ਨੂੰ ਪੱਕਾ ਕਰਨ ਲਈ ਕਾਨੂੰਨ, ਨਿਯਮਾਂ ਵਿਚ ਸੋਧ ਵੀ ਕੀਤੀ ਸੀ ਪਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਵੋਟਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰÎਘ ਸਮੇਤ ਹੋਰਨਾਂ ਕਾਂਗਰਸੀ ਆਗੂਆਂ ਨੇ ਕਾਂਗਰਸ ਦੀ ਅਗਵਾਈ ਹੇਠ ਸਰਕਾਰ ਬਣਨ 'ਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਵਾਅਦੇ ਨੂੰ ਅਮਲੀ ਰੂਪ ਦੇਣ ਲਈ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਗਠਿਤ ਕੀਤੀ ਸੀ। ਮੰਗਲਵਾਰ ਨੂੰ ਇਸ ਕਮੇਟੀ ਵਿਚ ਵਾਧਾ ਕਰ ਦਿੱਤਾ ਗਿਆ ਜਦਕਿ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਜਾਰੀ ਹਨ।

Posted By: Jagjit Singh