ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਅਤੇ ਭਾਜਪਾ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹਦਿਆਂ ਬਲਬੀਰ ਸਿੱਧੂ ਨੇ ਚੁੱਕੇ ਸਵਾਲ ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਅਤੇ ਭਾਜਪਾ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹਦਿਆਂ ਬਲਬੀਰ ਸਿੱਧੂ ਨੇ ਚੁੱਕੇ ਸਵਾਲ
Publish Date: Wed, 23 Sep 2026 09:05 PM (IST)
Updated Date: Wed, 23 Sep 2026 09:06 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ’ਚ ਵੱਧ ਰਹੇ ਨਸ਼ਿਆਂ ਦੇ ਕਹਿਰ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਭਾਜਪਾ ਦੀ ‘ਨਸ਼ਾ ਮੁਕਤ ਯਾਤਰਾ’ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨਾਅਰੇ ਲਗਾਉਣ ਅਤੇ ਯਾਤਰਾਵਾਂ ਕੱਢਣ ਨਾਲ ਨਸ਼ਾ ਖ਼ਤਮ ਨਹੀਂ ਹੋਵੇਗਾ, ਸਰਕਾਰ ਨੂੰ ਨਸ਼ੇ ਦੀ ਸਪਲਾਈ ਲਾਈਨ ਤੋੜਨ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਠੋਸ ਕਾਰਵਾਈ ਕਰਨੀ ਪਵੇਗੀ। ਬਲਬੀਰ ਸਿੱਧੂ ਨੇ ਪੰਜਾਬ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਹਰ ਪੰਜਾਬੀ ਨੂੰ ਇਸ ਲੜਾਈ ’ਚ ਆਵਾਜ਼ ਬੁਲੰਦ ਕਰਨੀ ਪਵੇਗੀ। ਇਸੇ ਮੰਤਵ ਨਾਲ ਵੀਰਵਾਰ ਨੂੰ ਸਵੇਰੇ 10 ਵਜੇ ਮੁਹਾਲੀ ਵਿਖੇ ਐੱਸਐੱਸਪੀ ਦਫ਼ਤਰ ਦੇ ਬਾਹਰ ਨਸ਼ਿਆਂ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਬਣਨ ਤੋਂ ਬਾਅਦ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਲਗਾਤਾਰ ਗੰਭੀਰ ਬਣੀ ਹੋਈ ਹੈ। ਜੇਕਰ ਸਰਕਾਰ ਦੇ ਦਾਅਵੇ ਸੱਚੇ ਹਨ ਤਾਂ ਫਿਰ ਹਰ ਰੋਜ਼ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ, ਨੌਜਵਾਨਾਂ ਦੀਆਂ ਮੌਤਾਂ ਅਤੇ ਨਸ਼ੇ ਦੀ ਸਪਲਾਈ ਬਾਰੇ ਸਾਹਮਣੇ ਆ ਰਹੀਆਂ ਖ਼ਬਰਾਂ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਭਾਜਪਾ ਨੂੰ ਸਵਾਲ ਕਰਦਿਆਂ ਕਿਹਾ ਕਿ ਜਿਹੜੀ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰਦੀ ਹੈ, ਉਹ ਪਹਿਲਾਂ ਇਹ ਦੱਸੇ ਕਿ ਗੁਜਰਾਤ ’ਚ ਵੱਡੀਆਂ ਨਸ਼ੀਲੀਆਂ ਖੇਪਾਂ ਦੀ ਬਰਾਮਦਗੀ ਕਿਵੇਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਰਿਕਾਰਡ ਮੁਤਾਬਿਕ ਗੁਜਰਾਤ ਬੰਦਰਗਾਹਾਂ ’ਤੇ ਵੀ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਜ਼ਬਤ ਹੋ ਚੁੱਕੀਆਂ ਹਨ। ਜੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਤਾਂ ਦੇਸ਼ ਦੀਆਂ ਬੰਦਰਗਾਹਾਂ ’ਤੇ ਨਸ਼ਿਆਂ ਦੀ ਆਮਦ ਨੂੰ ਰੋਕਣ ਲਈ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਬਜਾਏ ਸਿਆਸੀ ਪ੍ਰਚਾਰ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੰਜਾਬ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ ਅਤੇ ਜਿੱਥੋਂ ਨਸ਼ਿਆਂ ਦੀ ਸਪਲਾਈ ਹੋ ਰਹੀ ਹੈ, ਉੱਥੇ ਸਖ਼ਤ ਕਾਰਵਾਈ ਕਰਨਾ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਦੀ ਜ਼ਿੰਮੇਵਾਰੀ ਹੈ। ਗੁਲਜ਼ਾਰ ਸਿੰਘ ਮਾਮਲੇ ਦਾ ਹਵਾਲਾ ਦਿੰਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਚੁੱਕਣ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਹਰ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ, ਜਿਸ ਨੇ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਸੀ। ਉਸ ਦੀ ਆਵਾਜ਼ ਸੁਣਨ ਦੀ ਬਜਾਏ ਉਸ ਦੀ ਹਮੇਸ਼ਾ ਲਈ ਆਵਾਜ਼ ਬੰਦ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਮੋਹਨਜੀਤ ਸਿੰਘ ਨਾਲ ਪੰਜਾਬ ਸਰਕਾਰ ਦੀ ਪੁਲਿਸ ਵੱਲੋਂ ਤਸ਼ੱਦਦ ਕੀਤਾ ਗਿਆ, ਜੋ ਬੇਹੱਦ ਨਿੰਦਣਯੋਗ ਹੈ।